ਚੰਡੀਗੜ੍ਹ: ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਪੰਜਾਬ ਵਿੱਚ ਲਾਵਾਰਿਸ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸੂਬੇ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਗਊਸ਼ਾਲਾਵਾਂ ਬਣਾਈਆਂ ਜਾਣਗੀਆਂ ਤੇ ਜੇਲ੍ਹਾਂ ਅੰਦਰ ਸਜ਼ਾ ਭੁਗਤ ਰਹੇ ਕੈਦੀ ਜੇਲ੍ਹਾਂ ਵਿੱਚ ਇਨ੍ਹਾਂ ਲਾਵਾਰਿਸ ਪਸ਼ੂਆਂ ਨੂੰ ਪੱਠੇ ਪਾਉਣਗੇ। ਇਹ ਗੱਲ ਰੰਧਾਵਾ ਨੇ ਮੁਹਾਲੀ ਵਿੱਚ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਦੌਰਾਨ ਆਖੀ।


ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰੰਧਾਵਾ ਨੇ ਕਿਹਾ ਕਿ ਸੂਬੇ ਵਿੱਚ ਲਾਵਾਰਿਸ ਪਸ਼ੂ ਗੰਭੀਰ ਸਮੱਸਿਆ ਬਣਦੇ ਜਾ ਰਹੇ ਹਨ। ਇਸ ਬਾਰੇ ਸੂਬੇ ਦੀਆਂ ਵੱਖ-ਵੱਖ ਜੇਲ੍ਹਾਂ 'ਚ ਖਾਲੀ ਪਈਆਂ ਜ਼ਮੀਨਾਂ ਵਿੱਚ ਗਊਸ਼ਾਲਾਵਾਂ ਬਣਾਉਣ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ। ਜੇਲ੍ਹਾਂ ਵਿੱਚ ਵੱਖ-ਵੱਖ ਕੇਸਾਂ ਵਿੱਚ ਸਜ਼ਾ ਭੁਗਤ ਰਹੇ ਕੈਦੀਆਂ ਤੋਂ ਗਊ ਸੇਵਾ ਦਾ ਕੰਮ ਲਿਆ ਜਾਵੇਗਾ।

ਇਸ ਦੇ ਨਾਲ ਹੀ ਬੋਰਵੈੱਲ ‘ਚ ਫ਼ਤਹਿਵੀਰ ਸਿੰਘ ਦੀ ਮੌਤ ’ਤੇ ਦੁੱਖ ਪ੍ਰਗਟਾਉਂਦਿਆਂ ਰੰਧਾਵਾ ਨੇ ਕਿਹਾ ਕਿ ਬੱਚੇ ਦੀ ਮੌਤ ਲਈ ਪੰਜਾਬ ਸਰਕਾਰ ਨੂੰ ਦੋਸ਼ੀ ਠਹਿਰਾਉਣਾ ਗ਼ਲਤ ਹੈ। ਇਹ ਕੰਮ ਕੇਂਦਰੀ ਜਾਂਚ ਏਜੰਸੀ ਐਨਡੀਆਰਐਫ ਨੂੰ ਸੌਂਪਿਆ ਗਿਆ ਸੀ। ਇਸ ਤੋਂ ਇਲਾਵਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਬਾਰੇ ਉਨ੍ਹਾਂ ਕਿਹਾ ਕਿ ਸਿੱਧੂ ਨਵੇਂ ਮਹਿਕਮੇ ਦਾ ਚਾਰਜ ਸੰਭਾਲਣ ਜਾਂ ਨਾ ਪਰ ਸਰਕਾਰ ਨੇ ਆਪਣੇ ਵੱਲੋਂ ਉਨ੍ਹਾਂ ਨੂੰ ਬਿਜਲੀ ਵਿਭਾਗ ਦਾ ਚਾਰਜ ਸੌਪ ਦਿੱਤਾ ਹੈ।