Punjab Roadways strike: ਪੰਜਾਬੀ ਘਰਾਂ ਤੋਂ ਨਿਕਲਣ ਤੋਂ ਪਹਿਲਾਂ ਪੜ੍ਹ ਲੈਣ ਇਹ ਖ਼ਬਰ, ਨਹੀਂ ਤਾਂ ਹੋਣਾ ਪਵੇਗਾ ਖੱਜਲ ਖੁਆਰ
Contractual staff of Punjab Roadways: ਪੰਜਾਬ 'ਚ ਮੰਗਲਵਾਰ ਤੋਂ ਬੱਸਾਂ ਦੇ ਚੱਕੇ ਜਾਮ। ਯਾਤਰਾ ਕਰਨ ਤੋਂ ਪਹਿਲਾਂ ਲੋਕਾਂ ਨੂੰ ਜਾਣਕਾਰੀ ਹਾਸਲ ਕਰ ਲੈਣੀ ਚਾਹਿਦੀ ਹੈ ਨਹੀਂ ਤਾਂ ਉਨ੍ਹਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਮਨਵੀਰ ਕੌਰ ਰੰਧਾਵਾ ਦੀ ਰਿਪੋਰਟ
ਚੰਡੀਗੜ੍ਹ: ਜੇਕਰ ਤੁਸੀਂ ਆਪਣੇ ਪਰਿਵਾਰ ਨਾਲ ਕਿਤੇ ਜਾਣ ਜਾਂ ਬੱਸ ਵਿੱਚ ਇਕੱਲੇ ਸਫ਼ਰ ਕਰਨ ਬਾਰੇ ਸੋਚ ਰਹੇ ਹੋ, ਤਾਂ ਇਸ ਨੂੰ ਫਿਲਹਾਲ ਮੁਲਤਵੀ ਕਰਨਾ ਹੀ ਸਹੀ ਰਹੇਗਾ। ਕਿਉਂਕਿ ਮੰਗਲਵਾਰ ਤੋਂ ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀ ਅਣਮਿੱਥੇ ਸਮੇਂ ਦੀ ਹੜਤਾਲ ਸ਼ੁਰੂ ਹੋਣ ਜਾ ਰਹੀ ਹੈ। ਯੂਨੀਅਨ ਆਗੂਆਂ ਦਾ ਦਾਅਵਾ ਹੈ ਕਿ ਹੜਤਾਲ ਕਾਰਨ ਉਹ ਬੱਸਾਂ ਨਹੀਂ ਚਲਾਉਣਗੇ।
ਇਸ ਦੇ ਮੱਦੇਨਜ਼ਰ ਜੇਕਰ ਲੁਧਿਆਣਾ ਡਿਪੂ ਦੀ ਗੱਲ ਕਰੀਏ ਤਾਂ ਇਸ ਹੜਤਾਲ ਕਾਰਨ 220 ਬੱਸਾਂ ਨਹੀਂ ਚੱਲਣਗੀਆਂ। ਅਜਿਹੇ 'ਚ ਆਮ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਜੁਆਇੰਟ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ, ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਅਤੇ ਪੀਆਰਟੀਸੀ ਐਸੋਸੀਏਸ਼ਨ ਦੇ ਪ੍ਰਧਾਨ ਗੁਰਬਾਜ਼ ਸਿੰਘ ਨੇ ਦੱਸਿਆ ਕਿ ਮੰਗਲਵਾਰ ਤੋਂ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ 'ਤੇ ਰਹਿਣਗੇ ਕਿਉਂਕਿ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਭਰੋਸਾ ਦੇ ਕੇ ਕੰਮ ਚਲਾ ਰਹੀ ਹੈ। ਜਦੋਂਕਿ ਯੂਨੀਅਨ ਆਪਣੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਲੰਬੇ ਸਮੇਂ ਤੋਂ ਮੰਗ ਕਰ ਰਿਹਾ ਹੈ। ਇਸ ਤੋਂ ਇਲਾਵਾ ਪੰਜਾਬ ਦੇ ਲੋਕਾਂ ਦੀ ਸਹੂਲਤ ਲਈ 10 