Punjab News: ਪੰਜਾਬ ਵਿੱਚ ਬੇਸ਼ੱਕ ਨਸ਼ਿਆਂ ਨੂੰ ਰੋਕ ਨਹੀਂ ਲੱਗ ਰਹੀ ਪਰ ਪੁਲਿਸ ਨੇ 10,576 ਨਸ਼ਾ ਤਸਕਰਾਂ ਨੂੰ ਫੜਨ ਦਾ ਦਾਅਵਾ ਕੀਤਾ ਹੈ। ਪੁਲਿਸ ਦੇ ਇਹ ਅੰਕੜੇ ਇਸ ਲਈ ਸ਼ੱਕ ਦੇ ਘੇਰੇ ਵਿੱਚ ਆ ਜਾਂਦੇ ਹਨ ਕਿਉਂਕਿ ਅਜੇ ਵੀ ਸ਼ਰੇਆਮ ਨਸ਼ਾ ਵਿਕ ਰਿਹਾ ਹੈ। ਪਿਛਲੇ ਦਿਨੀਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਵੀ ਦਾਅਵਾ ਕੀਤਾ ਸੀ ਕਿ ਪੰਜਾਬ ਦੀ ਗਲੀ-ਗਲੀ ਨਸ਼ਾ ਵਿਕ ਰਿਹਾ ਹੈ। ਅਜਿਹੇ ਹੀ ਮਾਮਲੇ ਅਕਸਰ ਸੋਸ਼ਲ ਮੀਡੀਆ ਉਪਰ ਵੀ ਵਾਇਰਲ ਹੋ ਰਹੇ ਹਨ। ਇਸ ਦੇ ਬਾਵਜੂਦ ਪੁਲਿਸ ਦੇ ਅੰਕੜੇ ਹੈਰਾਨ ਕਰਨ ਵਾਲੇ ਹਨ।
ਪੰਜਾਬ ਪੁਲਿਸ ਨੇ ਤਾਜ਼ਾ ਦਾਅਵਾ ਕੀਤਾ ਹੈ ਕਿ ਹੁਣ ਤੱਕ 7999 ਐਫਆਈਆਰਜ਼ ਦਰਜ ਕਰਕੇ 1540 ਵੱਡੀਆਂ ਮੱਛੀਆਂ ਸਮੇਤ 10576 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇੰਸਪੈਕਟਰ ਜਨਰਲ ਆਫ਼ ਪੁਲਿਸ (ਹੈਡਕੁਆਰਟਰ) ਸੁਖਚੈਨ ਸਿੰਘ ਗਿੱਲ ਨੇ ਹਫ਼ਤਾਵਾਰੀ ਪ੍ਰੈੱਸ ਕਾਨਫ਼ਰੰਸ ਵਿੱਚ ਦੱਸਿਆ ਕਿ ਪੁਲਿਸ ਟੀਮਾਂ ਨੇ ਸੂਬੇ ਭਰ ’ਚੋਂ 529.53 ਕਿੱਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਉਨ੍ਹਾਂ ਕਿਹਾ ਕਿ ਗੁਜਰਾਤ ਤੇ ਮਹਾਰਾਸ਼ਟਰ ਦੀਆਂ ਬੰਦਰਗਾਹਾਂ ਤੋਂ 147.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਿਸ ਨਾਲ ਸਿਰਫ਼ ਸੱਤ ਮਹੀਨਿਆਂ ਵਿੱਚ ਹੈਰੋਇਨ ਦੀ ਕੁੱਲ ਬਰਾਮਦਗੀ 677.03 ਕਿਲੋ ਹੋ ਗਈ ਹੈ। ਆਈਜੀਪੀ ਨੇ ਦੱਸਿਆ ਕਿ ਪੁਲਿਸ ਨੇ ਸੂਬੇ ਭਰ ਵਿੱਚੋਂ 424 ਕਿਲੋ ਅਫੀਮ, 480.24 ਕਿਲੋ ਗਾਂਜਾ, 255 ਕੁਇੰਟਲ ਭੁੱਕੀ ਅਤੇ 51.39 ਲੱਖ ਗੋਲੀਆਂ/ਕੈਪਸੂਲ/ਟੀਕੇ/ ਫਾਰਮਾ ਓਪੀਓਡਜ਼ ਦੀਆਂ ਸ਼ੀਸ਼ੀਆਂ ਵੀ ਬਰਾਮਦ ਕੀਤੀਆਂ ਹਨ।
ਪੁਲਿਸ ਨੇ ਇਨ੍ਹਾਂ ਸੱਤ ਮਹੀਨਿਆਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 10.03 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਪਿਛਲੇ ਇੱਕ ਹਫ਼ਤੇ ਵਿੱਚ ਪੁਲਿਸ ਨੇ 27 ਵਪਾਰਕ ਮਾਮਲਿਆਂ ਸਮੇਤ 231 ਐਫਆਈਆਰਜ਼ ਦਰਜ ਕਰਕੇ 294 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫ਼ਤਾਰ ਕੀਤਾ ਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 33.60 ਕਿੱਲੋਗਰਾਮ ਹੈਰੋਇਨ, 10.60 ਕਿਲੋ ਅਫੀਮ, 12.75 ਕਿਲੋ ਗਾਂਜਾ, 3 ਕੁਇੰਟਲ ਭੁੱਕੀ ਸਮੇਤ 33.53 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।