ਲੁਧਿਆਣਾ: ਕਿਸਾਨ ਲੀਡਰਾਂ ਨੇ ਕਿਹਾ ਹੈ ਕਿ ਸੰਗਰੂਰ ਵਿੱਚ ਇਸ ਕਰਕੇ ਵੋਟਾਂ ਘੱਟ ਪਈਆਂ ਕਿਉਂਕਿ ਨੌਜਵਾਨ ਜਾਗਰੂਕ ਹੋ ਚੁੱਕੇ ਹਨ। ਸਰਕਾਰ ਵਿਰੁੱਧ ਰੋਸ ਕਰਕੇ ਨੌਜਵਾਨਾਂ ਨੇ ਵੋਟਾਂ ਨਹੀਂ ਪਾਈਆਂ। ਕਿਸਾਨਾਂ ਨੇ ਅੱਜ ਲੁਧਿਆਣਾ ਵਿੱਚ ਅਗਨੀਪਥ ਯੋਜਨਾ ਦਾ ਵਿਰੋਧ ਕੀਤਾ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਡੀਸੀ ਦਫਤਰ ਦੇ ਬਾਹਰ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਵੱਡੀ ਤਦਾਦ ਵਿੱਚ ਪੁੱਜੇ ਕਿਸਾਨਾਂ ਨੇ ਸਰਕਾਰ ਦੀ ਇਸ ਯੋਜਨਾ ਦਾ ਡਟ ਕੇ ਵਿਰੋਧ ਕੀਤਾ ਤੇ ਨੌਜਵਾਨਾਂ ਨਾਲ ਖੜ੍ਹਨ ਦੀ ਗੱਲ ਕੀਤੀ। 



ਦੱਸ ਦਈਏ ਕਿ ਪੰਜਾਬ ਭਰ ਵਿੱਚ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਨੌਜਵਾਨਾਂ ਦੇ ਹੱਕ ਵਿੱਚ ਕੇਂਦਰ ਸਰਕਾਰ ਖਿਲਾਫ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਦਫਤਰਾਂ ਦਾ ਘਿਰਾਓ ਕਰਕੇ ਸ਼ਾਂਤਮਈ ਢੰਗ ਨਾਲ ਉਨ੍ਹਾਂ ਨੂੰ ਮੰਗ ਪੱਤਰ ਸੌਂਪੇ ਜਾ ਰਹੇ ਹਨ। ਕਿਸਾਨਾਂ ਵੱਲੋਂ ਵੀ ਅਗਨੀਪਥ ਯੋਜਨਾ ਦਾ ਵਿਰੋਧ ਕੀਤਾ ਜਾ ਰਿਹਾ ਹੈ। 


ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅਗਨੀਪਥ ਯੋਜਨਾ ਨੌਜਵਾਨਾਂ ਦਾ ਭਵਿੱਖ ਤਬਾਹ ਕਰਨ ਲਈ ਲਿਆਂਦੀ ਹੈ। ਉਨ੍ਹਾਂ ਨੇ ਕਿਹਾ ਕਿ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਲਈ ਸਰਕਾਰਾਂ ਅਜਿਹੀਆਂ ਸਕੀਮਾਂ ਲਿਆਉਂਦੀਆਂ ਹਨ ਪਰ ਇਸ ਨਾਲ ਨੌਜਵਾਨਾਂ ਦਾ ਭਵਿੱਖ ਖ਼ਰਾਬ ਹੋਵੇਗਾ।


ਉਨ੍ਹਾਂ ਨੇ ਕਿਹਾ ਕਿ ਇਹ ਸਭ ਆਰਐਸਐਸ ਦੀ ਚਾਲਾਂ ਹਨ ਜਿਸ ਨੂੰ ਉਹ ਕਿਸੇ ਵੀ ਸੂਰਤ ਚ ਕਾਮਯਾਬ ਨਹੀਂ ਹੋਣ ਦੇਣਗੇ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਨੌਜਵਾਨਾਂ ਦੇ ਨਾਲ ਖੜ੍ਹੇ ਹਨ। ਅੱਜ ਸ਼ਾਂਤਮਈ ਢੰਗ ਨਾਲ ਸਰਕਾਰ ਖਿਲਾਫ ਰੋਸ ਜ਼ਾਹਿਰ ਕੀਤਾ ਜਾ ਰਿਹਾ ਹੈ। ਲੋੜ ਪੈਣ ਤੇ ਵੱਡਾ ਮੋਰਚਾ ਵੀ ਖੋਲ੍ਹਿਆ ਜਾਵੇਗਾ।


ਪੰਜਾਬ ਭਰ ਵਿੱਚ ਬਣਾਏ ਜਾ ਰਹੇ ਕੌਮੀ ਸ਼ਾਹਰਾਹ ਲਈ ਜ਼ਮੀਨਾਂ ਐਕਵਾਇਰ ਕਰਨ ਦੇ ਮਾਮਲੇ ਤੇ ਵੀ ਕਿਸਾਨ ਆਗੂਆਂ ਨੇ ਕਿਹਾ ਕਿ ਇਹ ਸਰਕਾਰਾਂ ਦਾ ਨਾਦਰਸ਼ਾਹੀ ਫੁਰਮਾਨ ਹੈ। ਇਸ ਵਿੱਚ ਪੰਜਾਬ ਸਰਕਾਰ ਵੀ ਕੇਂਦਰ ਦਾ ਸਾਥ ਦੇ ਰਹੀ ਹੈ। ਉਹ ਇਸ ਦਾ ਵੀ ਡਟ ਕੇ ਵਿਰੋਧ ਕਰਨਗੇ।