ਜ਼ੀਰਕਪੁਰ: ਕੋਰੋਨਾ ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਜ਼ਿਲ੍ਹਾ ਪੁਲੀਸ ਨੇ ਕੋਵਿਡ ਸਬੰਧੀ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਤਹਿਤ ਥਾਣਾ ਢਕੌਲੀ ਦੇ ਖੇਤਰ ਵਿੱਚ ਪੈਂਦੇ ਇੱਕ ਹੋਟਲ ਦੇ ਮਾਲਕ ਤੇ ਅਣਪਛਾਤੇ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ।ਪੜਤਾਲ ਦੌਰਾਨ 09 ਵਿਅਕਤੀਆਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ।


ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲੀਸ ਮੁਖੀ ਸਤਿੰਦਰ ਸਿੰਘ ਨੇ ਦੱਸਿਆ ਕਿ 17 ਤੇ 18 ਅਪ੍ਰੈਲ ਦੀ ਦਰਮਿਆਨੀ ਰਾਤ ਨੂੰ ਸੂਚਨਾ ਮਿਲੀ ਸੀ ਕਿ ਇੱਕ ਹੋਟਲ ਦੀ ਛੱਤ ਉਤੇ ਪਾਰਟੀ ਚੱਲ ਰਹੀ ਹੈ ਤੇ ਵੱਡੀ ਗਿਣਤੀ 'ਚ ਲੋਕ ਓਥੇ ਇਕੱਠੇ ਹੋਏ ਹਨ। ਇਸ ਸਬੰਧੀ ਹੋਟਲ ਦੇ ਮਾਲਕ ਤੇ ਅਣਪਛਾਤੇ ਵਿਅਕਤੀਆਂ ਖਿਲਾਫ, ਅੰਡਰ ਸੈਕਸ਼ਨ 188 ਆਈ ਪੀ ਸੀ, ਕੇਸ ਦਰਜ ਕੀਤਾ ਗਿਆ ਤੇ ਪੜਤਾਲ ਦੌਰਾਨ 09 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ।


ਇਸ ਸਬੰਧੀ ਅਗਲੇਰੀ ਪੜਤਾਲ ਹਾਲੇ ਜਾਰੀ ਹੈ। ਜ਼ਿਲ੍ਹਾ ਪੁਲੀਸ ਮੁਖੀ ਸਤਿੰਦਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਤੋਂ ਬਚਾਅ ਸਬੰਧੀ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਇਨ ਬਿਨ ਪਾਲਣਾ ਯਕੀਨੀ ਬਣਾਈ ਜਾਵੇ। ਜ਼ਿਲ੍ਹਾ ਪੁਲੀਸ ਮੁਖੀ ਨੇ ਕਿਹਾ ਕਿ ਮੌਜੂਦਾ ਹਾਲਾਤ ਨੂੰ ਧਿਆਨ ਵਿੱਚ ਰੱਖਦਿਆਂ ਇਹ ਜ਼ਰੂਰੀ ਹੈ ਕਿ ਕੋਰੋਨਾ ਸਬੰਧੀ ਸਾਰੀਆਂ ਸਾਵਧਾਨੀਆਂ ਜਿਵੇਂ ਕਿ ਮਾਸਕ ਪਾਉਣ, ਵਾਰ ਵਾਰ ਹੱਥ ਧੋਣ ਅਤੇ ਸੋਸ਼ਲ ਡਿਸਟੈਂਸ ਰੱਖਣ ਦੀ ਪਾਲਣਾ ਕੀਤੀ ਜਾਵੇ।


ਉਹਨਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਿਲਕੁੱਲ ਬਖ਼ਸ਼ਿਆ ਨਹੀਂ ਜਾਵੇਗਾ। ਪੁਲੀਸ ਦੀਆਂ ਟੀਮਾਂ ਵੱਲੋਂ ਵੱਖ ਥਾਵਾਂ ਉੱਤੇ ਮਾਸਕ ਪਹਿਨਣ, ਸਮਾਜਕ ਦੂਰੀ ਸਬੰਧੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਦੇ ਨਾਲ ਨਾਲ ਜਿਹੜੇ ਲੋਕਾਂ ਨੂੰ ਕਰੋਨਾ ਦੇ ਮੱਦੇਨਜ਼ਰ ਇਕਾਂਤਵਾਸ ਕੀਤਾ ਗਿਆ ਹੈ,  ਉਹਨਾਂ ਦੀ ਵੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ ਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। 


 


 



ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