Joga Singh Arrest : ਪੰਜਾਬ ਪੁਲਿਸ ਨੇ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀ ਜੋਗਾ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜੋਗਾ ਸਿੰਘ ਨੂੰ ਸ਼ਨੀਵਾਰ ਨੂੰ ਸਰਹਿੰਦ ਤੋਂ ਗ੍ਰਿਫਤਾਰ ਕੀਤਾ ਗਿਆ। ਇਹ ਜਾਣਕਾਰੀ ਅੰਮ੍ਰਿਤਸਰ ਦੇ ਡੀਆਈਜੀ ਬਾਰਡਰ ਰੇਂਜ ਨਰਿੰਦਰ ਭਾਰਗਵ ਨੇ ਦਿੱਤੀ ਹੈ। ਉਨ੍ਹਾਂ ਨੇ ਦੱਸਿਆ, ਅੰਮ੍ਰਿਤਪਾਲ ਦਾ ਸਾਥੀ ਜੋਗਾ ਸਿੰਘ ਜਦੋਂ ਸਰਹੰਦ ਤੋਂ ਹਰਿਆਣਾ ਜਾ ਰਿਹਾ ਸੀ ਤਾਂ ਉਸ ਸਮੇਂ ਅੰਮ੍ਰਿਤਸਰ ਅਤੇ ਹਰਿਆਣਾ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਜੋਗਾ ਸਿੰਘ ਪੰਜਾਬ ਦੇ ਸਰਹੰਦ ਤੋਂ ਗ੍ਰਿਫਤਾਰ ਕੀਤਾ ਗਿਆ ਹੈ।

 

ਇਹ ਉਹ ਵਿਅਕਤੀ ਹੈ ,ਜਿਸ ਨੇ 18 ਮਾਰਚ ਨੂੰ ਫਰਾਰ ਹੋਣ ਤੋਂ ਬਾਅਦ ਅੰਮ੍ਰਿਤਪਾਲ ਨੂੰ ਪੀਲੀਭੀਤ 'ਚ ਪਨਾਹ ਦਿੱਤੀ ਸੀ ਅਤੇ ਉਸ ਦਾ ਸਾਥ ਦਿੰਦਾ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਜੋਗਾ ਸਿੰਘ ਪੀਲੀਭੀਤ ਦਾ ਰਹਿਣ ਵਾਲਾ ਹੈ। ਜੋਗਾ ਸਿੰਘ ਅੰਮ੍ਰਿਤਪਾਲ ਸਿੰਘ ਨੂੰ 18 ਮਾਰਚ ਦੀ ਫਰਾਰੀ ਤੋਂ ਬਾਅਦ ਦੁਬਾਰਾ ਪੰਜਾਬ ਲੈ ਕੇ ਆਇਆ ਸੀ। ਪੁਲਿਸ ਦਾ ਕਹਿਣਾ ਹੈ ਕਿ ਜੋਗਾ ਸਿੰਘ ਵਲੋਂ ਹੀ ਅੰਮ੍ਰਿਤਪਾਲ ਸਿੰਘ ਨੂੰ ਗੱਡੀਆਂ ਮੁਹਈਆ ਕਰਵਾਈਆਂ ਗਈਆਂ ਸਨ।

 


 

ਇਸ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਨੂੰ ਪਨਾਹ ਦੇਣ ਦੇ ਦੋਸ਼ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਅਧਿਕਾਰੀਆਂ ਨੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਾਬਕ ਦੇ ਰਹਿਣ ਵਾਲੇ ਰਾਜਦੀਪ ਸਿੰਘ ਅਤੇ ਜਲੰਧਰ ਜ਼ਿਲ੍ਹੇ ਦੇ ਰਹਿਣ ਵਾਲੇ ਸਰਬਜੀਤ ਸਿੰਘ ਵਜੋਂ ਹੋਈ ਹੈ। ਰਾਜਦੀਪ ਸਿੰਘ ਅਤੇ ਸਰਬਜੀਤ ਸਿੰਘ ਨੂੰ ਸ਼ੁੱਕਰਵਾਰ ਰਾਤ ਨੂੰ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ।

 


 

ਐਡਵੋਕੇਟ ਰਾਜਦੀਪ ਸਿੰਘ ਨੂੰ ਹਿਰਾਸਤ 'ਚ ਲੈ ਕੇ ਉਸ ਕੋਲੋਂ ਅੰਮ੍ਰਿਤਪਾਲ ਨਾਲ ਉਸ ਦੇ ਸਬੰਧਾਂ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਅੰਮ੍ਰਿਤਪਾਲ ਕਿੱਥੇ ਹੈ। ਦੂਜੇ ਪਾਸੇ ਜ਼ਿਲ੍ਹਾ ਕਪੂਰਥਲਾ ਬਾਰ ਐਸੋਸੀਏਸ਼ਨ ਨੇ ਬਿਨਾਂ ਕਿਸੇ ਨੋਟਿਸ ਦੇ ਆਪਣੇ ਵਕੀਲ ਨੂੰ ਹਿਰਾਸਤ ਵਿੱਚ ਲੈਣ ਦਾ ਸਖ਼ਤ ਨੋਟਿਸ ਲਿਆ ਹੈ। ਇਸ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਗਿਆ ਹੈ।

 

ਪਪਲਪ੍ਰੀਤ ਸਿੰਘ ਨੂੰ ਪਹਿਲਾਂ ਗ੍ਰਿਫਤਾਰ ਕੀਤਾ ਗਿਆ ਸੀ


ਇਸ ਤੋਂ ਇਲਾਵਾ ਸੋਮਵਾਰ ਨੂੰ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਪਪਲਪ੍ਰੀਤ ਸਿੰਘ ਨੂੰ ਪੰਜਾਬ ਦੇ ਹੁਸ਼ਿਆਰਪੁਰ ਤੋਂ ਗ੍ਰਿਫਤਾਰ ਕੀਤਾ ਸੀ। ਪੁਲਸ ਨੇ ਦੱਸਿਆ ਕਿ ਉਸ ਨੂੰ ਸਖਤ ਰਾਸ਼ਟਰੀ ਸੁਰੱਖਿਆ ਕਾਨੂੰਨ ਦੇ ਤਹਿਤ ਹਿਰਾਸਤ 'ਚ ਲਿਆ ਗਿਆ ਹੈ। ਇਹ ਗ੍ਰਿਫਤਾਰੀ ਪੰਜਾਬ ਪੁਲਿਸ ਅਤੇ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੇ ਸਾਂਝੇ ਆਪ੍ਰੇਸ਼ਨ ਦਾ ਹਿੱਸਾ ਸੀ। ਪਪਲਪ੍ਰੀਤ ਸਿੰਘ ਨੂੰ ਮੰਗਲਵਾਰ ਸਵੇਰੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਲਿਜਾਇਆ ਗਿਆ।