Punjab News: ਉੱਤਰ ਪ੍ਰਦੇਸ਼ ਵਿੱਚ ਸੰਪਨ ਹੋਈਆਂ ਖੇਲੋ ਇੰਡੀਆ ਯੂਨੀਵਰਸਿਟੀ ਗੇਮਜ਼ ਵਿੱਚ ਪੰਜਾਬ ਦੀਆਂ ਯੂਨੀਵਰਸਿਟੀਆਂ ਦੀ ਝੰਡੀ ਰਹੀ। ਅੰਤਿਮ ਤਮਗਾ ਸੂਚੀ ਵਿੱਚ ਪਹਿਲੇ ਪੰਜ ਸਥਾਨਾਂ ਵਿੱਚ ਪੰਜਾਬ ਦੀਆਂ ਚਾਰ ਯੂਨੀਵਰਸਿਟੀਆਂ ਨੇ ਸਥਾਨ ਮੱਲਿਆ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਓਵਰ ਆਲ ਚੈਂਪੀਅਨ ਬਣੀ ਜਦੋਂ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਉਪ ਜੇਤੂ ਰਹੀ। ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਚੌਥਾ ਤੇ ਗੁਰੂ ਕਾਸ਼ੀ ਯੂਨੀਵਰਸਿਟੀ ਦਮਦਮਾ ਸਾਹਿਬ ਨੇ ਪੰਜਵਾਂ ਸਥਾਨ ਹਾਸਲ ਕੀਤਾ।
ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇਸ ਮਾਣਮੱਤੀ ਪ੍ਰਾਪਤੀ ਲਈ ਸਾਰੇ ਜੇਤੂ ਖਿਡਾਰੀਆਂ ਤੇ ਯੂਨੀਵਰਸਿਟੀਆਂ ਨੂੰ ਮੁਬਾਰਕਬਾਦ ਦਿੰਦਿਆਂ ਇਸ ਦਾ ਸਿਹਰਾ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ, ਕੋਚਾਂ ਤੇ ਯੂਨੀਵਰਸਿਟੀਆਂ ਦੇ ਉੱਚ ਅਧਿਕਾਰੀਆਂ ਤੇ ਖੇਡ ਵਿਭਾਗਾਂ ਸਿਰ ਬੰਨ੍ਹਿਆ। ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਖੇਡਾਂ ਦੇ ਖੇਤਰ ਵਿੱਚ ਪੰਜਾਬ ਨੂੰ ਮੁੜ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਦੀਆਂ ਕੋਸ਼ਿਸਾਂ ਦੌਰਾਨ ਇਹ ਇਕ ਵੱਡੀ ਪੁਲਾਂਘ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੇ ਖਿਡਾਰੀਆਂ ਵਿੱਚ ਅਥਾਹ ਸਮਰੱਥਾ ਹੈ ਬੱਸ ਸਿਰਫ ਲੋੜ ਹੈ ਉਨ੍ਹਾਂ ਦੇ ਹੁਨਰ ਨੂੰ ਪਛਾਣ ਕੇ ਤਰਾਸ਼ਣ ਦੀ। ਮੁੱਖ ਮੰਤਰੀ ਦੇ ਨਿਰਦੇਸ਼ਾਂ ਤਹਿਤ ਸੂਬੇ ਵਿੱਚ ਖੇਡਾਂ ਵਤਨ ਪੰਜਾਬ ਦੀਆਂ ਰਾਹੀਂ ਖਿਡਾਰੀਆਂ ਨੂੰ ਅੱਗੇ ਵਧਣ ਦਾ ਮੰਚ ਮੁਹੱਈਆ ਕਰਵਾਇਆ ਜਾ ਰਿਹਾ ਹੈ।
ਉੱਤਰ ਪ੍ਰਦੇਸ਼ ਵਿਖੇ ਬੀਤੀ ਸ਼ਾਮ ਸਮਾਪਤ ਹੋਈਆਂ ਖੇਲੋ ਇੰਡੀਆ ਯੂਨੀਵਰਸਿਟੀ ਗੇਮਜ਼ ਦੀ ਤਮਗਾ ਸੂਚੀ ਵਿੱਚ ਪਹਿਲੇ ਸਥਾਨ ਉਤੇ ਆਈ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ 26 ਸੋਨੇ, 17 ਚਾਂਦੀ ਤੇ 26 ਕਾਂਸੀ ਦੇ ਤਮਗਿਆਂ ਨਾਲ ਕੁੱਲ 69 ਤਮਗੇ ਜਿੱਤੇ। ਇਸੇ ਤਰ੍ਹਾਂ ਦੂਜੇ ਸਥਾਨ ਉਤੇ ਆਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨੇ 24 ਸੋਨੇ, 27 ਚਾਂਦੀ ਤੇ 17 ਕਾਂਸੀ ਦੇ ਤਮਗਿਆਂ ਨਾਲ ਕੁੱਲ 68 ਤਮਗੇ, ਚੌਥੇ ਸਥਾਨ ਉਤੇ ਆਈ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ 12 ਸੋਨੇ, 14 ਚਾਂਦੀ ਤੇ 8 ਕਾਂਸੀ ਦੇ ਤਮਗਿਆਂ ਨਾਲ ਕੁੱਲ 34 ਤਮਗੇ ਅਤੇ ਪੰਜਵੇਂ ਸਥਾਨ ਉਤੇ ਆਈ ਗੁਰੂ ਕਾਸ਼ੀ ਯੂਨੀਵਰਸਿਟੀ ਦਮਦਮਾ ਸਾਹਿਬ ਨੇ 9 ਸੋਨੇ, 10 ਚਾਂਦੀ ਤੇ 9 ਕਾਂਸੀ ਦੇ ਤਮਗਿਆਂ ਨਾਲ ਕੁੱਲ 28 ਤਮਗੇ ਜਿੱਤੇ।