ਚੰਡੀਗੜ੍ਹ : ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਕਿਹਾ ਕਿ ਉਸਨੇ 2020 ਵਿੱਚ ਸ਼ੌਰਿਆ ਚੱਕਰ ਐਵਾਰਡੀ ਬਲਵਿੰਦਰ ਸਿੰਘ ਸੰਧੂ ਦੇ ਕਤਲ ਵਿੱਚ ਕਥਿਤ ਤੌਰ 'ਤੇ ਸ਼ਾਮਲ ਇੱਕ ਵਿਅਕਤੀ ਸਮੇਤ ਦੋ ਅਪਰਾਧੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਦੱਸਿਆ ਕਿ ਦੋਵਾਂ ਅਪਰਾਧੀਆਂ ਦੀ ਪਛਾਣ ਗੁਰਵਿੰਦਰ ਸਿੰਘ ਅਤੇ ਸੰਦੀਪ ਸਿੰਘ ਵਜੋਂ ਹੋਈ ਹੈ ਅਤੇ ਉਹ ਕਥਿਤ ਤੌਰ 'ਤੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਸਨ। 


 

ਗੌਰਵ ਯਾਦਵ ਅਨੁਸਾਰ ਗੁਰਵਿੰਦਰ ਸਿੰਘ ,ਸ਼ੌਰਿਆ ਚੱਕਰ ਐਵਾਰਡੀ ਬਲਵਿੰਦਰ ਸਿੰਘ ਸੰਧੂ ਦੇ ਕਤਲ ਦੇ ਮੁੱਖ ਮੁਲਜ਼ਮਾਂ ਵਿੱਚੋਂ ਇੱਕ ਹੈ। ਉਨ੍ਹਾਂ ਨੇ ਟਵੀਟ ਕੀਤਾ, 'ਇਕ ਕਾਰਵਾਈ ਦੇ ਹਿੱਸੇ ਵਜੋਂ ਤਰਨਤਾਰਨ ਪੁਲਿਸ ਨੇ ਸੁੱਖ ਬਿਖਾਰੀਵਾਲ ਅਤੇ ਹੈਰੀ ਚੱਠਾ ਦੇ ਕਰੀਬੀ ਸਾਥੀਆਂ ਗੁਰਵਿੰਦਰ ਸਿੰਘ ਅਤੇ ਸੰਦੀਪ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਉਹ ਸਰਹੱਦ ਪਾਰੋਂ ਵਿਸਫੋਟਕਾਂ, ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਸਨ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। 

 

ਯਾਦਵ ਨੇ ਕਿਹਾ, 'ਗੁਰਵਿੰਦਰ ਸਿੰਘ ਉਰਫ਼ ਬਾਬਾ/ਰਾਜਾ ਕਾਮਰੇਡ ਬਲਵਿੰਦਰ ਸਿੰਘ ਸੰਧੂ ਅਤੇ ਐਨਆਈਏ ਦੇ ਇੱਕ ਪੀਓ ਦੀ ਹੱਤਿਆ ਦੇ ਮੁੱਖ ਮੁਲਜ਼ਮਾਂ ਵਿੱਚੋਂ ਇੱਕ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਮੁਲਜ਼ਮਾਂ ਕੋਲੋਂ 635 ਗ੍ਰਾਮ ਹੈਰੋਇਨ, ਦੋ ਪਿਸਤੌਲ, ਦੋ ਮੈਗਜ਼ੀਨ, 13 ਕਾਰਤੂਸ, 100 ਗ੍ਰਾਮ ਅਫੀਮ, 3.95 ਲੱਖ ਰੁਪਏ ਦੀ ਨਕਦੀ ਅਤੇ ਇੱਕ ਕਾਰ ਵੀ ਬਰਾਮਦ ਕੀਤੀ ਹੈ।

 

ਦੱਸ ਦੇਈਏ ਕਿ ਪੰਜਾਬ ਵਿੱਚ ਅੱਤਵਾਦ ਨਾਲ ਲੜਨ ਵਾਲੇ ਸ਼ੌਰਿਆ ਚੱਕਰ ਨਾਲ ਸਨਮਾਨਿਤ ਬਲਵਿੰਦਰ ਸਿੰਘ ਸੰਧੂ ਦੀ 16 ਅਕਤੂਬਰ 2020 ਨੂੰ ਦੋ ਅਣਪਛਾਤੇ ਵਿਅਕਤੀ ਵੱਲੋਂ ਪੰਜਾਬ ਦੇ ਭਿਖੀਵਿੰਡ ਜ਼ਿਲ੍ਹਾ ਤਰਨਤਾਰਨ ’ਚ ਉਸ ਦੇ ਹੀ ਸਕੂਲ ’ਚ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਸ ਸਬੰਧੀ 16 ਅਕਤੂਬਰ 2020 ਨੂੰ ਪੁਲਿਸ ਸਟੇਸ਼ਨ ਭਿਖੀਵਿੰਡ ਤਰਨਤਾਰਨ ’ਚ ਮਾਮਲਾ ਦਰਜ ਕੀਤਾ ਗਿਆ ਸੀ। ਐੱਨਆਈਏ ਨੇ 26 ਜਨਵਰੀ 2021 ਨੂੰ ਨਵੀਂ ਐੱਫਆਈਆਰ ਦਰਜ ਕਰ ਕੇ ਜਾਂਚ ਸ਼ੁਰੂ ਕੀਤੀ ਸੀ।

 

 

 

ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।