ਪੰਜਾਬ ਪੁਲਿਸ ਨੇ ਪਿਛਲੇ ਹਫ਼ਤੇ ਨਸ਼ਾ ਤਸਕਰਾਂ ਕੋਲੋਂ 11.73 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਸੀ। ਇਸ ਤੋਂ ਇਲਾਵਾ 31 ਅਜਿਹੇ ਅਪਰਾਧੀਆਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਨੂੰ ਐਨਡੀਪੀਐਸ ਐਕਟ ਤਹਿਤ ਭਗੌੜਾ ਕਰਾਰ ਦਿੱਤਾ ਗਿਆ ਸੀ। ਪੁਲਿਸ ਨੇ ਸੂਬੇ ਭਰ ਵਿੱਚੋਂ 7.93 ਲੱਖ ਤੋਂ ਵੱਧ ਨਸ਼ੀਲੀਆਂ ਗੋਲੀਆਂ, ਕੈਪਸੂਲ ਅਤੇ ਫਾਰਮਾ ਓਪੀਔਡਜ਼ ਦੇ ਟੀਕੇ ਬਰਾਮਦ ਕੀਤੇ ਹਨ। ਇਨ੍ਹਾਂ ਵਿੱਚ 6.82 ਲੱਖ ਨਸ਼ੀਲੀਆਂ ਗੋਲੀਆਂ, 17169 ਨਸ਼ੀਲੇ ਟੀਕੇ, 85442 ਨਸ਼ੀਲੇ ਕੈਪਸੂਲ ਅਤੇ 8648 ਨਸ਼ੇ ਦੀਆਂ ਬੋਤਲਾਂ ਸ਼ਾਮਲ ਹਨ।


ਫਤਿਹਗੜ੍ਹ ਸਾਹਿਬ ਪੁਲਿਸ ਨੇ ਯੂਪੀ ਦੇ ਸਹਾਰਨਪੁਰ ਵਿੱਚ ਇੱਕ ਗੈਰ-ਕਾਨੂੰਨੀ ਗੋਦਾਮ ਵਿੱਚ ਛਾਪਾ ਮਾਰ ਕੇ ਫਾਰਮਾ ਓਪੀਔਡਜ਼ ਦੀਆਂ 7 ਲੱਖ ਤੋਂ ਵੱਧ ਗੋਲੀਆਂ/ਕੈਪਸੂਲ/ਟੀਕੇ ਬਰਾਮਦ ਕਰਕੇ ਇੱਕ ਫਾਰਮਾਸਿਊਟੀਕਲ ਡਰੱਗ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਫਤਹਿਗੜ੍ਹ ਸਾਹਿਬ ਪੁਲਿਸ ਨੇ ਪੁਲਿਸ ਵੱਲੋਂ ਪਹਿਲਾਂ ਗਿ੍ਫ਼ਤਾਰ ਕੀਤੇ ਗਏ ਦੋ ਵਿਅਕਤੀਆਂ ਤੋਂ ਕੀਤੀ ਗਈ ਪੁੱਛਗਿੱਛ ਤੋਂ ਮਿਲੀ ਜਾਣਕਾਰੀ ਦੇ ਆਧਾਰ 'ਤੇ ਮੁੱਖ ਸਪਲਾਇਰ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ, ਜਿਨ੍ਹਾਂ ਪਾਸੋਂ 175 ਬੋਪਰੇਨੋਰਫਾਈਨ ਦੇ ਟੀਕੇ ਅਤੇ 175 ਬੋਤਲਾਂ ਐਵੀਲ ਬਰਾਮਦ ਕੀਤੀਆਂ ਗਈਆਂ |

