Punjab Haryana Himachal Weather Rain Alert by IMD : ਸਾਰੇ ਪੰਜਾਬ ਤੇ ਹਰਿਆਣਾ 'ਚ ਮੌਸਮ ਵਿਭਾਗ ਨੇ ਅਗਲੇ ਦੋ-ਤਿੰਨ ਦਿਨਾਂ ਦੇ ਅੰਦਰ ਮਾਨਸੂਨ ਦੇ ਪਹੁੰਚਣ ਦੀ ਉਮੀਦ ਜ਼ਾਹਿਰ ਕਰਦਿਆਂ ਇਨ੍ਹਾਂ ਸੂਬਿਆਂ 'ਚ ਅਗਲੇ ਕੁਝ ਦਿਨ ਦੌਰਾਨ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ।
ਭਾਰਤੀ ਮੌਸਮ ਵਿਭਾਗ ਨੇ ਕਿਹਾ ਕਿ ਅਗਲੇ ਚਾਰ ਤੋਂ ਪੰਜ ਦਿਨਾਂ ਤੱਕ ਉੱਤਰ-ਪੱਛਮੀ ਭਾਰਤ 'ਚ ਭਾਰੀ ਮੀਂਹ ਪੈ ਸਕਦਾ ਹੈ। ਵਿਭਾਗ ਨੇ ਮੀਂਹ ਦੇ ਨਾਲ ਹਨੇਰੀ ਚੱਲਣ ਅਤੇ ਬਿਜਲੀ ਲਿਸ਼ਕਣ ਦੀ ਸੰਭਾਵਨਾ ਵੀ ਜ਼ਾਹਿਰ ਕੀਤੀ ਹੈ। ਵਿਭਾਗ ਨੇ ਦੱਸਿਆ ਕਿ ਮਾਨਸੂਨ ਇਸ ਸਮੇਂ ਹਿਮਾਚਲ ਪ੍ਰਦੇਸ਼, ਲੱਦਾਖ਼, ਕਸ਼ਮੀਰ, ਜੰਮੂ ਅਤੇ ਦਿੱਲੀ ਦੇ ਬਹੁਤੇ ਹਿੱਸਿਆਂ ਦੇ ਨਾਲ ਨਾਲ ਪੰਜਾਬ ਅਤੇ ਹਰਿਆਣਾ ਦੇ ਕੁਝ ਹਿੱਸਿਆਂ 'ਚ ਪਹੁੰਚ ਚੁੱਕਾ ਹੈ।
ਵਿਭਾਗ ਨੇ ਕਿਹਾ ਕਿ ਮਾਨਸੂਨ ਦੇ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਜੰਮੂ ਦੇ ਬਾਕੀ ਹਿੱਸਿਆਂ ਅਤੇ ਚੰਡੀਗੜ੍ਹ ਵੱਲ ਵਧਣ ਲਈ ਸਥਿਤੀਆਂ ਪੂਰੀ ਤਰ੍ਹਾਂ ਢੁੱਕਵੀਆਂ ਹਨ ਅਤੇ ਆਉਂਦੇ 2-3 ਦਿਨਾਂ ਅੰਦਰ ਇਹ ਇੱਥੇ ਪਹੁੰਚ ਜਾਵੇਗਾ। ਵਿਭਾਗ ਨੇ ਦੱਸਿਆ ਕਿ 29 ਤੇ 30 ਜੂਨ ਨੂੰ ਹਿਮਾਚਲ ਪ੍ਰਦੇਸ਼, 30 ਜੂਨ ਅਤੇ 1 ਜੁਲਾਈ ਨੂੰ ਪੰਜਾਬ ਅਤੇ 29 ਜੂਨ ਤੋਂ 1 ਜੁਲਾਈ ਤੱਕ ਹਰਿਆਣਾ, ਚੰਡੀਗੜ੍ਹ ਤੇ ਦਿੱਲੀ 'ਚ ਭਾਰੀ ਮੀਂਹ ਪੈ ਸਕਦਾ ਹੈ।
ਹਿਮਾਚਲ ਪ੍ਰਦੇਸ਼ ਲਈ ਅਲਰਟ ਜਾਰੀ
ਮਿਲੀ ਜਾਣਕਾਰੀ ਮੁਤਾਬਕ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਅਤੇ ਨੇੜਲੇ ਇਲਾਕਿਆਂ 'ਚ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਗਈ ਹੈ ਅਤੇ ਮੌਸਮ ਵਿਭਾਗ ਨੇ ਸੱਤ ਜ਼ਿਲ੍ਹਿਆਂ 'ਚ ਅਗਲੇ ਦੋ ਦਿਨ ਭਾਰੀ ਮੀਂਹ ਪੈਣ ਦੀ ਸੰਭਾਵਨਾ ਜ਼ਾਹਿਰ ਕਰਦਿਆਂ ਔਰੇਂਜ ਅਲਰਟ ਅਤੇ 1 ਤੇ 2 ਜੁਲਾਈ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਚੰਬਾ, ਕਾਂਗੜਾ, ਕੁੱਲੂ, ਮੰਡੀ, ਸ਼ਿਮਲਾ, ਸਿਰਮੌਰ ਤੇ ਸੋਲਨ ਜ਼ਿਲ੍ਹਿਆਂ 'ਚ 29 ਤੇ 30 ਜੂਨ ਨੂੰ ਭਾਰੀ ਮੀਂਹ ਪੈਣ ਦੇ ਨਾਲ ਨਾਲ ਨੇਰ੍ਹੀ ਚੱਲਣ ਤੇ ਬਿਜਲੀ ਲਿਸ਼ਕਣ ਦੀ ਸੰਭਾਵਨਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।