ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਬੁੱਧਵਾਰ ਨੂੰ ਦਿੱਲੀ ਦੇ ਜੰਤਰ-ਮੰਤਰ ’ਤੇ ਲਾਏ ਧਰਨੇ ਉਪਰ ਸਵਾਲ ਉੱਠੇ ਹਨ। ਚਰਚਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਸੰਸਦ ਮੈਂਬਰ ਹਰਸਿਮਰਤ ਬਾਦਲ ਵੱਲੋਂ ਕੀਤੇ ਪ੍ਰਦਰਸ਼ਨ ਵਿੱਚ ਇਕੱਠ ਨੂੰ ਭਰਵਾਂ ਬਣਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੈਂਕੜੇ ਮੁਲਾਜ਼ਮ ਭੇਜੇ ਗਏ।

Continues below advertisement


ਯੂਨਾਈਟਿਡ ਅਕਾਲੀ ਦਲ ਦੇ ਚੇਅਰਮੈਨ ਗੁਰਦੀਪ ਸਿੰਘ ਬਠਿੰਡਾ ਨੇ ਕਿਹਾ ਕਿ ਅਸਲ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਹੁਣ ਆਪਣੀ ਸਾਖ ਨੂੰ ਸ਼੍ਰੋਮਣੀ ਕਮੇਟੀ ਰਾਹੀਂ ਬਚਾਉਣਾ ਚਾਹੁੰਦੇ ਹਨ, ਪਰ ਸੁਖਬੀਰ ਬਾਦਲ ਆਪਣੀਆਂ ਗ਼ਲਤੀਆਂ ਨਾਲ ਆਪਣਾ ਅਕਸ ਗੁਆ ਬੈਠੇ ਹਨ ਤੇ ਰਾਜਸੀ ਤੌਰ ‘ਤੇ ਖ਼ਤਮ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਿਆਸੀ ਧਰਨਿਆਂ ਲਈ ਸ਼੍ਰੋਮਣੀ ਕਮੇਟੀ ਦਾ ਸਰਮਾਇਆ ਵਰਤਣਾ ਬਿਲਕੁਲ ਗ਼ਲਤ ਹੈ। ਉਨ੍ਹਾਂ ਕਿਹਾ ਕਿ ਜਦੋਂ ਉਹ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਕਰਦੇ ਸਨ ਤਾਂ ਉਦੋਂ ਗੱਠਜੋੜ ਸਰਕਾਰ ਸੰਘਰਸ਼ੀ ਲੋਕਾਂ ਨੂੰ ਫੜ ਕੇ ਜੇਲ੍ਹਾਂ ਵਿਚ ਬੰਦ ਕਰ ਦਿੰਦੀ ਸੀ।



ਪੰਜਾਬੀ ਦੇ ਇੱਕ ਪ੍ਰਸਿੱਧ ਅਖਬਾਰ ਦੀ ਰਿਪੋਰਟ ਮੁਤਾਬਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਵੱਲੋਂ 19 ਜੁਲਾਈ ਨੂੰ ਪੱਤਰ ਨੰਬਰ-846 ਤਹਿਤ ਦਿੱਲੀ ਦੇ ਜੰਤਰ ਮੰਤਰ ਧਰਨੇ ਵਿਚ ਸ਼੍ਰੋਮਣੀ ਕਮੇਟੀ ਦੇ 227 ਮੁਲਾਜ਼ਮਾਂ ਨੂੰ ਪੁੱਜਣ ਲਈ ਲਿਖਤੀ ਹੁਕਮ ਜਾਰੀ ਕੀਤੇ ਗਏ ਸਨ। ਇਨ੍ਹਾਂ ’ਚ ਅੰਮ੍ਰਿਤਸਰ ਤੇ ਤਰਨ ਤਾਰਨ ਦੇ ਗੁਰੂ ਘਰਾਂ ਦੇ 35 ਮੁਲਾਜ਼ਮ ਵੀ ਸ਼ਾਮਲ ਸਨ। 


ਹੁਕਮਾਂ ਵਿੱਚ ਲਿਖਿਆ ਗਿਆ ਕਿ ਇਹ ਮੁਲਾਜ਼ਮ ਦਿੱਲੀ ਸਿੱਖ ਮਿਸ਼ਨ ਵਿਖੇ ਪ੍ਰਬੰਧ ਵਿੱਚ ਸਹਾਇਤਾ ਕਰਨਗੇ, ਪਰ ਇਹ ਮੁਲਾਜ਼ਮ ਜੰਤਰ ਮੰਤਰ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਧਰਨੇ ਵਿੱਚ ਬੈਠੇ ਹੋਏ ਸਨ। ਸੂਤਰਾਂ ਮੁਤਾਬਕ ਇਨ੍ਹਾਂ ਮੁਲਾਜ਼ਮਾਂ ਨੂੰ ਜੰਤਰ ਮੰਤਰ ਦੇ ਧਰਨੇ ਵਿੱਚ ਲਿਜਾਣ ਵਾਸਤੇ ਗੱਡੀਆਂ ਵੀ ਸ਼੍ਰੋਮਣੀ ਕਮੇਟੀ ਦੀਆਂ ਵਰਤੀਆਂ ਗਈਆਂ ਹਨ।



 
ਉਧਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਦੇ ਸਕੱਤਰ ਡਾ. ਪਰਮਜੀਤ ਸਿੰਘ ਸਰੋਆ ਨੇ ਕਿਹਾ ਕਿ ਜੰਤਰ ਮੰਤਰ ’ਤੇ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਂਝੇ ਤੌਰ ‘ਤੇ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਧਰਨਾ ਲਾਇਆ ਗਿਆ ਸੀ। ਇਸੇ ਕਰਕੇ ਕਮੇਟੀ ਦੇ ਮੁਲਾਜ਼ਮ ਦਿੱਲੀ ਭੇਜੇ ਗਏ ਸਨ ਜੋ ਧਰਨਾ ਸਮਾਪਤੀ ਮਗਰੋਂ ਵਾਪਸ ਆ ਗਏ ਹਨ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ 11 ਮੈਂਬਰੀ ਕਮੇਟੀ ਵੀ ਬਣਾਈ ਗਈ ਹੈ।