Punjab Vidhan Sabha: ਵਿਧਾਨ ਸਭਾ ਸੈਸ਼ਨ ਦੇ ਪਹਿਲੇ ਦਿਨ ਹੀ ਵਿਰੋਧੀਆਂ ਨੇ ਵਿਖਾਏ ਤੇਵਰ...ਭਗਵੰਤ ਮਾਨ ਸਰਕਾਰ 'ਤੇ ਸਵਾਲਾਂ ਦੀ ਬੁਛਾੜ
Punjab Vidhan Sabha Monsoon Session: ਪੰਜਾਬ ਵਿਧਾਨ ਸਭਾ ਦਾ ਤਿੰਨ ਰੋਜ਼ਾ ਮਾਨਸੂਨ ਸੈਸ਼ਨ ਅੱਜ (ਸੋਮਵਾਰ) ਤੋਂ ਸ਼ੁਰੂ ਹੋ ਗਿਆ। ਇਸ ਦੌਰਾਨ ਸਭ ਤੋਂ ਪਹਿਲਾਂ ਦੋ ਮਿੰਟ ਦਾ ਮੌਨ ਰੱਖ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ।
Punjab Vidhan Sabha Monsoon Session: ਪੰਜਾਬ ਵਿਧਾਨ ਸਭਾ ਦਾ ਤਿੰਨ ਰੋਜ਼ਾ ਮਾਨਸੂਨ ਸੈਸ਼ਨ ਅੱਜ (ਸੋਮਵਾਰ) ਤੋਂ ਸ਼ੁਰੂ ਹੋ ਗਿਆ। ਇਸ ਦੌਰਾਨ ਸਭ ਤੋਂ ਪਹਿਲਾਂ ਦੋ ਮਿੰਟ ਦਾ ਮੌਨ ਰੱਖ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਨ੍ਹਾਂ ਹਸਤੀਆਂ ਵਿੱਚ ਪਦਮਸ਼੍ਰੀ ਪ੍ਰਸਿੱਧ ਕਵੀ ਸੁਰਜੀਤ ਪਾਤਰ ਸਮੇਤ ਕਈ ਸਾਬਕਾ ਵਿਧਾਇਕਾਂ ਤੇ ਆਜ਼ਾਦੀ ਘੁਲਾਟੀਆਂ ਦੇ ਨਾਂ ਸ਼ਾਮਲ ਸਨ।
ਇਸ ਦੌਰਾਨ ਵਿਧਾਨ ਸਭਾ ਵਿੱਚ ਡੇਰਾ ਸੱਚਾ ਸੌਦਾ ਦੇ ਮੁਖੀ ਖ਼ਿਲਾਫ਼ ਢਾਈ ਸਾਲਾਂ ਤੋਂ ਚੱਲ ਰਹੇ ਕੇਸ ਦੀ ਫਾਈਲ ਨੂੰ ਮਨਜ਼ੂਰੀ ਨਾ ਦੇਣ ਦਾ ਮੁੱਦਾ ਵੀ ਉਠਾਇਆ ਗਿਆ। ਇਸ ਦੇ ਨਾਲ ਹੀ ਵਿਧਾਇਕਾਂ ਨੇ ਖੇਤੀਬਾੜੀ ਨੀਤੀ ਨੂੰ ਜਨਤਕ ਕਰਨ ਤੇ ਨੈਸ਼ਨਲ ਹਾਈਵੇਅ ਅਥਾਰਟੀ ਵੱਲੋਂ ਐਕੁਆਇਰ ਕੀਤੀ ਜਾ ਰਹੀ ਜ਼ਮੀਨ ਦੇ ਮਾਲਕਾਂ ਨੂੰ ਬਣਦਾ ਮੁਆਵਜ਼ਾ ਦੇਣ ਦੀ ਮੰਗ ਵੀ ਉਠਾਈ।
ਇਸ ਤੋਂ ਇਲਾਵਾ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਖਰੜ ਜੇਲ੍ਹ ਵਿੱਚ ਆਪਣੇ ਫ਼ੋਨ ਰਾਹੀਂ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਕਰਵਾਉਣ ਵਾਲੇ ਅਧਿਕਾਰੀ ਖ਼ਿਲਾਫ਼ ਕਾਰਵਾਈ ਦਾ ਮੁੱਦਾ ਉਠਾਇਆ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ਸਪੀਕਰ ਨੂੰ ਕਿਹਾ ਕਿ ਮੈਂ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਵਿਧਾਨ ਸਭਾ ਵਿੱਚ ਕੈਮਰਿਆਂ ਬਾਰੇ ਅਜੇ ਤੱਕ ਕੋਈ ਨਿਯਮ ਨਹੀਂ ਹੈ।
