ਰੌਬਟ ਦੀ ਰਿਪੋਰਟ
ਚੰਡੀਗੜ੍ਹ: ਕੋਰੋਨਾਵਾਇਰਸ (Coronavirus) ਖਿਲਾਫ ਮੋਰਚੇ 'ਤੇ ਡਟੇ ਪੰਜਾਬ ਪੁਲਿਸ ਦੇ ਕਰਮਚਾਰੀਆਂ 'ਚ ਕੋਰੋਨਾਵਾਇਰਸ ਦੀ ਸੰਭਾਵਨਾ ਹੋਣ ਤੇ ਹੁਣ ਉਨ੍ਹਾਂ ਨੂੰ ਘਰ ਤੋਂ ਦੂਰ ਰਹਿਣ ਲਈ ਸੁਵਿਧਾ ਮੁਹੱਈਆ ਕਰਵਾਈ ਜਾਏਗੀ। ਪੰਜਾਬ ਪੁਲਿਸ ਦੇ ਜਵਾਨਾਂ ਨੂੰ ਕੁਆਰੰਟੀਨ ਕਰਨ ਦੀ ਲੋੜ ਪੈਣ ਤੇ ਉਨ੍ਹਾਂ ਨੂੰ ਇਹ ਸੁਵਿਧਾ ਉਪਲੱਬਧ ਕਰਵਾਈ ਜਾਵੇਗੀ। ਕੋਰੋਨਾ ਦੀ ਸੰਭਾਵਨਾ ਹੋਣ ਤੇ ਮੁਲਾਜ਼ਮਾਂ ਨੂੰ ਕੁਆਰੰਟੀਨ ਕਰਨ ਲਈ ਵੱਖ-ਵੱਖ ਜ਼ਿਲ੍ਹਿਆਂ 'ਚ ਕੇਂਦਰ ਬਣਾਏ ਜਾਣਗੇ।
ਇਸ ਤੋਂ ਇਲਾਵਾ, ਪੀਪੀਈ, ਐਨ 95 ਮਾਸਕ, ਟ੍ਰਿਪਲ ਲੇਅਰ ਮਾਸਕ ਤੇ ਦਸਤਾਨੇ ਆਦਿ ਇੰਫੈਕਸ਼ਨ ਦੀ ਸੰਭਾਵਨਾ ਨੂੰ ਘੱਟ ਕਰਨ ਲਈ ਲੋਕਾਂ ਨਾਲ ਸਿੱਧੇ ਸੰਪਰਕ ਵਿੱਚ ਆਉਣ ਵਾਲੇ ਪੁਲਿਸ ਕਰਮਚਾਰੀਆਂ ਨੂੰ ਪ੍ਰਦਾਨ ਕੀਤੇ ਜਾਣਗੇ। ਇਹ ਫੈਸਲਾ ਡੀਜੀਪੀ ਦਿਨਕਰ ਗੁਪਤਾ ਨੇ ਸਮੂਹ ਰੇਂਜਾਂ ਦੇ ਆਈਜੀ ਤੇ ਡੀਆਈਜੀ ਤੇ ਜ਼ਿਲ੍ਹਾ ਪੁਲਿਸ ਮੁਖੀਆਂ ਨਾਲ ਇੱਕ ਵੀਡੀਓ ਕਾਨਫਰੰਸ ਦੌਰਾਨ ਲਿਆ।
ਸਾਰੇ ਪੁਲਿਸ ਕਮਿਸ਼ਨਰਾਂ ਅਤੇ ਸੁਪਰਡੈਂਟਾਂ ਨੂੰ ਆਦੇਸ਼ ਦਿੱਤਾ ਗਿਆ ਸੀ ਕਿ ਜੇ ਉਨ੍ਹਾਂ ਦੇ ਜ਼ਿਲ੍ਹੇ ਦੇ ਕਿਸੇ ਵੀ ਪੁਲਿਸ ਮੁਲਾਜ਼ਮਾਂ ਨੂੰ ਕੋਰੋਨਾ ਜਾਂ ਕਿਸੇ ਵੀ ਫਲੂ ਦੇ ਲੱਛਣ ਲੱਗਦੇ ਹਨ ਤਾਂ ਤੁਰੰਤ ਡਾਕਟਰੀ ਦੇਖਭਾਲ ਨੂੰ ਯਕੀਨੀ ਬਣਾਇਆ ਜਾਵੇ ਤੇ ਉਨ੍ਹਾਂ ਨੂੰ ਘਰ ਤੋਂ ਦੂਰ ਅਲੱਗ ਰੱਖਿਆ ਜਾਵੇ।
ਇਸ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਕਿ ਜ਼ਿਲ੍ਹਾ ਹੋਮ ਕੁਆਰੰਟੀਨ ਸੈਂਟਰ ਜਲਦੀ ਹੀ ਸਥਾਪਤ ਕੀਤੇ ਜਾਣਗੇ ਅਤੇ ਇਸ ਲਈ ਸਾਰੇ ਜ਼ਿਲ੍ਹਿਆਂ ਵਿੱਚ ਢੁਕਵੀਂ ਇਮਾਰਤਾਂ ਦੀ ਨਿਸ਼ਾਨਦੇਹੀ ਕੀਤੀ ਜਾਵੇਗੀ। ਇਨ੍ਹਾਂ ਕੇਂਦਰਾਂ ਵਿੱਚ ਰਹਿਣ, ਭੋਜਨ, ਇਲਾਜ ਤੇ ਮਨੋਰੰਜਨ ਵਰਗੀਆਂ ਸਾਰੀਆਂ ਸਹੂਲਤਾਂ ਦਾ ਪ੍ਰਬੰਧ ਕੀਤਾ ਜਾਵੇਗਾ।