Punjab Unemployed Teacher Protest : ਸੰਗਰੂਰ ਜ਼ਿਲ੍ਹੇ ਦੇ ਧੂਰੀ ਵਿਧਾਨ ਸਭਾ ਹਲਕੇ ਵਿੱਚ ਇੱਕ ਬੇਰੁਜ਼ਗਾਰ ਈਟੀਟੀ (ਐਲੀਮੈਂਟਰੀ ਟੀਚਰ ਟ੍ਰੇਨਿੰਗ) ਅਧਿਆਪਕ ਬੀਐਸਐਨਐਲ ਟਾਵਰ 'ਤੇ ਚੜ੍ਹ ਗਿਆ ਹੈ। ਇਹ ਹਲਕਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਹੈ। ਅਧਿਆਪਕ ਹਰਜੀਤ ਸਿੰਘ ਆਪਣੇ ਨਾਲ ਪੈਟਰੋਲ ਦੀ ਬੋਤਲ ਵੀ ਲੈ ਕੇ ਗਿਆ ਸੀ। ਹਰਜੀਤ ਸਿੰਘ ਦੀ ਮੰਗ ਹੈ ਕਿ ਉਸਨੂੰ ਤੁਰੰਤ ਨਿਯੁਕਤੀ ਪੱਤਰ ਜਾਰੀ ਕੀਤਾ ਜਾਵੇ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਪੁਲਿਸ ਵਿੱਚ ਹੜਕੰਪ ਮਚ ਗਿਆ। ਅਧਿਕਾਰੀ ਤੁਰੰਤ ਮੌਕੇ 'ਤੇ ਪਹੁੰਚੇ ਅਤੇ ਉਸਨੂੰ ਸੁਰੱਖਿਅਤ ਹੇਠਾਂ ਉਤਾਰਨ ਲਈ ਯਤਨ ਸ਼ੁਰੂ ਕਰ ਦਿੱਤੇ। ਇਸ ਦੌਰਾਨ ਧੂਰੀ ਦੇ ਸਾਬਕਾ ਵਿਧਾਇਕ ਅਤੇ ਕਾਂਗਰਸੀ ਆਗੂ ਦਲਵੀਰ ਸਿੰਘ ਵੀ ਮੌਕੇ 'ਤੇ ਪਹੁੰਚੇ। ਉਨ੍ਹਾਂ ਪੰਜਾਬ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਹ ਬੇਰੋਜ਼ਗਾਰ ਨੌਜਵਾਨ ਕਈ ਸਾਲਾਂ ਤੋਂ ਈਟੀਟੀ ਟੈਸਟ ਪਾਸ ਕਰਨ ਦੇ ਬਾਵਜੂਦ ਨੌਕਰੀ ਲਈ ਸੰਘਰਸ਼ ਕਰ ਰਹੇ ਹਨ। ਮੰਗ 'ਤੇ ਅੜਿਆ ਅਧਿਆਪਕ ਦਲਵੀਰ ਸਿੰਘ ਨੇ ਆਰੋਪ ਲਾਇਆ ਕਿ ਇੱਕ ਪਾਸੇ ਨੌਜਵਾਨ ਰੁਜ਼ਗਾਰ ਦੀ ਮੰਗ ਕਰ ਰਹੇ ਹਨ, ਜਦਕਿ ਦੂਜੇ ਪਾਸੇ ਸਰਕਾਰ ਉਨ੍ਹਾਂ 'ਤੇ ਲਾਠੀਚਾਰਜ ਕਰਵਾ ਰਹੀ ਹੈ। ਸਾਬਕਾ ਵਿਧਾਇਕ ਨੇ ਟਾਵਰ 'ਤੇ ਚੜ੍ਹੇ ਅਧਿਆਪਕ ਨਾਲ ਫੋਨ 'ਤੇ ਗੱਲ ਕਰਕੇ ਉਸਨੂੰ ਹੇਠਾਂ ਆਉਣ ਦੀ ਅਪੀਲ ਕੀਤੀ ਪਰ ਉਹ ਆਪਣੀ ਮੰਗ 'ਤੇ ਡਟਿਆ ਰਿਹਾ। ਟਾਵਰ 'ਤੇ ਚੜ੍ਹੇ ਅਧਿਆਪਕ ਦੇ ਸਾਥੀਆਂ ਨੇ ਦੱਸਿਆ ਕਿ ਹਰਜੀਤ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਜਦ ਤੱਕ ਉਸਨੂੰ ਪੱਕੀ ਨੌਕਰੀ ਦਾ ਨਿਯੁਕਤੀ ਪੱਤਰ ਨਹੀਂ ਮਿਲਦਾ, ਉਹ ਹੇਠਾਂ ਨਹੀਂ ਉਤਰੇਗਾ। ਉਸਨੇ ਚੇਤਾਵਨੀ ਦਿੱਤੀ ਕਿ ਜੇ ਉਸਨੂੰ ਜ਼ਬਰਦਸਤੀ ਹੇਠਾਂ ਉਤਾਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਹ ਕੋਈ ਆਤਮਘਾਤੀ ਕਦਮ ਚੁੱਕ ਸਕਦਾ ਹੈ। ਮੌਕੇ 'ਤੇ ਮੌਜੂਦ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਦੱਸਿਆ ਕਿ ਸਥਿਤੀ ਨੂੰ ਕਾਬੂ ਵਿੱਚ ਰੱਖਣ ਅਤੇ ਅਧਿਆਪਕ ਨੂੰ ਸੁਰੱਖਿਅਤ ਹੇਠਾਂ ਲਿਆਉਣ ਲਈ ਲਗਾਤਾਰ ਗੱਲਬਾਤ ਕੀਤੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
