ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਦੀ ਜਾਂਚ ਕੇਂਦਰੀ ਜਾਂਚ ਏਜੰਸੀ (ਸੀਬੀਆਈ) ਨੂੰ ਸੌਂਪੀ ਜਾਵੇ। ਉਨ੍ਹਾਂ ਕਿਹਾ ਕਿ ਮੂਸੇਵਾਲਾ ਦੇ ਕਤਲ ਨੂੰ ਕਾਫੀ ਸਮਾਂ ਬੀਤ ਚੁੱਕਾ ਹੈ ਪਰ ਪੰਜਾਬ ਪੁਲਿਸ ਕਾਤਲਾਂ ਨੂੰ ਫੜ ਨਹੀਂ ਸਕੀ। ਸ਼ਾਰਪਸ਼ੂਟਰ ਵੀ ਦਿੱਲੀ ਪੁਲਿਸ ਨੇ ਫੜੇ ਹਨ, ਪੰਜਾਬ ਪੁਲਿਸ ਨੇ ਕੁਝ ਨਹੀਂ ਕੀਤਾ।


ਸੁਖਬੀਰ ਬਾਦਲ ਨੇ ਦਾਅਵਾ ਕੀਤਾ ਕਿ ਪੰਜਾਬ ਪੁਲਿਸ ਇਸ ਮਾਮਲੇ ਨੂੰ ਹੱਲ ਨਹੀਂ ਕਰਨਾ ਚਾਹੁੰਦੀ ਕਿਉਂਕਿ ਜਿਨ੍ਹਾਂ ਅਧਿਕਾਰੀਆਂ ਨੇ ਸੁਰੱਖਿਆ ਘਟਾਈ, ਉਹ ਇਸ ਮਾਮਲੇ ਵਿੱਚ ਫਸਣਗੇ। ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੀ ਸੋਸ਼ਲ ਮੀਡੀਆ ਟੀਮ ਸੁਰੱਖਿਆ ਵੇਰਵਿਆਂ ਨੂੰ ਜਨਤਕ ਕਰਨ ਦੇ ਮਾਮਲੇ ਵਿੱਚ ਫਸ ਜਾਵੇਗੀ। ਕਾਤਲਾਂ ਨੇ ਆਪਣੇ ਬੰਦਿਆਂ ਨੂੰ ਸਾਫ਼ ਕਿਹਾ ਸੀ ਕਿ ਅੱਜ ਸੁਰੱਖਿਆ ਹਟਾ ਦਿੱਤੀ ਹੈ, ਕੱਲ੍ਹ ਨੂੰ ਮਾਰ ਦਿਓ। ਸੀਬੀਆਈ ਜਾਂਚ ਨਾਲ ਹੀ ਇਨਸਾਫ਼ ਮਿਲੇਗਾ।


ਦਰਅਸਲ ਅੱਜ ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚੰਡੀਗੜ੍ਹ 'ਤੇ ਆਪਣੇ ਹੱਕ ਦੇ ਮੁੱਦੇ 'ਤੇ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਮਗਰੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਅਸੀਂ ਚੰਡੀਗੜ੍ਹ ਦਾ ਇੱਕ ਇੰਚ ਵੀ ਕਿਸੇ ਨੂੰ ਨਹੀਂ ਦੇਵਾਂਗੇ, ਚੰਡੀਗੜ੍ਹ ਪੰਜਾਬ ਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਸੰਸਦ ਨੇ ਵੀ ਇਸ ਨੂੰ ਸਵੀਕਾਰ ਕੀਤਾ ਹੈ। ਇਸ ਲਈ ਅਕਾਲੀ ਦਲ ਇਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਜਦੋਂ ਤੋਂ 'ਆਪ' ਦੀ ਸਰਕਾਰ ਬਣੀ ਹੈ, ਉਹ ਸਾਰੇ ਮੁੱਦਿਆਂ ਬਾਰੇ ਚੁੱਪ ਹੈ। ਅੱਜ ਤੱਕ ਮੁੱਖ ਮੰਤਰੀ ਭਗਵੰਤ ਮਾਨ ਕੁਝ ਨਹੀਂ ਬੋਲੇ, ਚਾਹੇ ਉਹ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਦਾ ਐਸਵਾਈਐਲ 'ਤੇ ਬਿਆਨ ਹੋਵੇ ਜਾਂ ਫਿਰ BBMAB ਦਾ ਮੁੱਦਾ ਹੋਵੇ।