Punjab Teacher Recruitment 2022:  ਪੰਜਾਬ (Punjab) ਦੇ ਨੌਜਵਾਨਾਂ ਲਈ ਬਹੁਤ ਜਲਦੀ ਰੁਜ਼ਗਾਰ ਦੇ ਮੌਕੇ ਉਪਲਬਧ ਹੋਣਗੇ। ਪੰਜਾਬ ਦੇ ਸਿੱਖਿਆ ਮੰਤਰੀ (Punjab State Education Minister) ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hayer) ਨੇ ਅਧਿਆਪਕਾਂ ਦੀਆਂ ਅਸਾਮੀਆਂ 'ਤੇ ਜਲਦ ਹੀ ਬੰਪਰ ਭਰਤੀ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਦੇ ਐਲਾਨ ਅਨੁਸਾਰ ਪੰਜਾਬ 'ਚ ਅਧਿਆਪਕਾਂ ਦੀ ਘਾਟ ਨੂੰ ਪੂਰਾ ਕਰਨ ਲਈ ਜਲਦੀ ਹੀ 10,500 ਅਧਿਆਪਕਾਂ ਦੀ ਨਿਯੁਕਤੀ (ਪੰਜਾਬ ਸਰਕਾਰੀ ਨੌਕਰੀ) ਕੀਤੀ ਜਾਵੇਗੀ।

ਰੁਜ਼ਗਾਰ ਦੇ ਮੌਕੇ ਵਧਣਗੇ
ਸਿੱਖਿਆ ਮੰਤਰੀ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਚੰਨਣਵਾਲਾ ਦੇ ਸਰਕਾਰੀ ਸਮਾਰਟ ਪ੍ਰਾਇਮਰੀ ਸਕੂਲ ਵਿੱਚ ਸੱਭਿਆਚਾਰਕ ਸਮਾਗਮ ਵਿੱਚ ਸ਼ਾਮਲ ਹੋਏ ਸਨ ਜਿੱਥੇ ਉਨ੍ਹਾਂ ਨੇ ਇਹ ਐਲਾਨ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਇਸ ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਵਧਣਗੇ ਤੇ ਅਧਿਆਪਕਾਂ ਦੀ ਘਾਟ ਵੀ ਪੂਰੀ ਹੋਵੇਗੀ।

ਖੇਡਾਂ ਨੂੰ ਬਰਾਬਰ ਮਹੱਤਤਾ ਦਿੱਤੀ
ਆਪਣੀ ਗੱਲ ਨੂੰ ਅੱਗੇ ਲੈਂਦਿਆਂ ਸਿੱਖਿਆ ਮੰਤਰੀ ਹੇਅਰ ਨੇ ਕਿਹਾ ਕਿ 'ਆਪ' ਸਰਕਾਰ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਦੇ ਆਪਣੇ ਇਰਾਦੇ 'ਤੇ ਦ੍ਰਿੜ ਹੈ ਤੇ ਇਸ ਦਿਸ਼ਾ ਵਿੱਚ ਹਰ ਸੰਭਵ ਯਤਨ ਕਰੇਗੀ। ਉਨ੍ਹਾਂ ਸਰਕਾਰ ਦੀ ਸਿੱਖਿਆ ਨੀਤੀ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਸੂਬੇ ਵਿੱਚ ਸਿੱਖਿਆ ਤੇ ਖੇਡਾਂ ਦੋਵਾਂ ਨੂੰ ਬਰਾਬਰ ਮਹੱਤਵ ਦਿੱਤਾ ਜਾਵੇਗਾ। ਇਸ ਨਾਲ ਦੇਸ਼ ਸਿੱਖਿਆ ਦੇ ਨਾਲ-ਨਾਲ ਖੇਡਾਂ ਵਿੱਚ ਵੀ ਅੱਗੇ ਹੋਵੇਗਾ।

ਸਾਰੇ ਕਾਲਜਾਂ 'ਚ ਨਵੇਂ ਕੋਰਸ ਸ਼ੁਰੂ ਹੋਣਗੇ
ਇਸ ਮੌਕੇ ਸਿੱਖਿਆ ਮੰਤਰੀ ਨੇ ਕਿਹਾ ਕਿ ਸਰਕਾਰੀ ਕਾਲਜਾਂ ਵਿੱਚ ਨਵੇਂ ਕੋਰਸ ਸ਼ੁਰੂ ਕੀਤੇ ਜਾਣਗੇ ਤਾਂ ਜੋ ਵਿਦਿਆਰਥੀ ਨਵੀਂ ਕਿਸਮ ਦੀ ਸਿੱਖਿਆ ਗ੍ਰਹਿਣ ਕਰ ਸਕਣ। ਇੰਨਾ ਹੀ ਨਹੀਂ ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਹਰ ਪਿੰਡ ਵਿੱਚ ਜਲਦੀ ਤੋਂ ਜਲਦੀ ਖੇਡ ਮੈਦਾਨ ਬਣਾਏਗੀ ਤਾਂ ਜੋ ਪੇਂਡੂ ਖੇਤਰਾਂ ਵਿੱਚ ਵੀ ਬੱਚਿਆਂ ਨੂੰ ਖੇਡਾਂ ਦੇ ਬਰਾਬਰ ਮੌਕੇ ਮਿਲ ਸਕਣ। ਇਸ ਦੌਰਾਨ ਉਨ੍ਹਾਂ ਨੇ ਕਿਹਾ ਬੱਚਿਆਂ ਦੇ ਪੜ੍ਹਾਈ ਪੱਧਰ ਨੂੰ ਉੱਚਾ ਚੁੱਕਿਆ ਜਾਵੇਗਾ।