Punjab News : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬੀਤੇ ਦਿਨੀਂ ਚੰਡੀਗੜ੍ਹ ਸਥਿਤ ਆਪਣੇ ਦਫਤਰ ਵਿਖੇ ਪੰਜਾਬ ਗੱਤਕਾ ਐਸੋਸੀਏਸ਼ਨ ਨੂੰ 2 ਲੱਖ ਰੁਪਏ ਦਾ ਚੈਕ ਸੌਂਪਿਆ ਹੈ। ਸੰਧਵਾਂ ਨੇ ਐਸੋਸੀਏਸ਼ਨ ਵੱਲੋਂ ਗਤਕੇ ਨੂੰ ਲੈ ਕੇ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਵੀ ਕੀਤੀ ਹੈ। 


 

ਦਰਅਸਲ 'ਚ ਬੀਤੇ ਸਾਲ ਨਵੰਬਰ ਵਿੱਚ ਪੰਜਾਬ ਗੱਤਕਾ ਐਸੋਸੀਏਸ਼ਨ ਵੱਲੋਂ 2 ਦਿਨਾਂ 7ਵੀ ਪੰਜਾਬ ਸਟੇਟ ਗਤਕਾ ਚੈਂਪੀਅਨਸ਼ਿਪ ਨਿਊ ਚੰਡੀਗੜ੍ਹ ਸਥਿਤ ਰਤਵਾੜਾ ਸਾਹਿਬ ਵਿਖੇ ਕਰਵਾਈ ਗਈ ਸੀ ,ਜਿਸ ਦਾ ਉਦਘਾਟਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤਾ ਸੀ। ਇਸ ਮੌਕੇ ਉਨ੍ਹਾਂ ਐਸੋਸੀਏਸ਼ਨ ਨੂੰ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਸੀ। ਆਪਣੇ ਐਲਾਨ 'ਤੇ ਖਰੇ ਉਤਰਦੇ ਹੋਏ ਸੰਧਵਾ ਨੇ ਐਸੋਸੀਏਸ਼ਨ ਦੇ ਪ੍ਰਧਾਨ ਡਾਕਟਰ ਰਜਿੰਦਰ ਸਿੰਘ ਸੋਹਲ ਨੂੰ 2 ਲੱਖ ਰੁਪਏ ਦਾ ਚੈਕ ਸੌਂਪਿਆ।

 



ਇਸ ਮੌਕੇ ਸਪੀਕਰ ਕੁਲਤਾਰ ਸੰਧਵਾਂ ਨੇ ਐਸੋਸੀਏਸ਼ਨ ਵੱਲੋਂ ਗਤਕੇ ਨੂੰ ਲੈ ਕੇ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਗਤਕਾ ਸਾਡੇ ਗੁਰੂ ਸਾਹਿਬਾਨ ਦੀ ਕੀਮਤੀ ਦੇਣ ਹੈ। ਇਹ ਨਾ ਸਿਰਫ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਬਾਣੀ ਨਾਲ ਜੋੜਨ ਵਿੱਚ ਵੀ ਸਹਾਇਕ ਸਿੱਧ ਹੁੰਦੀ ਬਲਕਿ ਖਿਡਾਰੀਆਂ ਨੂੰ ਅਨੁਸ਼ਾਸਨ ਵਿੱਚ ਰੱਖਣ ਵਿੱਚ ਵੀ ਸਹਾਈ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਗਤਕਾ ਐਸੋਸੀਏਸ਼ਨ ਦੀ ਯੋਗ ਰਹਿਨੁਮਾਈ ਹੇਠ ਗਤਕਾ ਖੇਡਣ ਵਾਲੇ ਬੱਚਿਆਂ ਦਾ ਭਵਿੱਖ ਵੀ ਸੁਰੱਖਿਅਤ ਹੱਥਾਂ ਵਿੱਚ ਹੈ।

ਇਸ ਮੌਕੇ ਪੰਜਾਬ ਗਤਕਾ ਐਸੋਸੀਏਸ਼ਨ ਦੇ ਪ੍ਰਧਾਨ ਡਾਕਟਰ ਰਜਿੰਦਰ ਸਿੰਘ ਸੋਹਲ ਨੇ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾ ਦਾ ਆਪਣੇ ਵਾਅਦੇ 'ਤੇ ਪੂਰਾ ਉਤਰਨ 'ਤੇ ਧੰਨਵਾਦ ਕਰਦੇ ਹੋਏ ਕਿਹਾ ਕਿ ਗਤਕੇ ਨੂੰ ਪ੍ਰਫੁੱਲਤ ਕਰਨ ਅਤੇ ਬੱਚਿਆ ਦੀ ਹੌਸਲਾ ਅਫ਼ਜ਼ਾਈ ਲਈ ਉਨਾਂ ਵਲੋਂ ਦਿੱਤਾ ਗਿਆ ਯੋਗਦਾਨ ਵਡਮੁੱਲਾ ਹੈ। ਉਧਰ ਗਤਕਾ ਫੈਡਰੇਸ਼ਨ ਆਫ਼ ਇੰਡੀਆ ਦੇ ਪ੍ਰਧਾਨ ਹਰਚਰਨ ਸਿੰਘ ਭੁੱਲਰ ਆਈਪੀਐਸ ਅਤੇ ਜਰਨਲ ਸਕੱਤਰ ਬਲਜਿੰਦਰ ਸਿੰਘ ਤੂਰ ਨੇ ਵੀ ਇਸ ਰਾਸ਼ੀ ਲਈ ਵਿਧਾਨ ਸਭਾ ਸਪੀਕਰ ਦਾ ਵਿਸ਼ੇਸ਼ ਧੰਨਵਾਦ ਕੀਤਾ।