Punjab news: ਪੰਜਾਬ ਪੁਲਿਸ ਨੇ ਸੂਬੇ ਭਰ ’ਚ ਗੈਂਗਸਟਰਾਂ ਨਾਲ ਜੁੜੇ 822 ਟਿਕਾਣਿਆਂ ’ਤੇ ਕੀਤੀ ਛਾਪੇਮਾਰੀ
Punjab news: ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਸੂਬੇ ਭਰ ’ਚ ਗੈਂਗਸਟਰਾਂ ਦੇ ਸਹਿਯੋਗੀਆਂ/ਸਰਗਰਮ ਸਮਰਥਕਾਂ ਦੇ ਸ਼ੱਕੀ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
Punjab news: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਗੈਂਗਸਟਰ-ਅੱਤਵਾਦੀ ਗਠਜੋੜ ਵਿਰੁੱਧ ਵੱਡੇ ਪੱਧਰ ’ਤੇ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਸੂਬੇ ਭਰ ’ਚ ਗੈਂਗਸਟਰਾਂ ਦੇ ਸਹਿਯੋਗੀਆਂ/ਸਰਗਰਮ ਸਮਰਥਕਾਂ ਦੇ ਸ਼ੱਕੀ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਇਹ ਛਾਪੇਮਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸਵੇਰੇ 7 ਵਜੇ ਤੋਂ 11 ਵਜੇ ਤੱਕ ਇੱਕੋ ਸਮੇਂ ’ਤੇ ਕੀਤੀ ਗਈ। ਇਸ ਦੌਰਾਨ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਗੈਂਗਸਟਰਾਂ ਦੇ ਸਾਥੀਆਂ, ਰਿਸ਼ਤੇਦਾਰਾਂ ਅਤੇ ਦੋਸਤਾਂ ਦੇ ਰਿਹਾਇਸ਼ੀ ਅਤੇ ਹੋਰ ਟਿਕਾਣਿਆਂ ਦੀ ਬਾਰੀਕੀ ਨਾਲ ਤਲਾਸ਼ੀ ਕੀਤੀ ਗਈ।
ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਨਿਰਦੇਸ਼ ਦਿੱਤੇ ਗਏ ਸਨ ਕਿ ਉਹ ਇਸ ਆਪ੍ਰੇਸ਼ਨ, ਜਿਸਦਾ ਉਦੇਸ਼ ਅੱਤਵਾਦੀਆਂ, ਗੈਂਗਸਟਰਾਂ ਅਤੇ ਭਾਰਤ ਅਤੇ ਵਿਦੇਸ਼ਾਂ ਵਿੱਚ ਸਥਿਤ ਨਸ਼ਾ ਤਸਕਰਾਂ ਦੇ ਆਪਸੀ ਗੱਠਜੋੜ ਨੂੰ ਤਾਰਪੀਡੋ ਕਰਨਾ ਸੀ, ਨੂੰ ਸਫਲ ਬਣਾਉਣ ਲਈ ਇੰਸਪੈਕਟਰਾਂ/ਸਬ-ਇੰਸਪੈਕਟਰਾਂ ਦੀ ਅਗਵਾਈ ਵਿੱਚ ਮਜ਼ਬੂਤ ਪੁਲਿਸ ਪਾਰਟੀਆਂ ਤਾਇਨਾਤ ਕਰਨ । ਉਨ੍ਹਾਂ ਕਿਹਾ ਕਿ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੂੰ ਸ਼ੱਕੀ ਵਿਅਕਤੀਆਂ ਨੂੰ ਕਾਬੂ ਕਰਨ ਲਈ ਵੀ ਕਿਹਾ ਗਿਆ ਸੀ।
ਇਹ ਵੀ ਪੜ੍ਹੋ: Punjab Police: ਗੈਂਗਸਟਰਾਂ ਖ਼ਿਲਾਫ਼ ਪੁਲਿਸ ਦਾ ਵੱਡਾ ਐਕਸ਼ਨ ! ਅਸਲੇ ਸਮੇਤ 3 ਗ੍ਰਿਫ਼ਤਾਰ, ਨੇਪਾਲ ਭੱਜਣ ਦੀ ਸੀ ਯੋਜਨਾ
ਉਨ੍ਹਾਂ ਦੱਸਿਆ ਕਿ ਇਸ ਆਪਰੇਸ਼ਨ ਵਿਚ ਪੰਜਾਬ ਪੁਲਿਸ ਦੀਆਂ 350 ਤੋਂ ਵੱਧ ਪਾਰਟੀਆਂ, ਜਿਹਨਾਂ ਵਿੱਚ 2000 ਪੁਲਿਸ ਮੁਲਾਜ਼ਮਾਂ ਸ਼ਾਮਲ ਸਨ, ਵੱਲੋਂ ਵੱਖ-ਵੱਖ ਗੈਂਗਸਟਰਾਂ ਦੇ ਸਾਥੀਆਂ, ਰਿਸ਼ਤੇਦਾਰਾਂ ਅਤੇ ਦੋਸਤਾਂ ਦੇ 822 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਗਈ।
ਵਿਸ਼ੇਸ਼ ਡੀਜੀਪੀ ਨੇ ਕਿਹਾ, “ਹਾਲ ਹੀ ਵਿੱਚ ਗੈਂਗਸਟਰਾਂ ਦੇ ਮਾਡਿਊਲਾਂ ਦੇ ਪਰਦਾਫਾਸ਼ ਤੋਂ ਬਾਅਦ ਗ੍ਰਿਫਤਾਰ ਕੀਤੇ ਗਏ ਕਈ ਵਿਅਕਤੀਆਂ ਤੋਂ ਪੁੱਛਗਿੱਛ ਕਰਨ ਉਪਰੰਤ ਅੱਜ ਦੇ ਤਲਾਸ਼ੀ ਅਭਿਆਨ ਦੀ ਯੋਜਨਾ ਬਣਾਈ ਗਈ ਸੀ।’’
ਉਨ੍ਹਾਂ ਦੱਸਿਆ ਕਿ ਅਗਲੇਰੀ ਜਾਂਚ ਲਈ ਕਾਰਵਾਈ ਦੌਰਾਨ ਕਈ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਵੀ ਲਿਆ ਗਿਆ ਹੈ ।
ਜ਼ਿਕਰਯੋਗ ਹੈ ਕਿ ਅਜਿਹੇ ਛਾਪੇ ਸਮਾਜ ਵਿਰੋਧੀ ਅਨਸਰਾਂ ਵਿਚ ਪੁਲਿਸ ਦਾ ਡਰ ਪੈਦਾ ਕਰਨ ਅਤੇ ਆਮ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਮਦਦਗਾਰ ਸਾਬਿਤ ਹੁੰਦੇ ਹਨ।
ਇਹ ਵੀ ਪੜ੍ਹੋ: Punjab News: ਸੀਐਮ ਮਾਨ ਨੇ ਫੀਲਡ 'ਚ ਉਤਾਰੇ ਨਵੇਂ ਪਟਵਾਰੀ, ਸਿਖਲਾਈ ਭੱਤਾ 5000 ਤੋਂ ਵਧਾ ਕੇ 18,000 ਰੁਪਏ ਕੀਤਾ