ਇਨ੍ਹਾਂ ਤੋਂ ਇਲਾਵਾ ਪੁਲਿਸ ਨੇ ਸੂਬੇ ਭਰ ਦੀਆਂ ਸੰਵੇਦਨਸ਼ੀਲ ਸੜਕਾਂ 'ਤੇ ਨਾਕੇਬੰਦੀ ਕਰਕੇ ਨਸ਼ਾ ਪ੍ਰਭਾਵਿਤ ਇਲਾਕਿਆਂ ਦੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮਾਂ ਦੌਰਾਨ 8.37 ਕਿਲੋਗ੍ਰਾਮ ਹੈਰੋਇਨ, 32.28 ਕਿਲੋ ਅਫੀਮ, 53.2 ਕਿਲੋ ਗਾਂਜਾ ਅਤੇ 140 ਕੁਇੰਟਲ ਭੁੱਕੀ ਬਰਾਮਦ ਕੀਤੀ ਹੈ। 11.73 ਲੱਖ ਰੁਪਏ ਦੀ ਰਕਮ ਹੈ।

ਇੱਕ ਹਫ਼ਤੇ ਵਿੱਚ 389 ਐਫਆਈਆਰ ਦਰਜ, 508 ਗ੍ਰਿਫ਼ਤਾਰ


ਆਈਜੀ ਸੁਖਚੌਨ ਸਿੰਘ ਗਿੱਲ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪਿਛਲੇ ਇੱਕ ਹਫ਼ਤੇ ਦੌਰਾਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਐਨਡੀਪੀਐਸ) ਐਕਟ ਅਧੀਨ 389 ਐਫਆਈਆਰ ਦਰਜ ਕੀਤੀਆਂ ਹਨ, ਜਿਨ੍ਹਾਂ ਵਿੱਚੋਂ 40 ਵਪਾਰਕ ਨਸ਼ਾ ਤਸਕਰੀ ਨਾਲ ਸਬੰਧਤ ਹਨ, 508 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਪੁਲੀਸ ਨੇ ਪਿਛਲੇ ਹਫ਼ਤੇ ਐਨਡੀਪੀਐਸ ਕੇਸਾਂ ਵਿੱਚ ਲੋੜੀਂਦੇ 31 ਭਗੌੜਿਆਂ ਅਤੇ ਦੋਸ਼ੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

 

ਤਲਾਸ਼ੀ ਮੁਹਿੰਮ ਚਲਾਉਣ ਦੇ  ਦਿੱਤੇ ਹੁਕਮ  


ਆਈਜੀ ਗਿੱਲ ਨੇ ਦੱਸਿਆ ਕਿ ਡੀਜੀਪੀ ਗੌਰਵ ਯਾਦਵ ਨੇ ਸਾਰੇ ਸੀਪੀ/ਐਸਐਸਪੀ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਆਪਣੇ ਅਧਿਕਾਰ ਖੇਤਰ ਵਿੱਚ ਨਸ਼ਾ ਤਸਕਰੀ ਦੀਆਂ ਸੰਵੇਦਨਸ਼ੀਲ ਥਾਵਾਂ ਦੀ ਸ਼ਨਾਖਤ ਕਰਕੇ ਤਸਕਰਾਂ 'ਤੇ ਸ਼ਿਕੰਜਾ ਕੱਸਣ ਅਤੇ ਨਸ਼ਾ ਵੇਚਣ/ਤਸਕਰੀ ਕਰਨ ਵਾਲੇ ਸਾਰੇ ਦੋਸ਼ੀਆਂ ਨੂੰ ਫੜਨ ਲਈ ਤਲਾਸ਼ੀ ਮੁਹਿੰਮ ਸ਼ੁਰੂ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੇ ਥਾਣਾ ਮੁਖੀਆਂ ਨੂੰ ਫੜੇ ਗਏ ਸਾਰੇ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ ਤਾਂ ਜੋ ਉਨ੍ਹਾਂ ਕੋਲੋਂ ਗੈਰ-ਕਾਨੂੰਨੀ ਢੰਗ ਨਾਲ ਕਮਾਏ ਪੈਸੇ ਨੂੰ ਬਰਾਮਦ ਕੀਤਾ ਜਾ ਸਕੇ।