ਚੰਡੀਗੜ੍ਹ: ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨਾਜਾਇਜ਼ ਪ੍ਰਾਈਵੇਟ ਬੱਸਾਂ ਖਿਲਾਫ ਸ਼ਿਕੰਜਾ ਕੱਸ ਦਿੱਤਾ ਹੈ। ਮੰਤਰੀ ਦੇ ਹੁਕਮਾਂ ਮਗਰੋਂ ਟਰਾਂਸਪੋਰਟ ਵਿਭਾਗ ਚੌਕਸ ਹੋ ਗਿਆ ਹੈ। ਵਿਭਾਗ ਵੱਲੋਂ ਸੋਮਵਾਰ ਨੂੰ ਫਰੀਦਕੋਟ, ਲੁਧਿਆਣਾ ਤੇ ਪਟਿਆਲਾ ਜ਼ਿਲ੍ਹਿਆਂ '13 ਹੋਰ ਨਾਜਾਇਜ਼ ਪ੍ਰਾਈਵੇਟ ਬੱਸਾਂ ਜ਼ਬਤ ਕੀਤੀਆਂ ਗਈਆਂ ਹਨ। ਇਨ੍ਹਾਂ ਬੱਸਾਂ ਵਿੱਚ ਬਾਦਲ ਪਰਿਵਾਰ ਦੀ ਮਾਲਕੀ ਵਾਲੀਆਂ ਵੀ ਹਨ।


ਸਰਕਾਰੀ ਸੂਤਰਾਂ ਮੁਤਾਬਕ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਵੱਲੋਂ ਨਿਯਮਾਂ ਦੀ ਉਲੰਘਣਾ 'ਤੇ ਨਿਊ ਦੀਪ ਦੀਆਂ 5 ਬੱਸਾਂ ਤੇ ਔਰਬਿਟ, ਟ੍ਰੈਵਲ ਪੁਆਇੰਟ, ਆਰਐਸ ਯਾਦਵ, ਲਿਬੜਾ, ਨਾਗਪਾਲ, ਡੱਬਵਾਲੀ, ਗੁਰੂ ਨਾਨਕ ਤੇ ਨੌਰਦਨ ਦੀ ਇੱਕ-ਇੱਕ ਬੱਸ ਨੂੰ ਜ਼ਬਤ ਕਰ ਲਿਆ ਗਿਆ ਹੈ।


ਇਸ ਦੌਰਾਨ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਇਹ ਚੈਕਿੰਗ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਗੈਰ ਕਾਨੂੰਨੀ ਢੰਗ ਨਾਲ ਚੱਲਣ ਵਾਲੀ ਹਰ ਇੱਕ ਬੱਸ ਸੜਕਾਂ ਤੋਂ ਉਤਰ ਨਹੀਂ ਜਾਂਦੀ। ਉਨ੍ਹਾਂ ਕਿਹਾ ਕਿ ਗੈਰ ਕਾਨੂੰਨੀ ਬੱਸਾਂ ਨਾਲ ਇੱਕ ਪਾਸੇ ਸਰਕਾਰੀ ਟਰਾਂਸਪੋਰਟ ਨੂੰ ਘਾਟਾ ਪੈ ਰਿਹਾ ਹੈ ਤੇ ਦੂਜੇ ਪਾਸੇ ਸਰਕਾਰੀ ਖਜ਼ਾਨੇ ਨੂੰ ਵੀ ਚੂਨਾ ਲੱਗ ਰਿਹਾ ਹੈ।


ਦੱਸ ਦਈਏ ਕਿ ਰਾਜਾ ਵੜਿੰਗ ਦਾ ਰਵੱਈਆ ਪਹਿਲੇ ਦਿਨ ਤੋਂ ਹੀ ਨਾਜਾਇਜ਼ ਬੱਸਾਂ ਚਲਾਉਣ ਵਾਲੇ ਟਰਾਂਸਪੋਰਟਰਾਂ ਵਿਰੁੱਧ ਵੇਖਿਆ ਗਿਆ। ਪਹਿਲੀ ਮੀਟਿੰਗ ਵਿੱਚ ਹੀ ਟੈਕਸਾਂ ਦਾ ਭੁਗਤਾਨ ਨਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਦੇ ਆਦੇਸ਼ ਦਿੱਤੇ ਗਏ ਸਨ। ਹੁਣ ਤੱਕ ਉਨ੍ਹਾਂ ਨੇ ਲਗਪਗ 80 ਬੱਸਾਂ ਤੇ ਕਾਰਵਾਈ ਕੀਤੀ ਹੈ ਤੇ ਇਹ ਨਿਰੰਤਰ ਜਾਰੀ ਹੈ। ਉਨ੍ਹਾਂ ਦੀ ਤਰਫੋਂ ਜ਼ਿਲ੍ਹਾ ਵਾਰ ਟੀਮਾਂ ਬਣਾਈਆਂ ਗਈਆਂ ਹਨ ਤੇ ਇਹ ਟੀਮਾਂ ਲਗਾਤਾਰ ਸੜਕਾਂ 'ਤੇ ਬੱਸਾਂ ਨੂੰ ਰੋਕ ਕੇ ਤਲਾਸ਼ੀ ਮੁਹਿੰਮ ਚਲਾ ਰਹੀਆਂ ਹਨ।


ਉਧਰ, ਨਿਊ ਦੀਪ ਟਰਾਂਸਪੋਰਟ ਦੇ ਸੰਚਾਲਕ ਹਰਦੀਪ ਸਿੰਘ ਡਿੰਪੀ ਢਿੱਲੋਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਮੈਮੋਰੰਡਮ ਸੌਂਪੇ ਜਾਣ ਕਾਰਨ ਉਨ੍ਹਾਂ ਵੱਲੋਂ ਟੈਕਸ ਅਦਾ ਨਹੀਂ ਕੀਤਾ ਗਿਆ। ਪੂਰੇ ਪੰਜਾਬ ਦੇ ਟਰਾਂਸਪੋਰਟਰਾਂ ਵੱਲੋਂ ਟੈਕਸ ਦਾ ਭੁਗਤਾਨ ਨਹੀਂ ਕੀਤਾ ਗਿਆ ਪਰ ਸਿਰਫ ਬਾਦਲ ਪਰਿਵਾਰ ਜਾਂ ਉਨ੍ਹਾਂ ਨਾਲ ਸਬੰਧਤ ਟਰਾਂਸਪੋਰਟਰਾਂ ਨੂੰ ਹੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ।


ਉਨ੍ਹਾਂ ਇਲਜ਼ਾਮ ਲਾਇਆ ਕਿ ਟਰਾਂਸਪੋਰਟ ਮੰਤਰੀ ਨੇ ਅਜੇ ਤੱਕ ਕਾਂਗਰਸੀ ਟਰਾਂਸਪੋਰਟਰਾਂ ਨਾਲ ਸਬੰਧਤ ਇੱਕ ਵੀ ਬੱਸ ਬੰਦ ਨਹੀਂ ਕੀਤੀ। ਇਸ ਕਾਰਨ ਉਨ੍ਹਾਂ ਦੀ ਕਾਰਵਾਈ ਸਵਾਲਾਂ ਦੇ ਘੇਰੇ ਵਿੱਚ ਹੈ। ਕੀ ਮੰਤਰੀ ਇਸ ਦਾ ਜਵਾਬ ਦੇ ਸਕਦੇ ਹਨ?


ਇਹ ਵੀ ਪੜ੍ਹੋ:


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/


https://apps.apple.com/in/app/811114904