Punjab Panchayat Election: ਪੰਜਾਬ 'ਚ ਹੋ ਰਹੀਆਂ ਪੰਚਾਇਤੀ ਚੋਣਾਂ ਦੌਰਾਨ ਕਈ ਥਾਈਂ ਖੜਕਾ-ਦੜਕਾ ਹੋਣ ਦੀਆਂ ਖਬਰਾਂ ਆ ਰਹੀਆਂ ਹਨ। ਇਸ ਤੋਂ ਇਲਾਵਾ ਕਈ ਥਾਵਾਂ ਉੁਪਰ ਵੋਟਿੰਗ ਰੱਦ ਵੀ ਕੀਤੀ ਗਈ ਹੈ। ਸਵੇਰੇ ਵੋਟਿੰਗ ਦੀ ਰਫਤਾਰ ਮੱਠੀ ਰਹੀ। ਰਿਪੋਰਟਾਂ ਮੁਤਾਬਕ 10 ਵਜੇ ਤੱਕ 10.5 ਫੀਸਦੀ ਹੀ ਵੋਟਿੰਗ ਹੋਈ। 


ਹਾਸਲ ਜਾਣਕਾਰੀ ਮੁਤਾਬਕ ਲੁਧਿਆਣਾ ਦੇ ਜਗਰਾਉਂ ਦੇ ਪਿੰਡ ਪੋਨਾ ਤੇ ਪਿੰਡ ਡੱਲਾ ਵਿੱਚ ਸਰਪੰਚ ਦੀਆਂ ਚੋਣਾਂ ਰੱਦ ਕਰਨ ਦੇ ਹੁਕਮ ਦਿੱਤੇ ਗਏ ਹਨ। ਵੋਟਿੰਗ ਤੋਂ ਕੁਝ ਘੰਟੇ ਪਹਿਲਾਂ ਹੀ ਡੀਸੀ ਵੱਲੋਂ ਇਹ ਹੁਕਮ ਜਾਰੀ ਕੀਤੇ ਗਏ। ਸੂਤਰਾਂ ਮੁਕਾਬਕ ਅਜਿਹਾ ਇਸ ਲਈ ਕੀਤਾ ਗਿਆ ਕਿਉਂਕਿ ਐਨਓਸੀ ਸਬੰਧੀ ਕੁਝ ਸ਼ਿਕਾਇਤਾਂ ਮਿਲੀਆਂ ਸਨ ਜਿਸ ਦੇ ਆਧਾਰ 'ਤੇ ਇਹ ਫੈਸਲਾ ਲਿਆ ਗਿਆ। ਇਸੇ ਤਰ੍ਹਾਂ ਜਗਰਾਓਂ ਦੇ ਪਿੰਡ ਕੋਠੇ ਅਠਚੱਕ 'ਚ ਜਿਵੇਂ ਹੀ ਵੋਟਿੰਗ ਸ਼ੁਰੂ ਹੋਈ ਤਾਂ ਝਗੜਾ ਹੋ ਗਿਆ। ਲੋਕਾਂ ਦੇ ਹੰਗਾਮੇ ਤੋਂ ਬਾਅਦ ਇੱਥੇ ਵੋਟਿੰਗ ਰੁਕ ਗਈ। 



ਇਸੇ ਤਰ੍ਹਾਂ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਸੋਹਲ ਸੈਨ ਵਿੱਚ ਪੋਲਿੰਗ ਬੂਥ ਦੇ ਬਾਹਰ ਗੋਲੀਬਾਰੀ ਹੋਈ। ਗੋਲੀ ਲੱਗਣ ਨਾਲ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ। ਵੋਟ ਪਾਉਣ ਲਈ ਕਤਾਰ ਵਿੱਚ ਖੜ੍ਹੇ ਲੋਕਾਂ ਵਿਚਾਲੇ ਝਗੜਾ ਹੋ ਗਿਆ। ਗੁਰਦਾਸਪੁਰ ਦੇ ਪਿੰਡ ਬੱਬੇਹਾਲੀ ਵਿੱਚ ਵੀ ਮਾਹੌਲ ਗਰਮ ਹੋ ਗਿਆ। ਪਿੰਡ ਵਿੱਚ ਕੁਝ ਬਾਹਰੀ ਵਿਅਕਤੀਆਂ ਦੇ ਆਉਣ ’ਤੇ ਪਿੰਡ ਵਾਸੀਆਂ ਨੇ ਇਤਰਾਜ਼ ਪ੍ਰਗਟਾਇਆ। ਪਿੰਡ ਵਾਸੀਆਂ ਨੇ ਇਸ ਸਬੰਧੀ ਪੁਲਿਸ ਤੇ ਪ੍ਰਸ਼ਾਸਨ ਦੀ ਟੀਮ ਨੂੰ ਸੂਚਿਤ ਕੀਤਾ।


