ਨਵੀਂ ਦਿੱਲੀ: ਤਿਹਾੜ ਜੇਲ੍ਹ 'ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪੁਲਿਸ ਪੰਜਾਬ ਲਿਆਵੇਗੀ। ਲਾਰੈਂਸ ਗੈਂਗ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਲਾਰੈਂਸ ਅਜੇ ਵੀ ਆਰਮਜ਼ ਐਕਟ ਤਹਿਤ ਦਿੱਲੀ ਪੁਲਿਸ ਦੇ ਰਿਮਾਂਡ 'ਤੇ ਹੈ। ਉਸ ਨੂੰ ਅੱਜ ਮੰਗਲਵਾਰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ। ਲਾਰੈਂਸ ਤੋਂ ਮੂਸੇਵਾਲਾ ਕਤਲ ਕਾਂਡ ਵਿੱਚ ਰਚੀ ਗਈ ਸਾਜ਼ਿਸ਼ ਬਾਰੇ ਪੁੱਛਗਿੱਛ ਕੀਤੀ ਜਾਵੇਗੀ। ਲਾਰੈਂਸ ਦੇ ਕੈਨੇਡਾ 'ਚ ਰਹਿੰਦੇ ਸਾਥੀ ਗੋਲਡੀ ਬਰਾੜ ਨੇ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ।
ਇਸ ਦੇ ਨਾਲ ਹੀ ਦੱਸ ਦਈਏ ਕਿ ਗੈਂਗਸਟਰ ਲਾਰੈਂਸ ਪੰਜਾਬ ਨਹੀਂ ਆਉਣਾ ਚਾਹੁੰਦਾ। ਉਸ ਦੀ ਦਲੀਲ ਹੈ ਕਿ ਮੂਸੇਵਾਲਾ ਕਤਲ ਕਾਂਡ ਦੇ ਸਬੰਧ ਵਿੱਚ ਪੰਜਾਬ ਪੁਲਿਸ ਉਸ ਦਾ ਫੇਕ ਐਨਕਾਊਂਟਰ ਕਰ ਸਕਦੀ ਹੈ। ਇਸ ਮਾਮਲੇ ਵਿੱਚ ਲਾਰੈਂਸ ਨੇ ਐਨਆਈਏ ਕੋਰਟ ਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਹਾਲਾਂਕਿ ਉਸ ਨੂੰ ਕੋਈ ਰਾਹਤ ਨਹੀਂ ਮਿਲੀ।
ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਮਾਨਸਾ ਪੁਲਿਸ ਨੇ ਉਸ ਦੇ ਪਿਤਾ ਬਲਕੌਰ ਸਿੰਘ ਦੇ ਬਿਆਨ ਦਰਜ ਕੀਤੇ ਜਿਸ ਵਿੱਚ ਉਨ੍ਹਾਂ ਕਿਹਾ ਕਿ ਮੂਸੇਵਾਲਾ ਨੂੰ ਲਾਰੈਂਸ ਗੈਂਗ ਵੱਲੋਂ ਧਮਕੀਆਂ ਦਿੱਤੀਆਂ ਜਾ ਰਹੀਆਂ ਸੀ। ਪੁਲਿਸ ਨੇ ਸਿੱਧੇ ਤੌਰ 'ਤੇ ਲਾਰੈਂਸ ਖਿਲਾਫ ਮਾਮਲਾ ਦਰਜ ਨਹੀਂ ਕੀਤਾ ਪਰ ਬਿਆਨ 'ਚ ਉਸ ਦਾ ਨਾਂ ਦਰਜ ਹੈ। ਇਸ ਆਧਾਰ 'ਤੇ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ ਪ੍ਰੋਡਕਸ਼ਨ ਵਾਰੰਟ ਦੀ ਮੰਗ ਕੀਤੀ ਜਾਵੇਗੀ।