ਵੱਡੀ ਖ਼ਬਰ ! ਪੰਜਾਬ ਦਾ ਵਿਜੀਲੈਂਸ ਚੀਫ਼ ਸਸਪੈਂਡ, AIG ਤੇ SSP 'ਤੇ ਵੀ ਹੋਈ ਕਾਰਵਾਈ, ਜਾਣੋ ਪੂਰਾ ਮਾਮਲਾ
ਇਹ ਪਹਿਲੀ ਦਫ਼ਾ ਹੈ ਜਦੋਂ ਕਿਸੇ ਸਰਕਾਰ ਦੀ ਤਰਫ਼ੋਂ ਵਿਜੀਲੈਂਸ ਮੁਖੀ ਖ਼ਿਲਾਫ਼ ਏਡਾ ਵੱਡਾ ਕਦਮ ਚੁੱਕਿਆ ਗਿਆ ਹੋਵੇ। ਪੰਜਾਬ ਸਰਕਾਰ ਕੁਰੱਪਸ਼ਨ ਵਿਰੋਧੀ ਮੁਹਿੰਮ ਨੂੰ ਲੈ ਕੇ ਸੂਬੇ ਵਿੱਚ ਸਖ਼ਤ ਸੁਨੇਹਾ ਦੇਣਾ ਚਾਹੁੰਦੀ ਹੈ।
ਪੰਜਾਬ ਸਰਕਾਰ ਨੇ ਵੱਡਾ ਐਕਸ਼ਨ ਕੀਤਾ ਹੈ। ਮਾਨ ਸਰਕਾਰ ਨੇ ਵਿਜੀਲੈਂਸ ਚੀਫ਼ ਨੂੰ ਸਸਪੈਂਡ ਕੀਤਾ ਹੈ। ਇਸ ਤੋਂ ਇਲਾਵਾ AIG ਤੇ SSP ਨੂੰ ਵੀ ਸਸਪੈਂਡ ਕੀਤਾ ਗਿਆ ਹੈ। ਦੱਸ ਦਈਏ ਕਿ ਇਨ੍ਹਾਂ ਉੱਤੇ ਡਰਾਈਵਿੰਗ ਘੁਟਾਲੇ ਨੂੰ ਲੈ ਕੇ ਕਾਰਵਾਈ ਕੀਤੀ ਗਈ ਹੈ। ਜਾਣਕਾਰੀ ਮੁਤਾਬਕ, ਵਿਜੀਲੈਂਸ ਬਿਊਰੋ ਦੇ ਮੁੱਖ ਡਾਇਰੈਕਟਰ ਸੁਰਿੰਦਰ ਪਾਲ ਸਿੰਘ ਪਰਮਾਰ ਨੂੰ ਮੁਅੱਤਲ ਕਰ ਦਿੱਤਾ ਹੈ।
ਸੂਬਾ ਸਰਕਾਰ ਨੇ ਵਿਜੀਲੈਂਸ ਮੁਖੀ ਤੋਂ ਇਲਾਵਾ ਐੱਸਐੱਸਪੀ ਵਿਜੀਲੈਂਸ ਸਵਰਨਪ੍ਰੀਤ ਸਿੰਘ ਅਤੇ ਏਆਈਜੀ ਹਰਪ੍ਰੀਤ ਸਿੰਘ ਨੂੰ ਵੀ ਸਸਪੈਂਡ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਹ ਪਹਿਲੀ ਦਫ਼ਾ ਹੈ ਜਦੋਂ ਕਿਸੇ ਸਰਕਾਰ ਦੀ ਤਰਫ਼ੋਂ ਵਿਜੀਲੈਂਸ ਮੁਖੀ ਖ਼ਿਲਾਫ਼ ਏਡਾ ਵੱਡਾ ਕਦਮ ਚੁੱਕਿਆ ਗਿਆ ਹੋਵੇ। ਪੰਜਾਬ ਸਰਕਾਰ ਕੁਰੱਪਸ਼ਨ ਵਿਰੋਧੀ ਮੁਹਿੰਮ ਨੂੰ ਲੈ ਕੇ ਸੂਬੇ ਵਿੱਚ ਸਖ਼ਤ ਸੁਨੇਹਾ ਦੇਣਾ ਚਾਹੁੰਦੀ ਹੈ।
