ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ  ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਗਾਮੀ ਸੀਜ਼ਨ ਦੌਰਾਨ ਫਸਲੀ ਰਹਿੰਦ-ਖੂੰਹਦ ਨੂੰ ਸਾੜਨ ਦੀਆਂ ਘਟਨਾਵਾਂ ਵਿੱਚ 50 ਫੀਸਦੀ ਕਮੀ ਲਿਆਉਣ ਦਾ ਟੀਚਾ ਮਿੱਥਿਆ ਹੈ।


 ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪ੍ਰਦੂਸ਼ਣ ਇੱਕ ਵਿਸ਼ਾਲ ਮੁੱਦਾ ਹੈ ਅਤੇ ਇਸ ਲਈ ਸਿਰਫ਼ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਉਣ ਨਾਲ ਜ਼ਮੀਨੀ ਪੱਧਰ 'ਤੇ ਕੁਝ ਨਹੀਂ ਬਦਲੇਗਾ ਕਿਉਂਕਿ ਕਿਸਾਨ ਵੀ ਵੱਧ ਰਹੇ ਪ੍ਰਦੂਸ਼ਣ ਦੇ ਸ਼ਿਕਾਰ ਹੋ ਰਹੇ ਹਨ।



ਖੁੱਡੀਆਂ ਨੇ ਕਿਹਾ ਕਿ ਸਾਰਿਆਂ ਨੂੰ ਇਕੱਠੇ ਹੋ ਕੇ ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਾਵਰਨ ਨੂੰ ਬਚਾਉਣ ਵਾਸਤੇ ਕੋਈ ਢੁੱਕਵਾਂ ਹੱਲ ਕੱਢਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਅਨਾਜ ਸੁਰੱਖਿਆ ਪੱਖੋਂ ਆਤਮ ਨਿਰਭਰ ਬਣਾਉਣ ਵਾਲੇ ਪੰਜਾਬ ਦੇ ਮਿਹਨਤਕਸ਼ ਕਿਸਾਨ ਅਤੇ ਮਜ਼ਦੂਰ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਜਿੱਠਣ ਲਈ ਆਪਣਾ ਵੱਧ ਤੋਂ ਵੱਧ ਯੋਗਦਾਨ ਦੇਣਗੇ।



ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੇ ਸੰਕਟ ਨਾਲ ਨਜਿੱਠਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਇਸ ਮੰਤਵ ਲਈ ਵਿੱਤੀ ਸਾਲ 2023-24 ਦੌਰਾਨ ਸੂਬੇ ਦੇ ਕਿਸਾਨਾਂ ਨੂੰ ਸਬਸਿਡੀ 'ਤੇ ਲਗਭਗ 23000 ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। 


ਉਨ੍ਹਾਂ ਦੱਸਿਆ ਕਿ ਸਰਕਾਰ ਦੇ ਠੋਸ ਯਤਨਾਂ ਸਦਕਾ ਪਰਾਲੀ ਸਾੜਨ ਦੀਆਂ ਘਟਨਾਵਾਂ ਸਾਲ 2022 ਦੇ 49,922 ਤੋਂ ਘੱਟ ਕੇ 2023 ਵਿੱਚ 36,623 ਰਹਿ ਗਈਆਂ ਹਨ, ਜੋ 26 ਫ਼ੀਸਦ ਸਾਕਾਰਾਤਮਕ ਬਦਲਾਅ ਦੀ ਗਵਾਹੀ ਭਰਦੀ ਹੈ। 


ਉਨ੍ਹਾਂ ਅੱਗੇ ਕਿਹਾ ਕਿ ਪਹਿਲਾਂ ਸਬਸਿਡੀ ਦੀ ਸਹੂਲਤ ਭਾਰਤ ਸਰਕਾਰ ਦੇ 100 ਫ਼ੀਸਦ ਯੋਗਦਾਨ ਅਧੀਨ ਚੱਲ ਰਹੀ ਸੀ ਪਰ ਮੌਜੂਦਾ ਸਮੇਂ ਇਹ 60 ਫ਼ੀਸਦ ਕੇਂਦਰ ਤੇ 40 ਫ਼ੀਸਦ ਸੂਬੇ ਦੀ ਹਿੱਸੇਦਾਰੀ ਦੇ ਅਧਾਰ 'ਤੇ ਚਲਾਈ ਜਾ ਰਹੀ ਹੈ।



ਇਸ ਦੌਰਾਨ ਵਿਸ਼ੇਸ਼ ਮੁੱਖ ਸਕੱਤਰ (ਵਿਕਾਸ)  ਕੇ.ਏ.ਪੀ. ਸਿਨਹਾ ਨੇ ਕਿਹਾ ਕਿ ਸੂਬਾ ਸਰਕਾਰ ਫਸਲੀ ਰਹਿੰਦ-ਖੂੰਹਦ ਨੂੰ ਸਾੜਨ ਦੀਆਂ ਘਟਨਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕਾਬੂ ਕਰਨ ਲਈ ਇਸ ਸਾਲ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮੁਹਿੰਮ ਸ਼ੁਰੂ ਕਰਨ 'ਤੇ ਵਿਚਾਰ ਕਰ ਰਹੀ ਹੈ। 


ਇਸ ਦੇ ਨਾਲ ਹੀ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੀ ਕਮੀ ਦੀ ਸਮੱਸਿਆ ਨੂੰ ਹੱਲ ਕਰਨ ਲਈ ਦੋ ਫਸਲਾਂ (ਕਣਕ-ਝੋਨੇ) ਦੇ ਚੱਕਰ ਤੋਂ ਦੂਰ ਕਰਨ ਲਈ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਵਾਸਤੇ ਉਤਸ਼ਾਹਿਤ ਕੀਤਾ ਜਾ ਰਿਹਾ ਹੈ