Punjab News: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਜਾਰੀ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਕੈਨੇਡਾ ਅਧਾਰਤ ਅੱਤਵਾਦੀ ਲਖਬੀਰ ਸਿੰਘ ਉਰਫ਼ ਲੰਡਾ ਦੇ ਸਹਿਯੋਗੀ ਨੂੰ ਉਸਦੇ ਤਿੰਨ ਸਾਥੀਆਂ ਸਮੇਤ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ ਚਾਰ ਪਿਸਤੌਲ ਅਤੇ ਗੋਲੀ-ਸਿੱਕਾ ਬਰਾਮਦ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।



ਗ੍ਰਿਫ਼ਤਾਰ ਮੁੱਖ ਦੋਸ਼ੀ ਦੀ ਪਛਾਣ ਵਿਜੈ ਕੁਮਾਰ ਉਰਫ ਤੋਤੀ ਵਾਸੀ ਪਿੰਡ ਭੀਖਾ ਨੰਗਲ, ਕਰਤਾਰਪੁਰ ਵਜੋਂ ਹੋਈ ਹੈ, ਜਦਕਿ ਉਸ ਦੇ ਤਿੰਨ ਸਾਥੀਆਂ ਦੀ ਪਛਾਣ ਅਮਰਦੀਪ ਸਿੰਘ ਉਰਫ ਪਟਵਾਰੀ, ਸੂਰਜ ਸਿੰਘ ਅਤੇ ਰਾਹੁਲ ਲਹੌਚ ਵਜੋਂ ਹੋਈ ਹੈ ਜੋ ਜਲੰਧਰ ਦੇ ਰਹਿਣ ਵਾਲੇ ਹਨ।



ਸਾਰੇ ਮੁਲਜ਼ਮਾਂ ਦਾ ਪੁਰਾਣਾ ਅਪਰਾਧਕ ਰਿਕਾਰਡ ਹੈ ਅਤੇ ਮੁੱਖ ਮੁਲਜ਼ਮ ਵਿਜੈ ਉਰਫ਼ ਤੋਤੀ ਨਸ਼ਿਆਂ, ਗੈਰ-ਕਾਨੂੰਨੀ ਹਥਿਆਰਾਂ, ਅਗਵਾ ਅਤੇ ਫਿਰੌਤੀ ਨਾਲ ਸਬੰਧਤ 18 ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਹੈ।



ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਹ ਜਾਣਕਾਰੀ ਮਿਲਣ ਕਿ ਦੋਸ਼ੀ ਵਿਜੈ ਆਪਣੇ ਗਿਰੋਹ ਦੇ ਮੈਂਬਰਾਂ ਨਾਲ ਮਿਲ ਕੇ ਕਰਤਾਰਪੁਰ ਖੇਤਰ ਵਿੱਚ ਅਪਰਾਧ ਨੂੰ ਅੰਜ਼ਾਮ ਦੇਣ ਦੀ ਸਾਜ਼ਿਸ਼ ਰਚ ਰਿਹਾ ਹੈ, ਜਲੰਧਰ ਦਿਹਾਤੀ ਦੀ ਪੁਲਿਸ ਟੀਮ ਨੇ ਤੁਰੰਤ ਜਲੰਧਰ ਦੇ ਦੁਰਗੀ ਖੇਤਰ ਵਿੱਚ ਡਰੇਨ ਨੇੜੇ ਵਿਸ਼ੇਸ਼ ਨਾਕਾ ਲਗਾਇਆ ਅਤੇ ਦੋ ਮੋਟਰਸਾਈਕਲਾਂ 'ਤੇ ਸਵਾਰ ਚਾਰੇ ਮੁਲਜ਼ਮਾਂ ਨੂੰ ਸਫਲਤਾਪੂਰਵਕ ਗ੍ਰਿਫਤਾਰ ਕਰ ਲਿਆ।



ਉਨ੍ਹਾਂ ਦੱਸਿਆ ਕਿ ਪੁਲਿਸ ਨੇ ਦੋਵਾਂ ਮੋਟਰਸਾਈਕਲਾਂ ਨੂੰ ਕਬਜ਼ੇ 'ਚ ਲੈ ਲਿਆ ਅਤੇ ਮੁਲਜਮਾਂ ਕੋਲੋਂ ਚਾਰ ਪਿਸਤੌਲ ਜਿਹਨਾਂ ਵਿੱਚ 10 ਜਿੰਦਾ ਕਾਰਤੂਸਾਂ ਸਮੇਤ ਦੋ .32 ਬੋਰ ਦੇਸੀ ਪਿਸਤੌਲ, ਦੋ ਜਿੰਦਾ ਕਾਰਤੂਸਾਂ ਸਮੇਤ ਇੱਕ 9 ਐਮ.ਐਮ ਦੇਸੀ ਪਿਸਤੌਲ ਅਤੇ 1 ਜਿੰਦਾ ਕਾਰਤੂਸ ਸਮੇਤ.12 ਬੋਰ ਦੇਸੀ ਪਿਸਤੌਲ ਸ਼ਾਮਲ ਹਨ, ਬਰਾਮਦ ਕੀਤੇ ਹਨ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ (ਐਸ.ਐਸ.ਪੀ.) ਜਲੰਧਰ ਦਿਹਾਤੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋ ਮੁਲਜ਼ਮ ਕਪੂਰਥਲਾ ਪੁਲਿਸ ਨੂੰ ਅਗਵਾ ਕਰਨ ਦੇ ਮਾਮਲੇ ਵਿੱਚ ਵੀ ਲੋੜੀਂਦੇ ਸਨ, ਜਿਨ੍ਹਾਂ ਨੇ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਗਾਜੀ ਗਡਾਣਾ ਦੇ ਇੱਕ ਵਸਨੀਕ ਨੂੰ ਅਗਵਾ ਕਰਕੇ ਉਸ ਦੀ ਰਿਹਾਈ ਲਈ 3 ਕਰੋੜ ਰੁਪਏ ਦੀ ਮੰਗ ਕੀਤੀ ਸੀ। ਇਹ ਮਾਮਲਾ ਕਪੂਰਥਲਾ ਦੇ ਥਾਣਾ ਢਿਲਵਾਂ ਵਿਖੇ ਭਾਰਤੀ ਦੰਡਾਵਲੀ (ਆਈਪੀਸੀ) ਦੀਆਂ ਸਬੰਧਤ ਧਾਰਾਵਾਂ ਤਹਿਤ ਦਰਜ ਕੀਤਾ ਗਿਆ ਸੀ। 



ਦੱਸਣਯੋਗ ਹੈ ਕਿ ਇਸ ਸਬੰਧੀ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 379-ਬੀ, 386, 392 ਅਤੇ 506 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਥਾਣਾ ਕਰਤਾਰਪੁਰ ਵਿਖੇ ਐਫ.ਆਈ.ਆਰ. ਨੰ. 16  ਅਧੀਨ ਨਵਾਂ ਮਾਮਲਾ ਦਰਜ ਕੀਤਾ ਗਿਆ ਹੈ।