ਜਾਣਕਾਰੀ ਮੁਤਾਬਕ, ਡਰਾਈਵਿੰਗ ਲਾਇਸੈਂਸ ਘੁਟਾਲੇ ਦੇ ਸੰਦਰਭ ਵਿੱਚ ਵਿਜੀਲੈਂਸ ਮੁਖੀ ਨੂੰ ਸਸਪੈਂਡ ਕੀਤਾ ਗਿਆ ਹੈ। ਸਰਕਾਰੀ ਬੁਲਾਰੇ ਨੇ ਕਿਹਾ ਕਿ ਲਾਇਸੈਂਸ ਘੁਟਾਲੇ ’ਚ ਕਾਰਵਾਈ ਰੋਕੇ ਜਾਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਜਿਸ ਲਈ ਜ਼ਿੰਮੇਵਾਰ ਅਫ਼ਸਰਾਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ।
ਜ਼ਿਕਰ ਕਰ ਦਈਏ ਕਿ ਸੁਰਿੰਦਰ ਪਾਲ ਸਿੰਘ ਪਰਮਾਰ ਨੂੰ ਸਰਕਾਰ ਨੇ 26 ਮਾਰਚ ਨੂੰ ਇਸ ਅਹੁਦੇ ਦੀ ਜ਼ਿੰਮੇਵਾਰੀ ਸੌਂਪੀ ਸੀ। ਜੀ. ਨਾਗੇਸ਼ਵਰ ਰਾਓ ਨੂੰ ਹਟਾਉਣ ਤੋਂ ਬਾਅਦ ਉਨ੍ਹਾਂ ਨੂੰ ਇਸ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਸੀ। ਇਸ ਦੇ ਨਾਲ ਹੀ, ਇਹ ਸਪੱਸ਼ਟ ਹੈ ਕਿ ਹੁਣ ਸਰਕਾਰ ਭ੍ਰਿਸ਼ਟਾਚਾਰ ਦੇ ਮੁੱਦੇ ਨੂੰ ਗੰਭੀਰਤਾ ਨਾਲ ਲੈ ਰਹੀ ਹੈ। ਇਸ ਮਾਮਲੇ ਵਿੱਚ ਜਾਣਕਾਰੀ ਸਰਕਾਰ ਵੱਲੋਂ ਜਲਦੀ ਹੀ ਸਾਂਝੀ ਕੀਤੀ ਜਾਵੇਗੀ।
ਦੱਸਣਯੋਗ ਹੈ ਕਿ 7 ਅਪਰੈਲ ਨੂੰ ਵਿਜੀਲੈਂਸ ਨੇ ਸੂਬੇ ਭਰ ਵਿੱਚ ਆਰਟੀਏ ਦਫ਼ਤਰਾਂ ਅਤੇ ਡਰਾਈਵਿੰਗ ਟੈਸਟ ਸੈਂਟਰਾਂ ਵਿੱਚ ਛਾਪੇ ਮਾਰੇ ਸਨ। ਲਾਇਸੈਂਸ ਘੁਟਾਲੇ ਦੇ ਸਬੰਧ ਵਿੱਚ 16 ਪੁਲੀਸ ਕੇਸ ਦਰਜ ਕੀਤੇ ਗਏ ਸਨ ਅਤੇ ਸਬੰਧਤ ਲੋਕਾਂ ਤੋਂ 40,900 ਰੁਪਏ ਵੀ ਜ਼ਬਤ ਕੀਤੇ ਗਏ ਸਨ। ਸੂਤਰ ਦੱਸਦੇ ਹਨ ਕਿ ਵਿਜੀਲੈਂਸ ਮੁਖੀ ਨੇ ਡਰਾਈਵਿੰਗ ਲਾਇਸੈਂਸ ਘੁਟਾਲੇ ਵਿੱਚ ਕਾਰਵਾਈ ਕਰਨ ਵਿੱਚ ਢਿੱਲ ਵਰਤੀ, ਜਿਸ ਦੇ ਵਜੋਂ ਘੁਟਾਲੇਬਾਜ਼ ਫ਼ਰਾਰ ਹੋਣ ਵਿੱਚ ਸਫਲ ਹੋ ਗਏ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :






















