Amritpal Singh Arrest: ਪੰਜਾਬ ਪੁਲਿਸ ਨੇ ਐਤਵਾਰ ਸਵੇਰੇ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਮੋਗਾ ਤੋਂ ਹਿਰਾਸਤ ਵਿੱਚ ਲਿਆ ਹੈ। ਚਰਚਾ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਖੁਦ ਹੀ ਰੋਡੇ ਪਿੰਡ ਦੇ ਇੱਕ ਗੁਰਦੁਆਰੇ ਵਿੱਚ ਆਤਮ ਸਮਰਪਣ ਕੀਤਾ ਹੈ। 



ਗ੍ਰਿਫਤਾਰੀ ਤੋਂ ਪਹਿਲਾਂ ਪਿੰਡ ਰੋਡੇ ਵਿੱਚ ਸੰਬੋਧਨ ਕਰਦਿਆਂ ਅੰਮ੍ਰਿਤਪਾਲ ਸਿੰਘ ਨੇ ਕਿਹਾ, "ਇਹ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦਾ ਜਨਮ ਸਥਾਨ ਹੈ। ਉਸੇ ਥਾਂ 'ਤੇ ਅਸੀਂ ਆਪਣਾ ਕੰਮ ਵਧਾ ਰਹੇ ਹਾਂ ਤੇ ਇੱਕ ਅਹਿਮ ਮੋੜ 'ਤੇ ਖੜ੍ਹੇ ਹਾਂ। ਇੱਕ ਮਹੀਨੇ ਤੋਂ ਜੋ ਕੁਝ ਹੋ ਰਿਹਾ ਹੈ, ਉਹ ਸਭ ਨੇ ਦੇਖਿਆ ਹੈ। ਜੇਕਰ ਇਹ ਸਿਰਫ ਗ੍ਰਿਫਤਾਰੀ ਦੀ ਗੱਲ ਹੁੰਦੀ ਤਾਂ ਗ੍ਰਿਫਤਾਰੀ ਦੇ ਕਈ ਤਰੀਕੇ ਸਨ। ਅਸੀਂ ਸਹਿਯੋਗ ਕਰਦੇ।


ਉਨ੍ਹਾਂ ਅੱਗੇ ਕਿਹਾ ਕਿ ਦੁਨੀਆਂ ਦੀ ਕਚਹਿਰੀ ਵਿੱਚ ਅਸੀਂ ਦੋਸ਼ੀ ਪਾਏ ਜਾ ਸਕਦੇ ਹਾਂ। ਸੱਚੇ ਗੁਰੂ ਦੇ ਦਰਬਾਰ ਵਿੱਚ ਨਹੀਂ। ਮਹੀਨੇ ਬਾਅਦ ਫੈਸਲਾ ਕੀਤਾ, ਇਸ ਧਰਤੀ 'ਤੇ ਲੜੇ ਹਾਂ ਤੇ ਲੜਾਂਗੇ। ਜਿਹੜੇ ਝੂਠੇ ਕੇਸ ਹਨ, ਉਨ੍ਹਾਂ ਦਾ ਸਾਹਮਣਾ ਕੀਤਾ ਜਾਵੇਗਾ। ਗ੍ਰਿਫਤਾਰੀ ਅੰਤ ਨਹੀਂ, ਸਗੋਂ ਸ਼ੁਰੂਆਤ ਹੈ।



ਪੁਲਿਸ ਦੀ ਪੰਜਾਬੀਆਂ ਨੂੰ ਅਪੀਲ


ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨ ਮਗਰੋਂ ਪੰਜਾਬ ਪੁਲਿਸ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਲਈ ਕਿਹਾ ਹੈ। ਪੰਜਾਬ ਪੁਲਿਸ ਨੇ ਟਵੀਟ ਕਰਕੇ ਕਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦੇ ਮੋਗਾ ਤੋਂ ਗ੍ਰਿਫਤਾਰ ਕੀਤਾ ਗਿਆ। ਪੰਜਾਬ ਪੁਲਿਸ ਵੱਲੋਂ ਹੋਰ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ। ਨਾਗਰਿਕਾਂ ਨੂੰ ਸ਼ਾਂਤੀ ਤੇ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕਰਦੇ ਹਾਂ, ਕੋਈ ਵੀ ਜਾਅਲੀ ਖ਼ਬਰਾਂ ਸਾਂਝੀਆਂ ਨਾ ਕਰੋ, ਹਮੇਸ਼ਾਂ ਤਸਦੀਕ ਕਰੋ ਤੇ ਸਾਂਝਾ ਕਰੋ।


 






 


ਦੱਸ ਦਈਏ ਕਿ ਪੁਲਿਸ ਦੇ ਹਿਰਾਸਤ ਵਿੱਚ ਲੈਣ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਗੁਰਦੁਆਰੇ ਵਿੱਚ ਸੰਗਤਾਂ ਨੂੰ ਸੰਬੋਧਨ ਕਰ ਰਿਹਾ ਸੀ। ਉਸ ਨੂੰ ਬਠਿੰਡਾ ਹਵਾਈ ਅੱਡੇ ਤੋਂ ਫਲਾਈਟ ਰਾਹੀਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਲਿਜਾਇਆ ਜਾਵੇਗਾ। ਅੰਮ੍ਰਿਤਪਾਲ ਖ਼ਿਲਾਫ਼ ਐਨਐਸਏ ਤਹਿਤ ਕੇਸ ਦਰਜ ਕੀਤਾ ਗਿਆ ਹੈ।