Punjab Power Shortage: ਬਿਜਲੀ ਕਮੀ ਨੂੰ ਲੈ ਕੇ ਆਪ ਦਾ ਕੈਪਟਨ ਸਰਕਾਰ 'ਤੇ ਵਾਰ, ਕੈਪਟਨ ਤੋਂ ਕੀਤੀ ਅਸਤੀਫੇ ਦੀ ਮੰਗ
Compensate Industries for Loss: ਆਪ ਦੇ ਜਰਨੈਲ ਸਿੰਘ ਨੇ ਕਿਹਾ ਕਿ ਬਿਜਲੀ ਦੀ ਕਮੀ ਕਾਰਨ ਉਦਯੋਗਾਂ ਨੂੰ ਹੋਏ ਨੁਕਸਾਨ ਦੀ ਭਰਪਾਈ ਕੈਪਟਨ ਅਮਰਿੰਦਰ ਸਿੰਘ ਨੂੰ ਕਰਨੀ ਚਾਹਿਦੀ ਹੈ।
ਚੰਡੀਗੜ੍ਹ: ਪੰਜਾਬ ਦੇ ਲੋਕਾਂ ਨੂੰ 24 ਘੰਟੇ ਬਿਜਲੀ ਦੇਣ ਦਾ ਵਾਅਦਾ ਕਰਕੇ ਸਰਕਾਰ ਵਿੱਚ ਆਏ ਕੈਪਟਨ ਅਮਰਿੰਦਰ ਸਿੰਘ ਹੁੱਣ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਫ਼ੇਲ ਹੋਏ ਹਨ, ਜਿਸ ਕਾਰਨ ਉਦਯੋਗਾਂ ਨੂੰ ਭਾਰੀ ਆਰਥਿਕ ਨੁਕਸਾਨ ਹੋ ਰਿਹਾ ਹੈ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਦਿੱਲੀ ਤੋਂ ਵਿਧਾਇਕ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨੇ ਬੁੱਧਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਨਾਲ ਹੀ ਉਨ੍ਹਾਂ ਮੰਗ ਕੀਤੀ ਕਿ ਕੈਪਟਨ ਅਮਰਿੰਦਰ ਸਿੰਘ ਬਿਜਲੀ ਦੀ ਕਮੀ ਕਾਰਨ ਉਦਯੋਗਾਂ ਨੂੰ ਹੋਏ ਆਰਥਿਕ ਨੁਕਸਾਨ ਦੀ ਭਰਪਾਈ ਕਰਨ।
ਜਰਨੈਲ ਸਿੰਘ ਨੇ ਦੋਸ਼ ਲਾਇਆ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਬਿਜਲੀ ਦੀ ਘਾਟ ਪੂਰੀ ਕਰਨ ਦੀ ਥਾਂ ਉਦਯੋਗਾਂ ਨੂੰ ਬੰਦ ਰੱਖਣ ਦੇ ਹੁਕਮ ਦਿੱਤੇ, ਜਿਸ ਕਾਰਨ ਇਨ੍ਹਾਂ ਉਦਯੋਗਾਂ ਵਿੱਚ ਕੰਮ ਕਰਨ ਵਾਲੇ ਹਜ਼ਾਰਾਂ ਲੋਕ ਬੇਰੁਜ਼ਗਾਰ ਹੋ ਗਏ ਹਨ ਅਤੇ ਉਤਪਾਦਨ ਦਾ ਕੰਮ ਠੱਪ ਹੋ ਗਿਆ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਸੂਬੇ ਵਿੱਚ ਛੋਟੀਆਂ ਫੈਕਟਰੀਆਂ ਦੀ ਹਾਲਤ ਵੀ ਬਹੁਤ ਮਾੜੀ ਹੈ ਅਤੇ ਖੇਤੀਬਾੜੀ ਖੇਤਰ ਵਿੱਚ ਪੂਰੀ ਬਿਜਲੀ ਨਾ ਮਿਲਣ ਕਾਰਨ ਕਿਸਾਨ ਲਾਇਆ ਝੋਨਾ ਖੇਤਾਂ ਵਿੱਚ ਵਾਹੁਣ ਲਈ ਮਜ਼ਬੂਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਅਮਰਿੰਦਰ ਸਿੰਘ ਦੇ ਸੂਬੇ 'ਚ ਛੋਟੇ ਵਪਾਰੀਆਂ, ਦੁਕਾਨਦਾਰਾਂ, ਕਿਸਾਨਾਂ ਅਤੇ ਉਦਯੋਗਪਤੀਆਂ ਦਾ ਬੁਰਾ ਹਾਲ ਹੋ ਗਿਆ ਹੈ।
ਵਿਧਾਇਕ ਜਰਨੈਲ ਸਿੰਘ ਨੇ ਸਬੂਤ ਪੇਸ਼ ਕਰਦਿਆਂ ਕਿਹਾ ਕਿ ਦਿੱਲੀ ਰਾਜ ਵਿੱਚ ਗਰਮੀ ਦੀ ਰੁੱਤ ਦੌਰਾਨ ਇੱਕ ਦਿਨ ਵੀ ਬਿਜਲੀ ਸਪਲਾਈ ਦਾ ਕੱਟ ਨਹੀਂ ਲਾਇਆ ਗਿਆ, ਕਿਉਂਕਿ ਉੱਥੇ ਸਾਫ਼ ਸੁਥਰੀ ਨੀਅਤ ਵਾਲੀ ਸਰਕਾਰ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹਨ। ਉਨ੍ਹਾਂ ਕਿਹਾ ਲੋਕ ਹਿਤੈਸ਼ੀ ਸਰਕਾਰ ਹੋਣ ਦਾ ਫਾਇਦਾ ਲੋਕਾਂ ਨੂੰ ਜ਼ਰੂਰ ਹੁੰਦਾ ਹੈ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਲੋਚਨਾ ਕਰਦਿਆਂ ਜਰਨੈਲ ਸਿੰਘ ਨੇ ਕਿਹਾ ਕਿ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਤੋਂ ਭੱਜੇ ਕੈਪਟਨ ਅਮਰਿੰਦਰ ਸਿੰਘ ਆਪਣੀ ਕੁਰਸੀ ਬਚਾਉਣ ਲਈ ਦਿੱਲੀ ਦਰਬਾਰ ਦੀ ਹਾਜ਼ਰੀ ਭਰਨ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਖਾਨਾਜੰਗੀ ਨੇ ਪੰਜਾਬ ਦੇ ਲੋਕਾਂ ਨੂੰ ਗਰੀਬ ਬਣਾ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਫੇਲ੍ਹ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਅਹੁੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਕਿਉਂਕਿ ਪੰਜਾਬ ਦੇ ਲੋਕ ਹੁੱਣ ਲੋਕਾਂ ਨਾਲ ਖੜਨ ਵਾਲਾ ਮੁੱਖ ਮੰਤਰੀ ਚੁਣਨਾ ਚਾਹੁੰਦੇ ਹਨ।
ਇਹ ਵੀ ਪੜ੍ਹੋ: ਲੁਧਿਆਣਾ ਵਿੱਚ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬੁੱਤ ਨੂੰ ਲਗਾਈ ਅੱਗ, ਪੁਲਿਸ ਨੇ ਵੀਡੀਓ ਦੇ ਅਧਾਰ ‘ਤੇ ਦਰਜ ਕੀਤਾ ਕੇਸ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904