Punjab Police Action: ਐਕਸ਼ਨ ਮੋਡ 'ਚ ਪੰਜਾਬ ਪੁਲਿਸ, ਥਾਂ-ਥਾਂ ਹੋ ਰਹੀ ਚੈਕਿੰਗ, ਸਮਾਜ ਵਿਰੋਧੀ ਤੱਤਾਂ 'ਤੇ ਸਖਤੀ
Punjab Police Action: ਪੰਜਾਬ ਪੁਲਿਸ ਨਸ਼ਾ ਤਸਕਰਾਂ ਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਐਕਸ਼ਨ ਮੋਡ ਵਿੱਚ ਹੈ। ਇਸ ਤਹਿਤ ਸੂਬੇ ਭਰ ਵਿੱਚ ਨਾਕਾਬੰਦੀ ਕਰਕੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਮੰਗਲਵਾਰ ਨੂੰ ਸ਼ੁਰੂ ਹੋਇਆ ਇਹ ਅਭਿਆਨ ਅੱਜ ਵੀ ਜਾਰੀ ਹੈ
Punjab Police Action: ਪੰਜਾਬ ਪੁਲਿਸ ਨਸ਼ਾ ਤਸਕਰਾਂ ਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਐਕਸ਼ਨ ਮੋਡ ਵਿੱਚ ਹੈ। ਇਸ ਤਹਿਤ ਸੂਬੇ ਭਰ ਵਿੱਚ ਨਾਕਾਬੰਦੀ ਕਰਕੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਮੰਗਲਵਾਰ ਨੂੰ ਸ਼ੁਰੂ ਹੋਇਆ ਇਹ ਅਭਿਆਨ ਅੱਜ ਵੀ ਜਾਰੀ ਹੈ। ਬੇਸ਼ੱਕ ਇਸ ਕਾਰਵਾਈ ਨੂੰ ਅੰਮ੍ਰਿਤਸਰ ਵਿੱਚ ਹੋਏ ਲਗਤਾਰ ਦੋ ਧਮਾਕਿਆਂ ਨਾਲ ਜੋੜਿਆ ਜਾ ਰਿਹਾ ਹੈ ਪਰ ਪੁਲਿਸ ਦਾ ਕਹਿਣਾ ਹੈ ਕਿ ਇਹ ਨਸ਼ਾ ਤਸਕਰਾਂ ਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਐਕਸ਼ਨ ਹੈ।
ਦੱਸ ਦਈਏ ਕਿ ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ਤੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਦੇ ਉਦੇਸ਼ ਨਾਲ ਮੰਗਲਵਾਰ ਤੋਂ ਦੋ ਰੋਜ਼ਾ ਸੂਬਾ ਪੱਧਰੀ ਤਲਾਸ਼ੀ ਮੁਹਿੰਮ ਚਲਾਈ ਗਈ ਹੈ। ਡੀਜੀਪੀ ਗੌਰਵ ਯਾਦਵ ਇਸ ਬਹੁ-ਪੱਖੀ ਚੈਕਿੰਗ ਤੇ ਏਰੀਆ ਡੋਮੀਨੇਸ਼ਨ ਪ੍ਰੋਗਰਾਮ ਲਈ ਪੂਰੀ ਪੰਜਾਬ ਪੁਲਿਸ ਫੋਰਸ ਦੀ ਅਗਵਾਈ ਕਰਨ ਵਾਸਤੇ ਖੁਦ ਮੰਗਲਵਾਰ ਨੂੰ ਲੁਧਿਆਣਾ ਬੱਸ ਸਟੈਂਡ ਪਹੁੰਚੇ ਸੀ। ਉਨ੍ਹਾਂ ਨਾਲ ਏਡੀਜੀਪੀ ਜੀ. ਨਾਗੇਸ਼ਵਰ ਰਾਓ ਵੀ ਮੌਜੂਦ ਸਨ।
