ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨੂੰ ਭਗੌੜਾ ਐਲਾਨਿਆ, ਕੇਂਦਰ ਤੇ ਪੰਜਾਬ ਸਰਕਾਰ ਨੇ ਅਲਰਟ ਕੀਤਾ ਜਾਰੀ
'ਵਾਰਿਸ ਪੰਜਾਬ ਦੇ' ਦੇ ਫਰਾਰ ਮੁਖੀ ਅਤੇ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਪੰਜਾਬ ਪੁਲਿਸ ਦਾ ਆਪਰੇਸ਼ਨ (Amritpal Singh Arrest Operation) ਦੂਜੇ ਦਿਨ ਵੀ ਜਾਰੀ ਹੈ।
Amritpal Singh Arrest Operation : 'ਵਾਰਿਸ ਪੰਜਾਬ ਦੇ' ਦੇ ਫਰਾਰ ਮੁਖੀ ਅਤੇ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਪੰਜਾਬ ਪੁਲਿਸ ਦਾ ਆਪਰੇਸ਼ਨ (Amritpal Singh Arrest Operation) ਦੂਜੇ ਦਿਨ ਵੀ ਜਾਰੀ ਹੈ। ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸ ਸਮੇਂ ਹਰ ਥਾਂ ਪੈਰਾ ਮਿਲਟਰੀ ਫੋਰਸ, ਰੈਪਿਡ ਐਕਸ਼ਨ ਫੋਰਸ ਅਤੇ ਪੁਲਿਸ ਮੁਲਾਜ਼ਮ ਤਾਇਨਾਤ ਹਨ। ਕੇਂਦਰ ਸਰਕਾਰ ਵੀ ਲਗਾਤਾਰ ਸੂਬਾ ਸਰਕਾਰ ਦੇ ਸੰਪਰਕ ਵਿੱਚ ਹੈ ਅਤੇ ਆਪਰੇਸ਼ਨ ਦੀ ਹਰ ਅਪਡੇਟ ਲੈ ਰਹੀ ਹੈ। ਜਲੰਧਰ ਦੇ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੇ ਸਾਰੇ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਲਦੀ ਹੀ ਅੰਮ੍ਰਿਤਪਾਲ ਨੂੰ ਵੀ ਗ੍ਰਿਫਤਾਰ ਕਰ ਲਿਆ ਜਾਵੇਗਾ। ਜਾਂਚ ਜਾਰੀ ਹੈ।
ਅੰਮ੍ਰਿਤਪਾਲ ਸਿੰਘ ਨੂੰ ਭਗੌੜਾ ਐਲਾਨਿਆ
