Punjab Weather Update: ਪੰਜਾਬ ਵਿੱਚ ਸੀਤ ਲਹਿਰ ਤੇ ਸੰਘਣੀ ਧੁੰਦ ਦਾ ਕਹਿਰ ਜਾਰੀ ਹੈ। ਸੂਬੇ ਦੇ 12 ਜ਼ਿਲ੍ਹੇ ਅਜੇ ਵੀ ਸੰਘਣੀ ਧੁੰਦ ਦੀ ਲਪੇਟ 'ਚ ਹਨ। ਇਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ ਤੇ ਲੁਧਿਆਣਾ ਸ਼ਾਮਲ ਹਨ। ਇਸ ਤੋਂ ਇਲਾਵਾ ਬਾਕੀ ਜ਼ਿਲ੍ਹਿਆਂ ਵਿੱਚ ਵੀ 51 ਤੋਂ 75 ਫੀਸਦੀ ਕੋਹਰੇ ਤੇ ਠੰਢ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਸੂਰਜ ਨਾ ਨਿਕਲਣ ਕਾਰਨ ਦਿਨ ਦਾ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਸੂਬੇ ਦੇ 9 ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ ਆਮ ਨਾਲੋਂ 8 ਡਿਗਰੀ ਹੇਠਾਂ ਆ ਗਿਆ। ਅੱਜ ਪੰਜਾਬ ਵਿੱਚ ਬਠਿੰਡਾ ਸਭ ਤੋਂ ਠੰਢਾ ਰਿਹਾ। ਬਠਿੰਡਾ ਵਿੱਚ ਘੱਟੋ-ਘੱਟ ਤਾਪਮਾਨ 7 ਡਿਗਰੀ ਰਿਹਾ। ਇਸ ਦੇ ਨਾਲ ਹੀ ਸੂਬੇ ਦੇ 21 ਜ਼ਿਲ੍ਹਿਆਂ ਵਿੱਚ ਘੱਟੋ-ਘੱਟ ਤਾਪਮਾਨ 11 ਡਿਗਰੀ ਤੋਂ ਘੱਟ ਰਿਹਾ। ਪਠਾਨਕੋਟ ਵਿੱਚ ਵੱਧ ਤੋਂ ਵੱਧ ਤਾਪਮਾਨ 14.4 ਡਿਗਰੀ ਦਰਜ ਕੀਤਾ ਗਿਆ। ਇਹ ਪੰਜਾਬ ਦਾ ਸਭ ਤੋਂ ਗਰਮ ਜ਼ਿਲ੍ਹਾ ਰਿਹਾ।
ਮੌਸਮ ਵਿਭਾਗ ਮੁਤਾਬਕ ਮੈਦਾਨੀ ਇਲਾਕਿਆਂ ਵਿੱਚ ਠੰਢ ਦਾ ਕਾਰਨ ਪਹਾੜਾਂ ਤੋਂ ਪੱਛਮੀ ਗੜਬੜੀ ਦਾ ਘਟਣਾ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਹੁਣ ਪਹਾੜਾਂ ਤੋਂ ਵਗਣ ਵਾਲੀਆਂ ਹਵਾਵਾਂ ਮੈਦਾਨੀ ਇਲਾਕਿਆਂ ਵਿੱਚ ਆਉਣਗੀਆਂ। ਇਸ ਕਾਰਨ ਸ਼ਹਿਰਾਂ ਵਿੱਚ ਸੀਤ ਲਹਿਰ ਦੇ ਹਾਲਾਤ ਬਣਨੇ ਸ਼ੁਰੂ ਹੋ ਜਾਣਗੇ। ਹਾਲਾਂਕਿ, ਸੂਰਜ ਨਿਕਲੇਗਾ ਤੇ ਰਾਤ ਦੇ ਤਾਪਮਾਨ ਵਿੱਚ ਹੋਰ ਗਿਰਾਵਟ ਆ ਸਕਦੀ ਹੈ। ਮੌਸਮ ਵਿਭਾਗ ਨੇ ਕਿਹਾ ਕਿ 7 ਜਨਵਰੀ ਤੱਕ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ। ਮੌਸਮ ਖੁਸ਼ਕ ਰਹੇਗਾ।
ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਮੀਂਹ ਤੇ ਤਾਪਮਾਨ ਨੂੰ ਲੈ ਕੇ ਅਗਲੇ 3 ਮਹੀਨਿਆਂ ਦੀ ਭਵਿੱਖਬਾਣੀ ਜਾਰੀ ਕੀਤੀ ਹੈ। ਜਨਵਰੀ-ਮਾਰਚ ਤੱਕ ਆਮ ਮੀਂਹ ਪੈਣ ਦੀ ਸੰਭਾਵਨਾ ਹੈ। ਜਨਵਰੀ ਵਿੱਚ ਆਮ ਨਾਲੋਂ ਵੱਧ ਬਾਰਸ਼ ਦਰਜ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਜਨਵਰੀ ਵਿੱਚ ਘੱਟੋ-ਘੱਟ ਤਾਪਮਾਨ ਆਮ ਨਾਲੋਂ ਵੱਧ ਦਰਜ ਕੀਤਾ ਜਾਵੇਗਾ। ਇਸ ਦਾ ਮਤਲਬ ਹੈ ਕਿ ਰਾਤ ਨੂੰ ਜ਼ਿਆਦਾ ਠੰਢ ਨਹੀਂ ਹੋਵੇਗੀ। ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਘੱਟ ਰਹੇਗਾ, ਜਿਸ ਦਾ ਮਤਲਬ ਹੈ ਕਿ ਦਿਨ ਠੰਢੇ ਰਹਿਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।