ਚੰਡੀਗੜ੍ਹ:ਸੂਬੇ ਵਿੱਚ ਕੋਵਿਡ-19 ਦੇ ਵੱਧਦੇ ਮਾਮਲਿਆਂ ਅਤੇ ਮੌਤਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਸੂਬੇ ਦੇ ਡੀਜੀਪੀ ਨੂੰ ਵਿਸ਼ੇਸ਼ ਰਾਖਵੇਂ ਦਸਤੇ ਯਾਨੀ ਸਪੈਸ਼ਲ ਕੋਵਿਡ ਰੀਜ਼ਰਵਸ ਤਿਆਰ ਕਰਨ ਦੇ ਹੁਕਮ ਦਿੱਤੇ ਹਨ।ਉਨ੍ਹਾਂ ਅਗਲੇ ਕੁਝ ਮਹੀਨਿਆਂ ਲਈ ਗੈਰ-ਜ਼ਰੂਰੀ ਡਿਊਟੀਆਂ 'ਤੇ ਤਾਇਨਾਤ ਪੁਲਿਸ ਕਰਮਚਾਰੀਆਂ ਨੂੰ ਵਾਪਸ ਬੁਲਾ ਕੇ ਇਹ ਰੀਜ਼ਰਵਸ ਤਿਆਰ ਕਰਨ ਨੂੰ ਕਿਹਾ ਹੈ।
ਵੀਡੀਓ ਕਾਨਫਰੰਸਿੰਗ ਰਾਹੀਂ ਕੋਵਿਡ ਦੀ ਸਮੀਖਿਆ ਸਬੰਧੀ ਇਕ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਡੀਜੀਪੀ ਦਿਨਕਰ ਗੁਪਤਾ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਸੁਰੱਖਿਆ ਨੇਮਾਂ ਦੀ ਉਲੰਘਣਾ ਕਰਨ ਵਾਲਿਆਂ ਖਾਸ ਕਰਕੇ ਮਾਸਕ ਨਾ ਪਾਉਣ ਵਾਲਿਆਂ ਖਿਲਾਫ਼ ਸਖ਼ਤ ਕਦਮ ਚੁੱਕੇ ਜਾਣ।
ਉਨ੍ਹਾਂ ਡੀਜੀਪੀ ਨੂੰ ਇਹ ਨਿਰਦੇਸ਼ ਵੀ ਦਿੱਤੇ ਕਿ ਕੋਵਿਡ ਦੇ ਕੇਸਾਂ ਦੀ ਬਹੁਤਾਤ ਵਾਲੇ ਸ਼ਹਿਰਾਂ ਦੇ ਐਸਐਸਪੀਜ਼ ਨੂੰ ਇਹ ਹਦਾਇਤਾਂ ਵੀ ਦਿੱਤੀਆਂ ਜਾਣ ਕਿ ਇਸ ਮਹਾਂਮਾਰੀ ਦੇ ਹੋਰ ਫੈਲਾਅ ਨੂੰ ਰੋਕਣ ਲਈ ਨਿਯਮਾਂ ਅਤੇ ਸਰਕਾਰ ਵੱਲੋਂ ਲਾਈਆਂ ਪਾਬੰਦੀਆਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ।
ਪੰਜਾਬ ਵਿੱਚ ਪ੍ਰਤੀ ਮਿਲੀਅਨ ਦੇ ਹਿਸਾਬ ਨਾਲ ਮੌਤਾਂ ਦਾ ਅੰਕੜਾ 7.7 ਪ੍ਰਤੀ ਮਿਲੀਅਨ ਤੱਕ ਵਧਣ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਨੇ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਕੰਟੇਨਮੈਂਟ ਅਤੇ ਮਾਈਕਰੋ ਕੰਟੇਨਮੈਂਟ ਜ਼ੋਨਾਂ ਦੀ ਪਛਾਣ ਛੇਤੀ ਤੋਂ ਛੇਤੀ ਕੀਤੀ ਜਾਵੇ।
ਉਧਰ ਕੋਰੋਨਾਵਾਇਰਸ ਦੇ ਫੈਲਾਅ ਨੂੰ ਵੇਖਦੇ ਹੋਏ ਪੰਜਾਬ ਪੁਲਿਸ ਦੇ ਦਫ਼ਤਰਾਂ 'ਚ 50 ਫੀਸਦ ਹੀ ਸਟਾਫ ਨੂੰ ਬਲਾਉਣ ਦਾ ਫੈਸਲਾ ਕੀਤਾ ਗਿਆ ਹੈ।ਹਾਲਾਂਕਿ ਇਸ 'ਚ ਇਹ ਵੀ ਕਿਹਾ ਗਿਆ ਹੈ ਕਿ ਕਿਸੇ ਵੀ ਤਰ੍ਹਾਂ ਕੰਮ ਪ੍ਰਭਾਵਿਤ ਨਾ ਹੋਵੇ।