Punjab News: 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਕੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਅਜਨਾਲਾ ਥਾਣਾ ਘੇਰਨ ਮਗਰੋਂ ਪੁਲਿਸ ਵਿੱਚ ਮਾਯੂਸੀ ਦਾ ਅਲਮ ਹੈ। ਵੀਰਵਾਰ ਨੂੰ ਅਜਨਾਲਾ ਵਿੱਚ ਵਾਪਰੇ ਘਟਨਾਕ੍ਰਮ ਤੋਂ ਬਾਅਦ ਅੱਜ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੀਟਿੰਗ ਕਰਨਗੇ। ਸੂਤਰਾਂ ਮੁਤਾਬਕ ਸੀਨੀਅਰ ਪੁਲਿਸ ਅਧਿਕਾਰੀ ਮੀਟਿੰਗ ਲਈ ਸ਼੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਪਹੁੰਚ ਰਹੇ ਹਨ।
ਦੱਸ ਦਈਏ ਕਿ ਬੁੱਧਵਾਰ ਨੂੰ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਵੱਲੋਂ ਥਾਣਾ ਅਜਨਾਲਾ ਦਾ ਘਿਰਾਓ ਕੀਤਾ ਸੀ। ਭਾਈ ਅੰਮ੍ਰਿਤਪਾਲ ਸਿੰਘ ਨੇ ਪਹਿਲਾਂ ਹੀ ਅਜਨਾਲਾ ਥਾਣੇ ਦੇ ਘਿਰਾਓ ਦਾ ਐਲਾਨ ਕੀਤਾ ਸੀ ਜਿਨ੍ਹਾਂ ਨੂੰ ਰੋਕਣ ਲਈ ਪੰਜਾਬ ਪੁਲਿਸ ਨੇ ਸਖਤ ਰੋਕਾਂ ਲਾਈਆਂ ਹੋਈਆਂ ਸੀ ਪਰ ਭਾਈ ਅੰਮ੍ਰਿਤਪਾਲ ਸਿੰਘ ਦੇ ਹਮਾਇਤੀ ਇੰਨੀ ਵੱਡੀ ਗਿਣਤੀ ਵਿੱਚ ਪਹੁੰਚ ਗਏ ਕਿ ਪੁਲਿਸ ਉਨ੍ਹਾਂ ਨੂੰ ਰੋਕਣ ਵਿੱਚ ਬੇਵੱਸ ਨਜ਼ਰ ਆਈ।
ਅਹਿਮ ਗੱਲ ਹੈ ਕਿ ਇਸ ਵਾਰ ਭਾਈ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਪੁਲਿਸ ਨੂੰ ਹੀ ਵੰਗਾਰਿਆ ਸੀ। ਕੁੱਟਮਾਰ ਦੇ ਕੇਸ ਵਿੱਚ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਹਮਾਇਤੀਆਂ ਦੀ ਗ੍ਰਿਫਤਾਰੀ ਖਿਲਾਫ ਭਾਈ ਅੰਮ੍ਰਿਤਪਾਲ ਸਿੰਘ ਨੇ ਥਾਣਾ ਅਜਨਾਲਾ ਦੇ ਘਿਰਾਓ ਦਾ ਐਲਾਨ ਕੀਤਾ ਹੋਇਆ ਸੀ। ਇਸ ਲਈ ਪੁਲਿਸ ਦੀ ਵੀ ਇੱਜ਼ਤ ਦਾ ਸਵਾਲ ਸੀ।
ਜ਼ਿਕਰ ਕਰ ਦਈਏ ਕਿ ਬੀਤੇ ਦਿਨ ਅਜਨਾਲਾ ਥਾਣੇ ’ਤੇ ਅੰਮ੍ਰਿਤਪਾਲ ਸਿੰਘ ਦੇ ਸਮਰਥਕ ਥਾਣੇ ਦੇ ਅੰਦਰ ਵੜ ਗਏ ਅਤੇ ਉਨ੍ਹਾਂ ਨੇ ਕਬਜ਼ਾ ਕਰ ਲਿਆ। ਇਸ ਮੌਕੇ ’ਤੇ ਅਜਨਾਲਾ ਦੇ ਐਸਪੀ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
ਇਸ ਦੌਰਾਨ ਭਾਈ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਤੇ ਪੰਜਾਬ ਪੁਲਿਸ ਵਿਚਾਲੇ ਝੜਪ ਵੀ ਹੋਈ ਸੀ। ਇਸ ਦੌਰਾਨ ਪੁਲਿਸ ਨੇ ਕਾਫਲੇ 'ਤੇ ਲਾਠੀਚਾਰਜ ਕੀਤਾ। ਇਸ ਸਭ ਦੇ ਬਾਵਜੂਦ ਭਾਈ ਅੰਮ੍ਰਿਤਪਾਲ ਸਿੰਘ ਆਪਣੇ ਸਾਥੀਆਂ ਨਾਲ ਅਜਨਾਲਾ ਪਹੁੰਚ ਗਏ। ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਵੱਲੋਂ ਪੁਲਿਸ ’ਤੇ ਤਲਵਾਰਾਂ ਨਾਲ ਹਮਲਾ ਵੀ ਕੀਤਾ ਗਿਆ ਸੀ। ਉੱਥੇ ਹੀ ਦੂਜੇ ਪਾਸੇ ਪੁਲਿਸ ਅਤੇ ਭਾਈ ਅੰਮ੍ਰਿਤਪਾਲ ਦੇ ਸਮਰਥਕਾਂ ਵਿਚਾਲੇ ਹੋਈ ਝੜਪ ਦੇ ਕਾਰਨ ਕਈ ਪੁਲਿਸ ਜ਼ਖਮੀ ਹੋ ਗਏ ਅਤੇ ਪੁਲਿਸ ਦੀਆਂ ਗੱਡੀਆਂ ਨੂੰ ਵੀ ਭੰਨਿਆ ਗਿਆ।