ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਆਰ-ਪਾਰ ਦੀ ਲੜਾਈ, 28 ਪੁਲਿਸ ਜ਼ਿਲ੍ਹਿਆਂ 'ਚ ਵੱਡਾ ਐਕਸ਼ਨ
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਹ ਮੁਹਿੰਮਾਂ ਚਲਾਉਣ ਦਾ ਉਦੇਸ਼ ਆਮ ਲੋਕਾਂ ਵਿੱਚ ਸੁਰੱਖਿਆ ਤੇ ਪੁਲਿਸ ’ਤੇ ਯਕੀਨ ਕਰਨ ਦੀ ਭਾਵਨਾ ਪੈਦਾ ਕਰਨਾ ਤੇ ਨਸ਼ਿਆਂ ਦੇ ਜ਼ਖੀਰਿਆਂ ਨੂੰ ਜਬਤ ਕਰਨਾ ਹੈ।
ਚੰਡੀਗੜ੍ਹ: ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਨਸ਼ਿਆਂ ਖਿਲਾਫ ਆਰ-ਪਾਰ ਦੀ ਲੜਾਈ ਵਿੱਢ ਦਿੱਤੀ ਹੈ। ਨਸ਼ਿਆਂ ਦੇ ਸੌਦਾਗਰਾਂ ਨੂੰ ਨੱਥ ਪਾਉਣ ਲਈ ਪੁਲਿਸ ਖੁੱਲ੍ਹ ਕੇ ਮੈਦਾਨ ਵਿੱਚ ਨਿੱਤਰੀ ਹੈ। ਇਸ ਤਹਿਤ ਸ਼ਨੀਵਾਰ ਨੂੰ ਪੰਜਾਬ ਭਰ ’ਚ ਵੱਡੀ ਪੱਧਰ ’ਤੇ ਤਲਾਸ਼ੀ ਮੁਹਿੰਮ ਚਲਾ ਕੇ ਨਸ਼ੀਲੇ ਪਦਾਰਥ, ਡਰੱਗ ਮਨੀ, ਨਾਜਾਇਜ਼ ਸ਼ਰਾਬ ਤੇ ਹਥਿਆਰ ਬਰਾਮਦ ਕੀਤੇ ਗਏ।
ਸੂਤਰਾਂ ਮੁਤਾਬਕ ਇਸ ਮੁਹਿੰਮ ਦੌਰਾਨ ਕਈ ਜ਼ਿਲ੍ਹਿਆਂ ’ਚ ਪੁਲਿਸ ਨੇ ਕਈ ਮਸ਼ਕੂਕ ਵੀ ਹਿਰਾਸਤ ’ਚ ਲਏ। ਪੁਲਿਸ ਨੂੰ ਕਈ ਥਾਈਂ ਲੋਕਾਂ ਦੇ ਵਿਰੋਧ ਦਾ ਸਾਹਮਣਾ ਵੀ ਕਰਨਾ ਪਿਆ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਵੱਡੇ ਪੱਧਰ ’ਤੇ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ (ਸੀਏਐਸਓ) ਚਲਾਈ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਹ ਮੁਹਿੰਮਾਂ ਚਲਾਉਣ ਦਾ ਉਦੇਸ਼ ਆਮ ਲੋਕਾਂ ਵਿੱਚ ਸੁਰੱਖਿਆ ਤੇ ਪੁਲਿਸ ’ਤੇ ਯਕੀਨ ਕਰਨ ਦੀ ਭਾਵਨਾ ਪੈਦਾ ਕਰਨਾ ਤੇ ਨਸ਼ਿਆਂ ਦੇ ਜ਼ਖੀਰਿਆਂ ਨੂੰ ਜਬਤ ਕਰਨਾ ਹੈ। ਇਹ ਮੁਹਿੰਮ ਸੂਬੇ ਭਰ ’ਚ ਇੱਕੋ ਸਮੇਂ ਸਵੇਰੇ 11 ਤੋਂ ਬਾਅਦ ਦੁਪਹਿਰ 3 ਵਜੇ ਤੱਕ ਚਲਾਈ ਗਈ ਤੇ ਪੁਲਿਸ ਹੈੱਡਕੁਆਰਟਰ ਤੋਂ ਏਡੀਜੀਪੀ/ਆਈਜੀਪੀ ਰੈਂਕ ਦੇ ਅਧਿਕਾਰੀਆਂ ਨੂੰ ਹਰੇਕ ਪੁਲਿਸ ਜ਼ਿਲ੍ਹੇ ਵਿੱਚ ਨਿੱਜੀ ਤੌਰ ’ਤੇ ਕਾਰਵਾਈ ਦੀ ਨਿਗਰਾਨੀ ਕਰਨ ਲਈ ਤਾਇਨਾਤ ਕੀਤਾ ਗਿਆ ਸੀ।