ਦੱਸ ਦਈਏ ਕਿ ਪੰਜਾਬ 'ਚ ਪੰਚਾਇਤੀ ਚੋਣਾਂ ਲਈ ਵੋਟਾਂ ਸਵੇਰੇ 8 ਵਜੇ ਤੋਂ ਸ਼ੁਰੂ ਹੋ ਗਈਆਂ। ਸਵੇਰੇ 10 ਵਜੇ ਤੱਕ 10.5 ਫੀਸਦੀ ਵੋਟਿੰਗ ਹੋਈ। ਰਾਜ ਵਿੱਚ ਕੁੱਲ 13,937 ਗ੍ਰਾਮ ਪੰਚਾਇਤਾਂ ਹਨ। ਈਵੀਐਮ ਦੀ ਬਜਾਏ ਬੈਲਟ ਪੇਪਰ ਰਾਹੀਂ ਚੋਣਾਂ ਕਰਵਾਈਆਂ ਜਾ ਰਹੀਆਂ ਹਨ। ਬੈਲਟ ਪੇਪਰ 'ਤੇ NOTA ਦਾ ਵਿਕਲਪ ਵੀ ਹੈ।


ਇਹ ਵੀ ਪੜ੍ਹੋ: ਜਲੰਧਰ 'ਚ ਤੇਜ਼ ਰਫਤਾਰ ਕਾਰ ਨੇ ਮਚਾਈ ਤਬਾਹੀ, ਗੋਲਗੱਪਿਆਂ ਦੀ ਰੇਹੜੀ ਨੂੰ ਮਾਰੀ ਟੱਕਰ, ਹਸਪਤਾਲ ' ਚ ਭਰਤੀ


ਇਸ ਵਾਰ ਚੋਣਾਂ ਤੋਂ ਪਹਿਲਾਂ ਹੀ ਕਾਫੀ ਤਣਾਅ ਵਾਲਾ ਮਾਹੌਲ ਬਣਿਆ ਹੋਇਆ ਸੀ। ਹਾਈਕੋਰਟ ਤੋਂ ਬਾਅਦ ਮਾਮਲਾ ਸੁਪਰੀਮ ਕੋਰਟ ਤੱਕ ਪਹੁੰਚਿਆ ਸੀ ਪਰ ਦੇਸ਼ ਦੀ ਸਰਬਉੱਚ ਅਦਾਲਤ ਨੇ ਪੰਚਾਇਤੀ ਚੋਣਾਂ ਵਿੱਚ ਦਖ਼ਲ ਦੇਣ ਤੋਂ ਇਨਕਾਰ ਕਰ ਦਿੱਤਾ। ਸੁਪਰੀਮ ਕੋਰਟ ਨੇ ਚੋਣਾਂ 'ਤੇ ਰੋਕ ਲਾਉਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਚੋਣਾਂ ਨੂੰ ਰੋਕਣਾ ਗੰਭੀਰ ਮਾਮਲਾ ਹੈ।



ਦੱਸ ਦਈਏ ਕਿ ਪੰਚਾਇਤੀ ਚੋਣਾਂ ਲਈ 96 ਹਜ਼ਾਰ ਮੁਲਾਜ਼ਮਾਂ ਦੀ ਡਿਊਟੀ ਲਗਾਈ ਗਈ ਹੈ। ਪੁਲਿਸ ਵੱਲੋਂ ਵੀ ਪੁਖਤਾ ਪ੍ਰਬੰਧ ਕੀਤੇ ਹੋਏ ਹਨ। ਸ਼ਾਮ 4 ਵਜੇ ਤੱਕ ਵੋਟਿੰਗ ਜਾਰੀ ਰਹੇਗੀ। ਇਸ ਤੋਂ ਬਾਅਦ ਅੱਜ ਹੀ ਨਤੀਜਾ ਜਾਰੀ ਕਰ ਦਿੱਤਾ ਜਾਵੇਗਾ। ਪੰਚਾਇਤੀ ਚੋਣਾਂ ਵਿੱਚ ਸਰਪੰਚ ਦੇ ਅਹੁਦੇ ਲਈ 25,588 ਉਮੀਦਵਾਰ ਮੈਦਾਨ ਵਿੱਚ ਹਨ। ਪੰਚ ਦੇ ਅਹੁਦੇ ਲਈ 80,598 ਉਮੀਦਵਾਰ ਚੋਣ ਲੜ ਰਹੇ ਹਨ। ਇਸ ਤੋਂ ਇਲਾਵਾ 3,798 ਸਰਪੰਚ ਤੇ 48,861 ਪੰਚ ਸਰਬਸੰਮਤੀ ਨਾਲ ਚੁਣੇ ਗਏ ਹਨ।


ਇਹ ਵੀ ਪੜ੍ਹੋ: Weather Update: ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਨੇ ਦਿੱਤੀ ਦਸਤਕ, ਦੀਵਾਲੀ ਤੋਂ ਬਾਅਦ ਤੇਜ਼ੀ ਨਾਲ ਡਿੱਗੇਗਾ ਤਾਪਮਾਨ