ਬਾਜਵਾ ਨੇ ਕਿਹਾ ਕਿ 9 ਅਗਸਤ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਵੱਲੋਂ ਤੁਹਾਨੂੰ ਲਿਖਿਆ ਗਿਆ ਸੀ ਕਿ ਇਸ ਸੈਸ਼ਨ ਵਿੱਚ ਸਾਰਿਆਂ ਨੂੰ ਬਰਾਬਰ ਦਾ ਮੌਕਾ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੱਤਾਧਾਰੀ ਪਾਰਟੀ ਨੂੰ ਜਦੋਂ ਮੌਕਾ ਮਿਲਦਾ ਹੈ ਤਾਂ ਕੈਮਰੇ ਦਿੱਸਦੇ ਹਨ। ਮੈਨੂੰ ਉਮੀਦ ਹੈ ਕਿ ਤੁਸੀਂ ਸਾਰਿਆਂ ਨੂੰ ਬਰਾਬਰ ਦਾ ਮੌਕਾ ਦਿਓਗੇ।
ਇਸ ਦੌਰਾਨ ਸੁਖਪਾਲ ਖਹਿਰਾ ਨੇ ਸੈਸ਼ਨ ਵਧਾਉਣ ਦਾ ਮੁੱਦਾ ਉਠਾਇਆ। ਉਨ੍ਹਾਂ ਨੇ ਕਿਹਾ ਕਿ ਵਿਧਾਨ ਸਭਾ ਦੇ 117 ਮੈਂਬਰ ਹਨ ਤੇ ਕਈ ਤਾਂ ਸੁੱਚੇ ਮੂੰਹ ਹੀ ਚਲੇ ਜਾਂਦੇ ਹਨ। ਮੇਰਾ ਸੁਝਾਅ ਹੈ ਕਿ ਹਰ ਵਿਧਾਇਕ ਨੂੰ 10 ਮਿੰਟ ਦਿੱਤੇ ਜਾਣੇ ਚਾਹੀਦੇ ਹਨ। ਇਸ ਹਿਸਾਬ ਨਾਲ 1170 ਘੰਟੇ ਬਣਦੇ ਹਨ। ਅਜਿਹੇ 'ਚ ਸੈਸ਼ਨ ਨੂੰ 8 ਤੋਂ 9 ਦਿਨਾਂ ਲਈ ਵਧਾਇਆ ਜਾਣਾ ਚਾਹੀਦਾ ਹੈ ਜੋ ਸਾਰੇ ਵਿਧਾਇਕ ਆਪੋ-ਆਪਣੇ ਹਲਕੇ ਦੀ ਗੱਲ ਕਰ ਸਕਣ।
ਖਹਿਰਾ ਨੇ ਕਿਹਾ ਕਿ ਕਾਨੂੰਨ ਵਿਵਸਥਾ ਦੀ ਹਾਲਤ ਖਰਾਬ ਹੈ। ਕਿਸਾਨ ਸਰਹੱਦ 'ਤੇ ਬੈਠੇ ਹਨ। ਖਾਦ ਡੁਪਲੀਕੇਟ ਆ ਰਹੀ ਹੈ। ਬਰਗਾੜੀ ਮਾਮਲੇ ਵਿੱਚ ਕੁਝ ਨਹੀਂ ਹੋਇਆ। ਇੱਕ ਜੇਲ੍ਹ ਸੁਪਰਡੈਂਟ ਨੇ ਅਸਤੀਫ਼ਾ ਦੇ ਦਿੱਤਾ ਤੇ ਉਸ ਦਾ ਕਹਿਣਾ ਹੈ ਕਿ ਜੇਲ੍ਹ ਵਿੱਚ ਕੋਈ ਨਿਯਮ ਨਹੀਂ ਹਨ।
ਕਾਂਗਰਸੀ ਵਿਧਾਇਕ ਸੰਦੀਪ ਜਾਖੜ ਨੇ ਕਿਹਾ ਕਿ ਖੇਤੀ ਨੀਤੀ ਖੇਤੀਬਾੜੀ ਵਿਭਾਗ ਵੱਲੋਂ ਬਣਾਈ ਗਈ ਹੈ। ਇਸ ਨੂੰ ਤਿਆਰ ਹੋਏ ਤਿੰਨ ਮਹੀਨੇ ਹੋ ਗਏ ਹਨ। ਅੱਜ ਕਿਸਾਨ ਚੰਡੀਗੜ੍ਹ ਵਿੱਚ ਧਰਨਾ ਦੇ ਰਹੇ ਹਨ। ਉਨ੍ਹਾਂ ਦੀ ਵੀ ਇਹੀ ਮੰਗ ਹੈ ਕਿ ਇਸ ਨੀਤੀ ਨੂੰ ਜਨਤਕ ਕੀਤਾ ਜਾਵੇ। ਉਹ ਇਸ ਨੂੰ ਲਾਗੂ ਕਰਨ ਦੀ ਮੰਗ ਨਹੀਂ ਕਰ ਰਹੇ ਹਨ। ਮੈਂ ਵੀ ਉਸ ਕਮੇਟੀ ਦਾ ਮੈਂਬਰ ਹਾਂ। ਮੈਂ ਕਹਿੰਦਾ ਹਾਂ ਕਿ ਇੱਕ ਦਿਨ ਦਾ ਸੈਸ਼ਨ ਬੁਲਾਇਆ ਜਾਵੇ। ਉਸ ਨੀਤੀ 'ਤੇ ਚਰਚਾ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਚਰਚਾ ਕਰਕੇ ਕੰਮ ਨੂੰ ਅੱਗੇ ਤੋਰਿਆ ਜਾਵੇ।