ਡੀਜੀਪੀ ਨੇ ਦੱਸਿਆ ਕਿ ਇਸ ਅਪ੍ਰੇਸ਼ਨ ਵਿੱਚ ਸਬੰਧਤ ਜ਼ਿਲ੍ਹਿਆਂ ਦੇ ਸਾਰੇ ਪੁਲੀਸ ਕਮਿਸ਼ਨਰਾਂ ਤੇ ਜ਼ਿਲ੍ਹਾ ਪੁਲਿਸ ਮੁਖੀਆਂ ਨੇ ਵੱਧ ਤੋਂ ਵੱਧ ਪੁਲਿਸ ਕਰਮਚਾਰੀ ਤਾਇਨਾਤ ਕੀਤੇ। ਇਹ ਮੁਹਿੰਮ ਘੱਟੋ-ਘੱਟ 227 ਪਛਾਣ ਕੀਤੇ ਗਏ ਹੌਟਸਪੌਟਸ ’ਤੇ ਚਲਾਈ ਗਈ। ਡੀਜੀਪੀ ਗੌਰਵ ਯਾਦਵ ਨੇ ਕਿਹਾ, “ਸਾਰੇ ਪੁਲਿਸ ਮੁਲਾਜ਼ਮਾਂ ਨੂੰ ਇਸ ਕਾਰਵਾਈ ਦੌਰਾਨ ਹਰੇਕ ਨਿਵਾਸੀ ਨਾਲ ਦੋਸਤਾਨਾ ਢੰਗ ਤੇ ਨਿਮਰਤਾ ਨਾਲ ਪੇਸ਼ ਆਉਣ ਲਈ ਸਖਤ ਹਦਾਇਤ ਕੀਤੀ ਗਈ ਸੀ।’’
ਇਹ ਵੀ ਪੜ੍ਹੋ: Chandigarh: ਚੰਡੀਗੜ੍ਹ ਯੂਨੀਵਰਸਿਟੀ ਦੀਆਂ 60 ਵਿਦਿਆਰਥਣਾਂ ਦਾ ਇਸ਼ਨਾਨ ਕਰਨ ਦਾ ਵੀਡੀਓ ਵਾਇਰਲ: 8 ਨੇ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼
ਡੀਜੀਪੀ ਨੇ ਕਿਹਾ ਕਿ ਸਰਹੱਦੀ ਸੂਬੇ ਵਿੱਚੋਂ ਨਸ਼ਿਆਂ ਅਤੇ ਗੈਂਗਸਟਰਾਂ ਤੇ ਸਮਾਜ ਵਿਰੋਧੀ ਅਨਸਰਾਂ ’ਤੇ ਠੱਲ੍ਹ ਪਾਉਣ ਲਈ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ ਤੇ ਇਹ ਮੁਹਿੰਮਾਂ ਉਦੋਂ ਤੱਕ ਜਾਰੀ ਰਹਿਣਗੀਆਂ ਜਦੋਂ ਤੱਕ ਪੰਜਾਬ ਵਿੱਚੋਂ ਨਸ਼ਿਆਂ ਅਤੇ ਗੈਂਗਸਟਰਾਂ ਦਾ ਸਫਾਇਆ ਨਹੀਂ ਹੋ ਜਾਂਦਾ। ਪੁਲਿਸ ਸੂਤਰਾਂ ਦਾ ਦੱਸਣਾ ਹੈ ਕਿ ਇਸ ਅਪਰੇਸ਼ਨ ਦੌਰਾਨ ਅਫ਼ੀਮ, ਭੁੱਕੀ, ਨਸ਼ੀਲੀਆਂ ਗੋਲੀਆਂ, ਕਥਿਤ ਤਸਕਰਾਂ ਦੇ ਘਰਾਂ ’ਚੋਂ ਡਰੱਗ ਮਨੀ, ਨਾਜਾਇਜ਼ ਸ਼ਰਾਬ, ਲਾਹਣ, ਹਥਿਆਰ ਤੇ ਹੋਰ ਸਮੱਗਰੀ ਬਰਾਮਦ ਹੋਈ ਹੈ। ਪੁਲਿਸ ਨੇ ਇਸ ਸਬੰਧੀ ਮਾਮਲੇ ਦਰਜ ਕੀਤੇ ਹਨ।