Punjab weather: ਪੰਜਾਬ ਦਾ ਮੌਸਮ ਹੋਰ ਵਿਗੜਦਾ ਜਾ ਰਿਹਾ ਹੈ। ਮੌਸਮ ਵਿਭਾਗ ਨੇ ਪੰਜਾਬ-ਹਰਿਆਣਾ ਵਿੱਚ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਤੋਂ ਪਹਿਲਾਂ ਔਰੇਂਜ ਅਲਰਟ ਜਾਰੀ ਕੀਤਾ ਸੀ। ਮੌਸਮ ਵਿਭਾਗ ਨੇ ਸੰਘਣੀ ਧੁੰਦ ਦੇ ਨਾਲ 'ਗੰਭੀਰ ਸ਼ੀਤ ਲਹਿਰ' ਦੀ ਚੇਤਾਵਨੀ ਦਿੱਤੀ ਹੈ। ਦਿਨ ਤੇ ਰਾਤ ਦੇ ਤਾਪਮਾਨ ਵਿੱਚ ਭਾਰੀ ਗਿਰਾਵਟ ਆਈ ਹੈ। ਮੌਸਮ ਵਿਭਾਗ ਮੁਤਾਬਕ ਇਸ ਦੌਰਾਨ ਮੌਸਮ ਖੁਸ਼ਕ ਰਹੇਗਾ।
ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਅੰਮ੍ਰਿਤਸਰ, ਪਠਾਨਕੋਟ, ਲੁਧਿਆਣਾ, ਪਟਿਆਲਾ, ਬਠਿੰਡਾ ਤੇ ਹਰਿਆਣਾ ਦੇ ਅੰਬਾਲਾ, ਹਿਸਾਰ, ਸਿਰਸਾ ਵਿੱਚ ਵਿਜ਼ੀਬਿਲਟੀ 50 ਮੀਟਰ ਤੋਂ ਘੱਟ ਰਹਿਣ ਦਾ ਅਨੁਮਾਨ ਹੈ। ਇਸ ਲਈ ਅਗਲੇ ਦਿਨਾਂ ਵਿੱਚ ਆਵਾਜਾਈ ਉੱਪਰ ਬੇਹੱਦ ