Punjab News: ਹੁਣ ਦਸਤਖਤ ਕਰਾਉਣ ਲਈ ਨਹੀਂ ਲਾਉਣੇ ਪੈਣਗੇ ਸਰਪੰਚਾਂ, ਨੰਬਰਦਾਰਾਂ ਤੇ ਐਮਸੀ ਦੇ ਘਰਾਂ ਦੇ ਗੇੜੇ !
ਹੁਣ ਦਸਤਖ਼ਤ ਕਰਵਾਉਣ ਲਈ ਪਿੰਡਾਂ ਦੇ ਸਰਪੰਚਾਂ, ਨੰਬਰਦਾਰਾਂ ਤੇ ਮਿਉਂਸਿਪਲ ਕੌਂਸਲਰ (ਐਮਸੀਜ਼) ਦੇ ਘਰਾਂ ਦੇ ਗੇੜੇ ਨਹੀਂ ਮਾਰਨੇ ਪੈਣਗੇ। ਇਸ ਦੀ ਥਾਂ ਸਰਪੰਚ, ਨੰਬਰਦਾਰ ਤੇ ਐਮਸੀ ਆਪਣੇ ਮੋਬਾਈਲ ਤੋਂ ਹੀ ਘੁੱਗੀ ਮਾਰ ਦਿਆ ਕਰਨਗੇ।
Punjab News: ਹੁਣ ਦਸਤਖ਼ਤ ਕਰਵਾਉਣ ਲਈ ਪਿੰਡਾਂ ਦੇ ਸਰਪੰਚਾਂ, ਨੰਬਰਦਾਰਾਂ ਤੇ ਮਿਉਂਸਿਪਲ ਕੌਂਸਲਰ (ਐਮਸੀਜ਼) ਦੇ ਘਰਾਂ ਦੇ ਗੇੜੇ ਨਹੀਂ ਮਾਰਨੇ ਪੈਣਗੇ। ਇਸ ਦੀ ਥਾਂ ਸਰਪੰਚ, ਨੰਬਰਦਾਰ ਤੇ ਐਮਸੀ ਆਪਣੇ ਮੋਬਾਈਲ ਤੋਂ ਹੀ ਘੁੱਗੀ ਮਾਰ ਦਿਆ ਕਰਨਗੇ। ਇਸ ਨਾਲ ਲੋਕਾਂ ਦੀ ਖੱਜਲ-ਖੁਆਰੀ ਘਟੇਗੀ ਤੇ ਕੰਮ ਵੀ ਛੇਤੀ ਹੋ ਜਾਇਆ ਕਰੇਗਾ। ਇਸ ਲਈ ਖਾਸ ਪਹਿਲ ਪੰਜਾਬ ਸਰਕਾਰ ਵੱਲੋਂ ਕੀਤੀ ਗਈ ਹੈ।
ਦਰਅਸਲ ਹੁਣ ਸਰਪੰਚ, ਨੰਬਰਦਾਰ ਤੇ ਮਿਉਂਸਿਪਲ ਕੌਂਸਲਰ (ਐਮਸੀਜ਼)ਵੱਖ-ਵੱਖ ਸਰਟੀਫਿਕੇਟਾਂ ਲਈ ਅਰਜ਼ੀਆਂ ਦੀ ਆਨਲਾਈਨ ਤਸਦੀਕ ਕਰਨਗੇ। ਇਸ ਬਾਰੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਲੋਕਾਂ ਨੂੰ ਸਰਪੰਚਾਂ, ਨੰਬਰਦਾਰਾਂ ਤੇ ਐਮਸੀਜ਼ ਤੋਂ ਦਸਤਖ਼ਤ ਕਰਵਾਉਣ ਲਈ ਉਨ੍ਹਾਂ ਕੋਲ ਵਾਰ-ਵਾਰ ਆਉਣ-ਜਾਣ ਦੇ ਝੰਜਟ ਤੋਂ ਛੁਟਕਾਰਾ ਦਿਵਾਉਣ ਲਈ ਇਹ ਕਦਮ ਚੁੱਕਿਆ ਗਿਆ ਹੈ।
ਅਮਨ ਅਰੋੜਾ ਨੇ ਅਹਿਮ ਪ੍ਰਾਜੈਕਟ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਡਿਜੀਟਲ ਪਹਿਲਕਦਮੀ ਤਹਿਤ, ਸਭ ਤੋਂ ਵੱਧ ਮੰਗ ਵਾਲੀਆਂ ਸੇਵਾਵਾਂ ਜਿਵੇਂ ਰਿਹਾਇਸ਼ੀ ਸਰਟੀਫਿਕੇਟ, ਜਾਤੀ (ਐੱਸਸੀ, ਬੀਸੀ/ਓਬੀਸੀ) ਸਰਟੀਫਿਕੇਟ, ਆਮਦਨ ਸਰਟੀਫਿਕੇਟ, ਈਡਬਲਿਊਐੱਸ ਸਰਟੀਫਿਕੇਟ, ਬੁਢਾਪਾ ਪੈਨਸ਼ਨ ਤੇ ਡੋਗਰਾ ਸਰਟੀਫਿਕੇਟ ਸਬੰਧੀ ਅਰਜ਼ੀਆਂ ਤਸਦੀਕ ਕਰਨ ਲਈ ਸਬੰਧਤ ਸਰਪੰਚ, ਨੰਬਰਦਾਰ ਤੇ ਐਮਸੀ ਨੂੰ ਆਨਲਾਈਨ ਭੇਜੀਆਂ ਜਾਣਗੀਆਂ। ਇਸ ਪ੍ਰਾਜੈਕਟ ਦੇ ਸ਼ੁਰੂ ਹੋਣ ਨਾਲ, ਪਟਵਾਰੀ ਹੁਣ ਤਸਦੀਕ ਲਈ ਸਰਪੰਚ, ਨੰਬਰਦਾਰ ਜਾਂ ਐਮਸੀ ਨੂੰ ਆਨਲਾਈਨ ਅਰਜ਼ੀਆਂ ਭੇਜਣਗੇ। ਇਸ ਤਹਿਤ ਸਥਾਨਕ ਨੁਮਾਇੰਦਿਆਂ ਨੂੰ ਵਟਸਐਪ ਜ਼ਰੀਏ ਜਾਣਕਾਰੀ ਪ੍ਰਾਪਤ ਹੋਵੇਗੀ।
ਦਰਅਸਲ 1 ਜਨਵਰੀ ਤੋਂ ਪੰਜਾਬ ਵਿੱਚ ਵੈਰੀਫਿਕੇਸ਼ਨ ਨਾਲ ਸਬੰਧਤ ਸਾਰੀਆਂ ਸੇਵਾਵਾਂ ਆਨਲਾਈਨ ਉਪਲਬਧ ਹੋਣਗੀਆਂ। ਔਫਲਾਈਨ ਵੈਰੀਫਿਕੇਸ਼ਨ ਬੰਦ ਹੋ ਜਾਵੇਗੀ। ਇਸ ਸਬੰਧੀ ਪੰਜਾਬ ਸਰਕਾਰ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਛੇ ਤਰ੍ਹਾਂ ਦੀਆਂ ਆਨਲਾਈਨ ਸੇਵਾਵਾਂ ਦੀ ਵੈਰੀਫਿਕੇਸ਼ਨ ਨਾਲ ਸਬੰਧਤ ਪ੍ਰਾਜੈਕਟ ਲਾਂਚ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਇਸ ਨਾਲ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੀ ਖੱਜਲ-ਖੁਆਰੀ ਤੋਂ ਮੁਕਤੀ ਮਿਲੇਗੀ। ਇਸ ਤੋਂ ਇਲਾਵਾ ਉਨ੍ਹਾਂ ਦੇ ਸਮੇਂ ਤੇ ਪੈਸੇ ਦੀ ਵੀ ਬੱਚਤ ਹੋਵੇਗੀ। ਕੰਮ ਵਿੱਚ ਪਾਰਦਰਸ਼ਤਾ ਆਵੇਗੀ। ਪੰਜਾਬ ਇਸ ਤਰ੍ਹਾਂ ਕੰਮ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ।
ਅਮਨ ਅਰੋੜਾ ਨੇ ਦੱਸਿਆ ਕਿ ਸਰਕਾਰ ਜਲਦ ਹੀ ਕਈ ਵਿਭਾਗਾਂ ਵੱਲੋਂ ਮੁਹੱਈਆ ਕਰਵਾਈਆਂ ਜਾਣ ਵਾਲੀਆਂ 95 ਸੇਵਾਵਾਂ ਨੂੰ ਆਨਲਾਈਨ ਕਰਨ ਜਾ ਰਹੀ ਹੈ ਜੋ ਲੰਬੇ ਸਮੇਂ ਤੋਂ ਆਫਲਾਈਨ ਚੱਲ ਰਹੀਆਂ ਹਨ। ਇਸ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਮਾਲ ਵਿਭਾਗ, ਨਗਰ ਨਿਗਮ, ਨਗਰ ਕੌਂਸਲ, ਬਿਜਲੀ ਵਿਭਾਗ ਦੀਆਂ ਸੇਵਾਵਾਂ ਆਨਲਾਈਨ ਕੀਤੀਆਂ ਜਾਣਗੀਆਂ।
ਉਨ੍ਹਾਂ ਨੇ ਦੱਸਿਆ ਕਿ ਪੰਜਾਬ ਵਿੱਚ ਚੱਲ ਰਹੇ 500 ਤੋਂ ਵੱਧ ਸੇਵਾ ਕੇਂਦਰਾਂ ਵਿੱਚ ਕੰਮ ਕਰਵਾਉਣ ਲਈ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਸਰਕਾਰ ਵਟਸਐਪ ਚੈਟ ਬੋਟ ਸੇਵਾ ਸ਼ੁਰੂ ਕਰਨ ਜਾ ਰਹੀ ਹੈ। ਇਸ 'ਚ ਲੋਕਾਂ ਨੂੰ ਆਪਣੇ ਮੋਬਾਈਲ 'ਤੇ ਵਟਸਐਪ ਰਾਹੀਂ ਆਪਣਾ ਕੰਮ ਦੱਸ ਕੇ ਅਪਾਇੰਟਮੈਂਟ ਬੁੱਕ ਕਰਨੀ ਹੋਵੇਗੀ। ਇਸ ਤੋਂ ਬਾਅਦ ਉਨ੍ਹਾਂ ਨੂੰ ਸਮਾਂ ਮਿਲੇਗਾ। ਇਸ ਦੌਰਾਨ ਸਾਰਾ ਕੰਮ ਪੰਜਾਬੀ ਭਾਸ਼ਾ ਵਿੱਚ ਕੀਤਾ ਜਾਵੇਗਾ। ਆਨਲਾਈਨ ਟੋਕਨ ਵੀ ਜਾਰੀ ਕੀਤਾ ਜਾਵੇਗਾ।
ਇਸ ਪ੍ਰਣਾਲੀ ਤਹਿਤ ਸਾਰੇ ਪਟਵਾਰੀ, ਪੰਚ, ਸਰਪੰਚ, ਕੌਂਸਲਰ ਤੇ ਨੰਬਰਦਾਰਾਂ ਨੂੰ ਜੋੜਿਆ ਗਿਆ ਹੈ। ਜਿਵੇਂ ਕੋਈ ਕਿਸੇ ਸੇਵਾ ਲਈ ਆਨਲਾਈਨ ਅਪਲਾਈ ਕਰਦਾ ਹੈ, ਇਸ ਲਈ ਉਸ ਤੋਂ ਬਾਅਦ ਉਸ ਦੀ ਜਾਣਕਾਰੀ ਆਨਲਾਈਨ ਪਟਵਾਰੀ ਕੋਲ ਜਾਵੇਗੀ। ਪਟਵਾਰੀ ਅੱਗੇ ਇਸ ਨੂੰ ਸਬੰਧਤ ਖੇਤਰ ਦੇ ਸਰਪੰਚ, ਕੌਂਸਲਰ ਜਾਂ ਨਵੰਬਰਦਾਰ ਨੂੰ ਭੇਜੇਗਾ। ਇਸ ਤੋਂ ਬਾਅਦ ਵੈਰੀਫਿਕੇਸ਼ਨ ਪ੍ਰਕਿਰਿਆ ਪੂਰੀ ਹੋ ਜਾਵੇਗੀ।