ਚੰਡੀਗੜ੍ਹ: ਪੰਜਾਬ ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ ਵਿਭਾਗ ਵੱਲੋਂ ਰਜਿਸਟ੍ਰੇਸ਼ਨ ਤੇ ਸਟੈਂਪਾਂ ਤੋਂ 352.62 ਕਰੋੜ ਰੁਪਏ ਤੋਂ ਵੱਧ ਰਾਸ਼ੀ ਜੁਟਾਈ ਹੈ ਜੋ ਪਿਛਲੇ ਸਾਲ ਦੇ ਮੁਕਾਬਲੇ 30.45 ਫ਼ੀਸਦੀ ਵਧ ਹੈ।



ਇਸ ਸਬੰਧੀ ਵੇਰਵਿਆਂ ਸਹਿਤ ਜਾਣਕਾਰੀ ਦਿੰਦਿਆਂ ਪੰਜਾਬ ਦੇ ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਵਿਭਾਗ ਨੇ 1 ਤੋਂ 30 ਅਪ੍ਰੈਲ, 2022 ਤੱਕ ਰਜਿਸਟ੍ਰੇਸ਼ਨ ਤੇ ਸਟੈਂਪਾਂ ਤੋਂ 352.62 ਕਰੋੜ ਰੁਪਏ ਤੋਂ ਵੱਧ ਰਾਸ਼ੀ ਜੁਟਾਈ ਹੈ ਜਦੋਂਕਿ ਪਿਛਲੇ ਸਾਲ ਇਸ ਮਹੀਨੇ ਦੌਰਾਨ 270.31 ਕਰੋੜ ਰੁਪਏ ਇਕੱਤਰ ਹੋਏ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਲੋਕ-ਪੱਖੀ ਨੀਤੀਆਂ ਸਦਕਾ ਇਹ ਵਾਧਾ ਦਰਜ ਕੀਤਾ ਗਿਆ ਹੈ।

ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਸਰਕਾਰ ਦੀ ਵਾਗਡੋਰ ਸੰਭਾਲਣ ਉਪਰੰਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਹ ਸਪੱਸ਼ਟ ਸੰਦੇਸ਼ ਇਸ ਸਰਕਾਰ ਦੇ ਮਾਲੀਏ ਵਿੱਚ ਵਾਧੇ ਦਾ ਆਧਾਰ ਬਣਿਆ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਰਕਾਰ ਦੇ ਕਾਰਜਕਾਲ ਦੌਰਾਨ ਮਾਲੀਏ ਵਿੱਚ ਹੋਏ ਵਾਧੇ ਦੀ ਵਰਤੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਕਈ ਸਮਾਜ ਭਲਾਈ ਸਕੀਮਾਂ ਲਿਆਂਦੀਆਂ ਜਾ ਰਹੀਆਂ ਹਨ, ਜੋ ਆਮ ਲੋਕਾਂ ਦੇ ਸੁਪਨਿਆਂ ਨੂੰ ਸਾਕਾਰ ਕਰਨਗੀਆਂ। ਉਨ੍ਹਾਂ ਮੁੜ ਭਰੋਸਾ ਦਿੱਤਾ ਕਿ ਸਰਕਾਰੀ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਜਾਂ ਹੋਰ ਕਿਸੇ ਕਿਸਮ ਦੀ ਕੁਤਾਹੀ ਲਈ ਕੋਈ ਥਾਂ ਨਹੀਂ ਹੈ ਤੇ ਪੰਜਾਬ ਦੇ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।


ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਵੱਡੀ ਖ਼ਬਰ, ਸੀਐਮ ਭਗਵੰਤ ਮਾਨ ਵੱਲੋਂ ਰਜਿਸਟ੍ਰੇਸ਼ਨ ਲਈ ਪੋਰਟਲ ਲਾਂਚ