ਹਜ਼ਾਰ ਬੱਸਾਂ ਚਲਾਉਣ ਦੀ ਗੱਲ ਕਰ ਰਹੇ ਹਨ। ਇਨ੍ਹਾਂ ਦੋਵਾਂ ਮੁੱਦਿਆਂ ਨੂੰ ਲੈ ਕੇ ਮੁੱਖ ਮੰਤਰੀ ਤੋਂ ਲੈ ਕੇ ਟਰਾਂਸਪੋਰਟ ਮੰਤਰੀ ਨਾਲ ਕਈ ਵਾਰ ਗੱਲਬਾਤ ਹੋ ਚੁੱਕੀ ਹੈ ਪਰ ਭਰੋਸੇ ਤੋਂ ਇਲਾਵਾ ਉਨ੍ਹਾਂ ਨੂੰ ਕੁਝ ਨਹੀਂ ਮਿਲਿਆ। ਇਸ ਲਈ ਹੁਣ ਉਹ ਲੜਾਈ ਲੜਨ ਲਈ ਮੰਗਲਵਾਰ ਨੂੰ ਮੈਦਾਨ 'ਚ ਉਤਰੇਗਾ।
ਇਸ ਦੇ ਨਾਲ ਹੀ ਦੱਸ ਦਈਏ ਕਿ ਮੈਨੇਜਮੈਂਟ ਨੇ ਪੀਆਰਟੀਸੀ ਦੇ ਠੇਕਾ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਨੋਟਿਸ ਭੇਜੇ ਹਨ। ਪੀਆਰਟੀਸੀ ਦੇ ਐਮਡੀ ਪ੍ਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਨੋਟਿਸ ਵਿੱਚ ਸਪੱਸ਼ਟ ਲਿਖਿਆ ਗਿਆ ਹੈ ਕਿ ਜੇਕਰ ਕਰਮਚਾਰੀ ਗੈਰ-ਕਾਨੂੰਨੀ ਤੌਰ 'ਤੇ ਆਪਣੀ ਡਿਊਟੀ ਤੋਂ ਗੈਰਹਾਜ਼ਰ ਰਹਿੰਦੇ ਹਨ ਅਤੇ ਧਰਨਾ ਦਿੰਦੇ ਹਨ ਤਾਂ ਉਨ੍ਹਾਂ ਦੀਆਂ ਸੇਵਾਵਾਂ ਖ਼ਤਮ ਕਰ ਦਿੱਤੀਆਂ ਜਾਣਗੀਆਂ ਅਤੇ ਉਨ੍ਹਾਂ ਦੀ ਥਾਂ 'ਤੇ ਨਵੇਂ ਲੋਕ ਰੱਖੇ ਜਾਣਗੇ।
ਪੀਆਰਟੀਸੀ ਵਿੱਚ 2300 ਦੇ ਕਰੀਬ ਆਊਟਸੋਰਸ ਅਤੇ 700 ਠੇਕੇ ’ਤੇ ਕੰਮ ਕਰਦੇ ਹਨ। ਰੈਗੂਲਰ ਕਰਨ ਦੀ ਮੰਗ ਤੋਂ ਇਲਾਵਾ 3 ਦਸੰਬਰ ਦੀ ਹੜਤਾਲ ਤੋਂ ਬਾਅਦ ਸੂਬੇ ਭਰ ਦੇ ਵੱਖ-ਵੱਖ ਥਾਣਿਆਂ 'ਚ ਦਰਜ ਕੇਸਾਂ ਨੂੰ ਲੈ ਕੇ ਇਨ੍ਹਾਂ ਮੁਲਾਜ਼ਮਾਂ 'ਚ ਰੋਸ ਹੈ। ਹੁਣ ਇਨ੍ਹਾਂ ਮੁਲਾਜ਼ਮਾਂ ਨੇ ਮੰਗਲਵਾਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਜਾਣ ਦਾ ਐਲਾਨ ਕੀਤਾ ਹੈ।
ਇਸ ਦੇ ਨਾਲ ਹੀ 3 ਦਸੰਬਰ ਨੂੰ ਵੀ ਪੀਆਰਟੀਸੀ ਦੇ ਠੇਕਾ ਮੁਲਾਜ਼ਮਾਂ ਨੇ ਸੂਬੇ ਭਰ ਵਿੱਚ ਕੰਮ ਛੱਡ ਕੇ ਬੱਸ ਸਟੈਂਡ ਦੇ ਗੇਟ ਬੰਦ ਕਰਕੇ ਧਰਨਾ ਦਿੱਤਾ ਸੀ। ਅੰਕੜਿਆਂ ਅਨੁਸਾਰ ਨਿਗਮ ਨੂੰ ਇੱਕ ਹੀ ਦਿਨ ਵਿੱਚ 20 ਲੱਖ ਦਾ ਨੁਕਸਾਨ ਹੋਇਆ ਸੀ।
ਇਹ ਵੀ ਪੜ੍ਹੋ: Bank Strike December 2021: ਵੱਡੀ ਖ਼ਬਰ! ਦਸੰਬਰ 'ਚ ਲਗਾਤਾਰ ਦੋ ਦਿਨ ਬੈਂਕਾਂ ਦੀ ਹੜਤਾਲ, ਚੈੱਕ ਕਰੋ ਤਾਰੀਖ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin