ਪੰਜਾਬ ਪੁਲਿਸ ਨੇ ਕੀਤਾ ਦਾਅਵਾ, ਸਿੱਧੂ ਮੂਸੇਵਾਲਾ ਦੇ ਕਤਲ ਕੇਸ 'ਚ ਹੱਥ ਲੱਗੇ ਅਹਿਮ ਸੁਰਾਗ
ਪੰਜਾਬ ਪੁਲਿਸ ਨੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਅਹਿਮ ਸੁਰਾਗ ਮਿਲਣ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਦੱਸਿਆ ਕਿ ਕੁਝ ਲੋਕਾਂ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਕਈ ਅਹਿਮ ਸੁਰਾਗ ਮਿਲੇ ਹਨ।
Punjab News: ਪੰਜਾਬ ਪੁਲਿਸ ਨੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਅਹਿਮ ਸੁਰਾਗ ਮਿਲਣ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਦੱਸਿਆ ਕਿ ਕੁਝ ਲੋਕਾਂ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਕਈ ਅਹਿਮ ਸੁਰਾਗ ਮਿਲੇ ਹਨ। ਇਸ ਦੌਰਾਨ ਸੋਸ਼ਲ ਮੀਡੀਆ 'ਤੇ ਸਾਹਮਣੇ ਆਈ ਇੱਕ ਸੀਸੀਟੀਵੀ ਫੁਟੇਜ ਵਿੱਚ ਦੇਖਿਆ ਜਾ ਸਕਦਾ ਹੈ ਕਿ ਗਾਇਕ ਨੂੰ ਮਾਰਨ ਤੋਂ ਪਹਿਲਾਂ ਉਸ ਦੀ ਗੱਡੀ ਦਾ ਪਿੱਛਾ ਕੀਤਾ ਜਾ ਰਿਹਾ ਸੀ।
ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਐਤਵਾਰ ਨੂੰ ਅਣਪਛਾਤੇ ਹਮਲਾਵਰਾਂ ਵੱਲੋਂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਮੂਸੇਵਾਲਾ (27) ਕਾਂਗਰਸੀ ਆਗੂ ਵੀ ਸਨ। ਇਹ ਘਟਨਾ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਸੁਰੱਖਿਆ ਵਾਪਸ ਲੈਣ ਤੋਂ ਇੱਕ ਦਿਨ ਬਾਅਦ ਵਾਪਰੀ।
ਅਧਿਕਾਰੀਆਂ ਨੇ ਦੱਸਿਆ ਕਿ ਇਸ ਮਾਮਲੇ 'ਚ ਪੁਲਿਸ ਨੇ ਸੋਮਵਾਰ ਨੂੰ ਦੇਹਰਾਦੂਨ ਤੋਂ ਪੰਜ ਲੋਕਾਂ ਨੂੰ ਹਿਰਾਸਤ 'ਚ ਲਿਆ ਹੈ। ਪੁਲਿਸ ਸੂਤਰਾਂ ਨੇ ਦੱਸਿਆ ਕਿ ਹਮਲਾਵਰਾਂ ਨੂੰ ਫੜਨ ਲਈ ਸ਼ੁਰੂ ਕੀਤੇ ਗਏ ਯਤਨਾਂ ਦੇ ਨਾਲ-ਨਾਲ ਪੁਲਿਸ ਸੀਸੀਟੀਵੀ ਫੁਟੇਜ 'ਚ ਦਿਖਾਈ ਦੇਣ ਵਾਲੇ ਲੋਕਾਂ ਦੀ ਭੂਮਿਕਾ ਦੀ ਵੀ ਜਾਂਚ ਕਰ ਰਹੀ ਹੈ, ਜਿਨ੍ਹਾਂ ਨੇ ਐਤਵਾਰ ਨੂੰ ਮਾਨਸਾ ਦੇ ਇੱਕ ਢਾਬੇ 'ਤੇ ਖਾਣਾ ਖਾਧਾ ਸੀ। ਇਹ ਸੀਸੀਟੀਵੀ ਫੁਟੇਜ ਉਸੇ ਢਾਬੇ ਦੀ ਹੈ।
ਅਹਿਮ ਸੁਰਾਗ ਮਿਲਣ ਦਾ ਕੀਤਾ ਦਾਅਵਾ
ਸੂਤਰਾਂ ਨੇ ਦੱਸਿਆ ਕਿ ਸੋਸ਼ਲ ਮੀਡੀਆ 'ਤੇ ਇੱਕ ਹੋਰ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿਚ ਮੂਸੇਵਾਲਾ ਨੂੰ ਹਮਲੇ ਤੋਂ ਪਹਿਲਾਂ ਉਸ ਦੀ ਗੱਡੀ ਦਾ ਪਿੱਛਾ ਕੀਤਾ ਜਾ ਰਿਹਾ ਹੈ। ਫ਼ਰੀਦਕੋਟ ਰੇਂਜ ਦੇ ਇੰਸਪੈਕਟਰ ਜਨਰਲ ਪ੍ਰਦੀਪ ਯਾਦਵ ਨੇ ਮਾਨਸਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੂਸੇਵਾਲਾ ਕਤਲ ਕਾਂਡ ਦੇ ਸਬੰਧ ਵਿੱਚ ਪੁਲਿਸ ਨੂੰ ਅਹਿਮ ਸੁਰਾਗ ਮਿਲੇ ਹਨ।
ਢਾਬੇ ਤੋਂ ਮਿਲੀ ਸੀਸੀਟੀਵੀ ਫੁਟੇਜ ਬਾਰੇ ਪੁੱਛੇ ਜਾਣ 'ਤੇ ਯਾਦਵ ਨੇ ਕਿਹਾ, ''ਸਾਨੂੰ ਕੁਝ ਅਹਿਮ ਸੁਰਾਗ ਮਿਲੇ ਹਨ ਅਤੇ ਕੁਝ ਲੋਕਾਂ ਤੋਂ ਪੁੱਛਗਿੱਛ ਕੀਤੀ ਗਈ ਹੈ। ਇੰਨਾ ਹੀ ਨਹੀਂ, ਸਾਨੂੰ ਕਈ ਅਹਿਮ ਥਾਵਾਂ ਤੋਂ ਸੁਰਾਗ ਮਿਲੇ ਹਨ ਤੇ ਪੰਜਾਬ ਪੁਲਿਸ ਉਨ੍ਹਾਂ 'ਤੇ ਕੰਮ ਕਰ ਰਹੀ ਹੈ।
ਇਕ ਸਵਾਲ ਦੇ ਜਵਾਬ ਵਿਚ ਪੁਲਿਸ ਦੇ ਇੰਸਪੈਕਟਰ ਜਨਰਲ ਨੇ ਕਿਹਾ ਕਿ ਇਸ ਘਟਨਾ ਪਿੱਛੇ ਬਦਨਾਮ ਅਪਰਾਧੀਆਂ ਦਾ ਹੱਥ ਹੈ। ਅਧਿਕਾਰੀ ਨੇ ਕਿਹਾ ਕਿ ਸਾਜ਼ਿਸ਼ ਕਿਵੇਂ ਰਚੀ ਗਈ, ਅਸੀਂ ਜਲਦੀ ਹੀ ਵੇਰਵੇ ਸਾਂਝੇ ਕਰਾਂਗੇ। ਕਿਸਨੇ ਪਿੱਛਾ ਕੀਤਾ ? ਹਮਲਾਵਰ ਕੌਣ ਸਨ? ਅਸੀਂ ਇਸਦਾ ਖੁਲਾਸਾ ਕਰਾਂਗੇ।