ਪੰਜਾਬ ਪੁਲਿਸ ਨੇ ਜਲੰਧਰ ਜ਼ਿਲ੍ਹੇ ਦੇ ਨਕੋਦਰ ਇਲਾਕੇ ਵਿੱਚ ਦੇਰ ਰਾਤ ਤੱਕ ਤਲਾਸ਼ੀ ਮੁਹਿੰਮ ਚਲਾਈ। ਪਿੰਡ ਸਰੀਂਹ ਵਿੱਚ ਸਰਚ ਆਪਰੇਸ਼ਨ ਦੀ ਅਗਵਾਈ ਜਲੰਧਰ ਦੇ ਪੁਲਿਸ ਕਮਿਸ਼ਨਰ ਨੇ ਖੁਦ ਕੀਤੀ। ਉਨ੍ਹਾਂ ਕਿਹਾ, ਅੰਮ੍ਰਿਤਪਾਲ ਸਿੰਘ ਭਗੌੜਾ ਐਲਾਨਿਆ ਹੈ, ਉਹਨਾਂ ਕਿਹਾ ਅੰਮ੍ਰਿਤਪਾਲ ਨੂੰ ਜਲਦੀ ਹੀ ਫੜ ਲਿਆ ਜਾਵੇਗਾ। ਦੱਸਿਆ ਜਾ ਰਿਹੈ ਕਿ ਪੁਲਿਸ ਨੂੰ ਅੰਮ੍ਰਿਤਪਾਲ ਦੀ ਕਾਰ ਨਕੋਦਰ 'ਚ ਖੜ੍ਹੀ ਮਿਲੀ।
ਪੁਲਿਸ ਨੂੰ ਅੰਮ੍ਰਿਤਪਾਲ ਦੀ ਕਾਰ ਮਿਲੀ ਹੈ ਨਕੋਦਰ ਤੋਂ
ਅੰਮ੍ਰਿਤਪਾਲ ਸਿੰਘ ਨੂੰ ਭਗੌੜਾ ਐਲਾਨਣ ਤੋਂ ਬਾਅਦ ਉਸ ਦੇ ਪਿਤਾ ਦਾ ਬਿਆਨ ਵੀ ਸਾਹਮਣੇ ਆਇਆ ਹੈ। ਅੰਮ੍ਰਿਤਪਾਲ ਦੇ ਪਿਤਾ ਤਰਸੇਮ ਦਾ ਕਹਿਣਾ ਹੈ ਕਿ ਜਦੋਂ ਉਹ ਘਰ ਸੀ ਤਾਂ ਉਸ ਦੇ ਪੁੱਤਰ ਨੂੰ ਗ੍ਰਿਫਤਾਰ ਕਿਉਂ ਨਹੀਂ ਕੀਤਾ ਗਿਆ। ਤਰਸੇਮ ਨੇ ਦਾਅਵਾ ਕੀਤਾ ਹੈ ਕਿ ਪੁਲਿਸ ਨੇ 3-4 ਘੰਟੇ ਤੱਕ ਉਸ ਦੇ ਘਰ ਦੀ ਤਲਾਸ਼ੀ ਲਈ ਪਰ ਕੁਝ ਵੀ ਨਾਜਾਇਜ਼ ਨਹੀਂ ਮਿਲਿਆ। ਤਰਸੇਮ ਨੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਉਸ ਦੇ ਪੁੱਤਰ ਨਾਲ ਕੁਝ ਵੀ ਹੋ ਸਕਦਾ ਹੈ।
ਪੰਜਾਬ ਪੁਲਿਸ ਅਤੇ ਕੇਂਦਰੀ ਏਜੰਸੀਆਂ ਦਾ ਅਲਰਟ
ਪੰਜਾਬ ਪੁਲਿਸ ਅਤੇ ਕੇਂਦਰੀ ਏਜੰਸੀਆਂ ਨੇ ਲੋਕਾਂ ਨੂੰ ਪਾਕਿਸਤਾਨ ਤੋਂ ਸੋਸ਼ਲ ਮੀਡੀਆ 'ਤੇ ਭੇਜੀਆਂ ਜਾ ਰਹੀਆਂ ਗਲਤ ਸੂਚਨਾਵਾਂ 'ਤੇ ਵਿਸ਼ਵਾਸ ਨਾ ਕਰਨ ਦੀ ਅਪੀਲ ਕੀਤੀ ਹੈ। ਪਾਕਿਸਤਾਨ ਵਿੱਚ ਬੈਠੇ ਖਾਲਿਸਤਾਨੀ ਫਰਜ਼ੀ ਆਈਡੀ ਵਾਲੀਆਂ ਅਜਿਹੀਆਂ ਪੋਸਟਾਂ ਰਾਹੀਂ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਪੰਜਾਬ ਸਰਕਾਰ ਨੇ ਫਿਰ ਸਪੱਸ਼ਟ ਕੀਤਾ ਹੈ ਕਿ ਅਜੇ ਤੱਕ ਨਾ ਤਾਂ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਪੰਜਾਬ ਵਿੱਚ ਹਾਲਾਤ ਆਮ ਵਾਂਗ ਹਨ।