ਜਲੰਧਰ : ਜਲੰਧਰ ਦੇ ਕੈਂਟ ਹਲਕੇ ਤੋਂ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਆਮ ਆਦਮੀ ਪਾਰਟੀ ਦੀ ਦਿੱਲੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਹੁਣ ਇੱਕ ਹੋਰ ਸਰਵੇਖਣ ਵਿੱਚ ਪੰਜਾਬ ਦੇ ਵਿਦਿਆਰਥੀ ਬੇਸਿਕ ਮੈਥ, ਅੰਗਰੇਜ਼ੀ ਅਤੇ ਹਿੰਦੀ ਵਿੱਚ ਦਿੱਲੀ ਦੇ ਵਿਦਿਆਰਥੀਆਂ ਨਾਲੋਂ ਬੇਹਤਰ ਪਾਏ ਗਏ ਹਨ। ਪੰਜਾਬ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ। ਕੀ ਭਗਵੰਤ ਮਾਨ ਸਰਕਾਰ ਆਖਰਕਾਰ ਇਹਨਾਂ ਖੋਜਾਂ ਨੂੰ ਸਵੀਕਾਰ ਕਰਨ ਦੀ ਹਿੰਮਤ ਦਿਖਾਏਗੀ ਜਾਂ ਜਾਅਲੀ ਦਿੱਲੀ ਮਾਡਲ ਨੂੰ ਵੇਚਣਾ ਜਾਰੀ ਰੱਖੇਗੀ ?
ਪੰਜਾਬ 'ਚ "ਦਿੱਲੀ ਮਾਡਲ" ਦੀ ਚਰਚਾ ਇੱਕ ਵਾਰ ਫਿਰ ਛਿੱੜ ਗਈ ਹੈ। 'ਆਪ' ਸਰਕਾਰ ਪੰਜਾਬ 'ਚ ਦਿੱਲੀ ਮਾਡਲ ਲਾਗੂ ਕਰਨ ਦੀਆਂ ਗੱਲਾਂ ਕਰਦੀ ਹੈ ਪਰ ਦਿੱਲੀ ਦੇ ਵਿਦਿਆਰਥੀਆਂ ਦੀ ਸਿੱਖਿਆ ਦੇ ਡਿੱਗਦੇ ਮਿਆਰ ਨੂੰ ਵੇਖਦੇ ਹੋਏ ਵਿਰੋਧੀ ਪਾਰਟੀਆਂ ਨੇ ਇੱਕ ਵਾਰ ਫਿਰ ਤੋਂ ਆਪ ਸਰਕਾਰ ਨੂੰ ਘੇਰ ਲਿਆ ਹੈ। ਜਲੰਧਰ ਦੇ ਕੈਂਟ ਹਲਕੇ ਤੋਂ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਦਿੱਲੀ ਸਰਕਾਰ ਤੇ ਪੰਜਾਬ ਸਰਕਾਰ 'ਤੇ AAP ਦੇ ਦਿੱਲੀ ਮਾਡਲ ਨੂੰ ਲੈ ਕੇ ਸਵਾਲ ਚੁੱਕੇ ਹਨ।
ਇਸ ਤੋਂ ਪਹਿਲਾਂ ਪਰਗਟ ਸਿੰਘ ਨੇ ਟਵੀਟ ਕੀਤਾ ਸੀ ਕਿ ਪੰਜਾਬ 'ਚ ਕਈ ਥਾਵਾਂ 'ਤੇ ਸਰਕਾਰੀ ਸਕੂਲਾਂ ਦੇ ਹਾਲਾਤ ਬਦ ਤੋਂ ਬਦਤਰ ਹਨ। ਸੂਬੇ 'ਚ ਕਈ ਅਜਿਹੇ ਸਕੂਲ ਹਨ ,ਜਿਨ੍ਹਾਂ 'ਚ ਅਧਿਆਪਕਾਂ ਦੀ ਕਮੀ ਹੋਣ ਕਾਰਨ ਸਹੀ ਢੰਗ ਨਾਲ ਪੜ੍ਹਾਈ ਤਕ ਨਹੀਂ ਹੋ ਰਹੀ। ਉਸ ਸਮੇਂ ਪੰਜਾਬ ਸਰਕਾਰ ਸਿੱਖਿਆ ਨੂੰ ਲੈ ਕੇ ਵਿਵਾਦਾਂ 'ਚ ਆ ਗਈ ਸੀ , ਜਦੋਂ ਲਹਿਰ ਖੁਰਦ ਦੇ ਲੋਕਾਂ ਨੇ ਸਰਕਾਰੀ ਪ੍ਰਾਇਮਰੀ ਸਕੂਲ 'ਚ ਅਧਿਆਪਕਾਂ ਦੀ ਕਮੀ ਹੋਣ ਕਾਰਨ ਧਰਨਾ ਲਾ ਦਿੱਤਾ ਸੀ।
ਦੱਸ ਦੇਈਏ ਕਿ ਪਿਛਲੇ ਦਿਨਾਂ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨਾਲ ਸਿੱਖਿਆ ਵਿਭਾਗ ਦੇ ਕੁੱਝ ਅਧਿਕਾਰੀਆਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਦਿੱਲੀ ਦੇ ਸਰਕਾਰੀ ਸਕੂਲਾਂ ਦਾ ਦੌਰਾ ਕੀਤਾ ਸੀ, ਜਿੱਥੇ ਉਨ੍ਹਾਂ ਨੇ ਬੱਚਿਆਂ ਨੂੰ ਕਰਵਾਈ ਜਾ ਰਹੀ ਪੜ੍ਹਾਈ, ਸਕੂਲਾਂ ਦੇ ਢਾਂਚੇ ਅਤੇ ਬੱਚਿਆਂ ਨਾਲ ਗੱਲਬਾਤ ਕਰਦਿਆਂ ਪੜ੍ਹਾਈ ਦੇ ਪੈਟਰਨ ਨੂੰ ਜਾਣਿਆ ਸੀ।
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।