Punjab Weather: ਸ਼ਹੀਦੀ ਜੋੜ ਮੇਲੇ ਦੌਰਾਨ ਵਿਗੜੇਗਾ ਮੌਸਮ, ਬਾਰਸ਼, ਗੜ੍ਹੇਮਾਰੀ ਤੇ ਝੱਖੜ ਦਾ ਅਲਰਟ
ਮੌਸਮ ਵਿਭਾਗ ਦੇ ਅਲਰਟ ਮੁਤਾਬਕ 27 ਦਸੰਬਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬਾਰਸ਼ ਦੇ ਨਾਲ ਗੜੇਮਾਰੀ ਹੋਵੇਗੀ ਤੇ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ। ਇਸ ਲਈ ਵਿਭਾਗ ਨੇ ਔਰੇਂਜ ਅਲਰਟ ਜਾਰੀ ਕੀਤਾ ਹੈ।
Punjab Weather Update: ਅਕਸਰ ਹੀ ਸਾਹਿਬਜ਼ਾਦਿਆਂ ਦੇ ਸ਼ਹੀਦੀ ਜੋੜ ਮੇਲੇ ਦੇ ਦਿਨਾਂ ਦੌਰਾਨ ਬਾਰਸ਼ ਹੁੰਦੀ ਹੈ। ਇਸ ਵਾਰ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ਅੰਦਰ ਬਾਰਸ਼ ਹੋਏਗੀ। ਮੌਸਮ ਵਿਭਾਗ ਨੇ ਇਸ ਸਬੰਧੀ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦੇ ਅਲਰਟ ਮੁਤਾਬਕ 27 ਦਸੰਬਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬਾਰਸ਼ ਦੇ ਨਾਲ ਗੜੇਮਾਰੀ ਹੋਵੇਗੀ ਤੇ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ। ਇਸ ਲਈ ਵਿਭਾਗ ਨੇ ਔਰੇਂਜ ਅਲਰਟ ਜਾਰੀ ਕੀਤਾ ਹੈ।
ਦੱਸ ਦਈਏ ਕਿ ਪੰਜਾਬ ਤੇ ਚੰਡੀਗੜ੍ਹ ਵਿੱਚ ਸੀਤ ਲਹਿਰ ਦਾ ਕਹਿਰ ਜਾਰੀ ਹੈ। ਅੱਜ 15 ਜ਼ਿਲ੍ਹਿਆਂ ਵਿੱਚ ਸੀਤ ਲਹਿਰ ਤੇ ਸੰਘਣੀ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਦੂਜੇ ਪਾਸੇ ਵੈਸਟਰਨ ਡਿਸਟਰਬੈਂਸ ਵੀ ਸਰਗਰਮ ਹੋ ਰਿਹਾ ਹੈ। ਇਸ ਕਾਰਨ ਮੌਸਮ ਵਿਭਾਗ ਨੇ ਅੱਜ ਸੂਬੇ ਦੇ ਕੁਝ ਜ਼ਿਲ੍ਹਿਆਂ ਵਿੱਚ ਹਨ੍ਹੇਰੀ ਤੇ ਝੱਖੜ ਦੀ ਸੰਭਾਵਨਾ ਵੀ ਪ੍ਰਗਟਾਈ ਹੈ। ਉਂਝ, ਪਿਛਲੇ 24 ਘੰਟਿਆਂ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1.8 ਡਿਗਰੀ ਦਾ ਵਾਧਾ ਹੋਇਆ ਹੈ। ਹੁਣ ਇਹ ਆਮ ਦੇ ਨੇੜੇ ਪਹੁੰਚ ਗਿਆ ਹੈ।
ਅੱਜ ਲਈ ਮੌਸਮ ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ ਤੇ ਲੁਧਿਆਣਾ ਲਈ ਸੀਤ ਲਹਿਰ ਤੇ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਲੋੜ ਪੈਣ 'ਤੇ ਹੀ ਘਰੋਂ ਬਾਹਰ ਨਿਕਲਣ ਦੀ ਸਲਾਹ ਦਿੱਤੀ ਹੈ।
ਦੱਸ ਦਈਏ ਕਿ ਪੰਜਾਬ ਵਿੱਚ ਰਾਤ ਦਾ ਤਾਪਮਾਨ ਵੀ ਲਗਾਤਾਰ ਡਿੱਗ ਰਿਹਾ ਹੈ। ਸਾਰੇ ਜ਼ਿਲ੍ਹਿਆਂ ਵਿੱਚ ਰਾਤ ਦਾ ਤਾਪਮਾਨ 4.2 ਡਿਗਰੀ ਤੋਂ 8 ਡਿਗਰੀ ਦੇ ਵਿਚਕਾਰ ਦਰਜ ਕੀਤਾ ਗਿਆ ਹੈ। ਫਰੀਦਕੋਟ ਵਿੱਚ ਸਭ ਤੋਂ ਘੱਟ ਤਾਪਮਾਨ 4.2 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਸੂਬੇ ਦੇ ਔਸਤ ਘੱਟੋ-ਘੱਟ ਤਾਪਮਾਨ 'ਚ 0.9 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਆਉਣ ਵਾਲੇ ਸਮੇਂ ਵਿੱਚ ਵੀ ਇਹੀ ਸਥਿਤੀ ਬਣੀ ਰਹੇਗੀ। ਇਸ ਦੇ ਨਾਲ ਹੀ ਠੰਢ ਕਾਰਨ ਪੰਜਾਬ ਦੇ ਸਾਰੇ ਸਕੂਲਾਂ ਵਿੱਚ 31 ਦਸੰਬਰ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।