Punjab Weather: ਕੁਝ ਦਿਨਾਂ ਦੀ ਬਾਰਸ਼ ਤੋਂ ਬਾਅਦ ਅੱਜ ਪੰਜਾਬ ਅੰਦਰ ਗਰਮੀ ਨੇ ਕਹਿਰ ਢਾਹਿਆ ਹੈ। ਤਿੱਖੀ ਧੁੱਪ ਤੇ ਹੁੰਮਸ ਨੇ ਲੋਕਾਂ ਦਾ ਜਿਉਣਾ ਦੁੱਭਰ ਕਰ ਦਿੱਤਾ। ਅਚਾਨਕ ਵਧੀ ਗਰਮੀ ਫਸਲਾਂ ਨੂੰ ਵੀ ਨੁਕਸਾਨ ਪਹੁੰਚਾ ਸਕਦੀ ਹੈ ਕਿਉਂਕਿ ਬਹੁਤ ਸਾਰੇ ਇਲਾਕਿਆਂ ਵਿੱਚ ਫਸਲਾਂ ਪਾਣੀ ਅੰਦਰ ਡੁੱਬੀਆਂ ਹੋਈਆਂ ਹਨ।
ਮੌਸਮ ਵਿਭਾਗ ਦੇ ਸੂਤਰਾਂ ਮੁਤਾਬਕ ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਵਿੱਚ 3-4 ਦਿਨਾਂ ਤੋਂ ਰੁਕ-ਰੁਕ ਕੇ ਪੈ ਰਹੇ ਮੀਂਹ ਤੋਂ ਬਾਅਦ ਅੱਜ ਨਿਕਲੀ ਕੜਾਕੇ ਦੀ ਧੁੱਪ ਨੇ ਗਰਮੀ ਤੇ ਹੁੰਮਸ ਵਧਾ ਦਿੱਤੀ ਹੈ। ਉੱਧਰ ਪੰਜਾਬ ਦਾ ਤਾਪਮਾਨ ਵਧਦਾ ਜਾ ਰਿਹਾ ਹੈ, ਜਿਸ ਕਰਕੇ ਲੋਕਾਂ ਦਾ ਹਾਲ ਬੇਹਾਲ ਹੋ ਰਿਹਾ ਹੈ। ਮੌਸਮ ਵਿਭਾਗ ਨੇ ਅਗਲੇ ਕੁਝ ਦਿਨ ਖੁਸ਼ਕ ਰਹਿਣ ਦੀ ਪੇਸ਼ੀਨਗੋਈ ਕੀਤੀ ਹੈ।
ਉਧਰ, ਦੇਸ਼ ਭਰ 'ਚ ਮੌਸਮ 'ਚ ਲਗਾਤਾਰ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਕਈ ਰਾਜਾਂ ਵਿੱਚ ਬਾਰਸ਼ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਵੀ ਕਈ ਰਾਜਾਂ ਲਈ ਅਲਰਟ ਜਾਰੀ ਕੀਤਾ ਹੈ। IMD ਨੇ ਦੱਸਿਆ ਕਿ ਰਾਸ਼ਟਰੀ ਰਾਜਧਾਨੀ ਦਿੱਲੀ 'ਚ ਅੱਜ ਆਮ ਬਾਰਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।
ਇਸ ਦੇ ਨਾਲ ਹੀ, IMD ਨੇ ਰਾਜਸਥਾਨ, ਗੁਜਰਾਤ ਤੇ ਮਹਾਰਾਸ਼ਟਰ ਦੇ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਹੈ। ਮੌਸਮ ਦੇ ਤਾਜ਼ਾ ਬੁਲੇਟਿਨ ਮੁਤਾਬਕ 24 ਤੋਂ 27 ਜੁਲਾਈ ਤੱਕ ਜੰਮੂ-ਕਸ਼ਮੀਰ, ਰਾਜਸਥਾਨ, ਉੱਤਰਾਖੰਡ ਤੇ ਹਿਮਾਚਲ ਪ੍ਰਦੇਸ਼ 'ਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।