ਪੁਲਿਸ ਸੂਤਰਾਂ ਮੁਤਾਬਕ ਵਧੀਕ ਡੀਜੀਪੀ/ਆਈਜੀਪੀ ਰੈਂਕ ਦੇ ਅਧਿਕਾਰੀਆਂ ਨੂੰ ਹਰ ਪੁਲਿਸ ਜ਼ਿਲ੍ਹੇ ਵਿੱਚ ਨਿੱਜੀ ਤੌਰ ’ਤੇ ਅਪਰੇਸ਼ਨ, ਜੋ ਅੱਜ ਸਮਾਪਤ ਹੋਵੇਗਾ, ਦੀ ਨਿਗਰਾਨੀ ਕਰਨ ਲਈ ਤਾਇਨਾਤ ਕੀਤਾ ਗਿਆ ਹੈ। ਸੀਪੀਜ਼/ਐਸਐਸਪੀਜ਼ ਨੂੰ ਇਸ ਅਪਰੇਸ਼ਨ ਲਈ ਘੱਟੋ-ਘੱਟ 75 ਫ਼ੀਸਦੀ ਪੁਲਿਸ ਬਲ ਸ਼ਾਮਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਏਡੀਜੀਪੀ/ਆਈਜੀਪੀ ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਪੁਲਿਸ ਟੀਮਾਂ ਵੱਲੋਂ ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ ਤੇ ਬਾਜ਼ਾਰਾਂ ਸਣੇ ਭੀੜ ਵਾਲੀਆਂ ਸਾਰੀਆਂ ਸੰਵੇਦਨਸ਼ੀਲ ਜਨਤਕ ਥਾਵਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸੂਬਾ ਪੱਧਰੀ ਅਪਰੇਸ਼ਨ ਚਲਾਉਣ ਦਾ ਉਦੇਸ਼ ਲੋਕਾਂ ਵਿੱਚ ਵਿਸ਼ਵਾਸ ਵਧਾਉਣ ਦੇ ਨਾਲ-ਨਾਲ ਸਮਾਜ ਵਿਰੋਧੀ ਤੱਤਾਂ ਵਿੱਚ ਡਰ ਪੈਦਾ ਕਰਨ ਲਈ ਪੁਲਿਸ ਦੀ ਮੌਜੂਦਗੀ ਨੂੰ ਵਧਾਉਣਾ ਹੈ।
ਉਨ੍ਹਾਂ ਕਿਹਾ ਕਿ ਪੁਲੀਸ ਬਲਾਂ ਵੱਲੋਂ ਸ਼ੱਕੀਆਂ ਦੀ ਤਲਾਸ਼ੀ ਲਈ ਜਾ ਰਹੀ ਹੈ ਤੇ ਸੰਵੇਦਨਸ਼ੀਲ ਇਲਾਕਿਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਪੁਲਿਸ ਟੀਮਾਂ ਹੋਟਲਾਂ ਤੇ ਰਹਿਣ-ਬਸੇਰਿਆਂ ਦੀ ਵੀ ਵਿਸ਼ੇਸ਼ ਚੈਕਿੰਗ ਕਰ ਰਹੀਆਂ ਹਨ। ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਨੇ ਦੱਸਿਆ ਕਿ ਇਸ ਅਪਰੇਸ਼ਨ ਦੇ ਹਿੱਸੇ ਵਜੋਂ ਆਮ ਜਨਤਾ ਲਈ ਘੱਟੋ-ਘੱਟ ਅਸੁਵਿਧਾ ਯਕੀਨੀ ਬਣਾਉਂਦਿਆਂ, ਅੰਤਰ-ਰਾਜੀ ਤੇ ਅੰਤਰ-ਜ਼ਿਲ੍ਹਾ ਹਾਈਟੈਕ ਨਾਕੇ ਲਗਾਏ ਗਏ ਹਨ।
ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਉਣ-ਜਾਣ ਵਾਲੇ ਵਾਹਨਾਂ ਦੀ ਵਿਆਪਕ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਸਖ਼ਤੀ ਨਾਲ ਹਦਾਇਤ ਕੀਤੀ ਗਈ ਹੈ ਕਿ ਉਹ ਇਸ ਕਾਰਵਾਈ ਦੌਰਾਨ ਹਰ ਵਿਅਕਤੀ ਦੀ ਤਲਾਸ਼ੀ ਲੈਣ ਜਾਂ ਉਨ੍ਹਾਂ ਦੇ ਵਾਹਨਾਂ ਦੀ ਚੈਕਿੰਗ ਕਰਦੇ ਸਮੇਂ ਉਨ੍ਹਾਂ ਨਾਲ ਨਿਮਰਤਾ ਨਾਲ ਪੇਸ਼ ਆਉਣ।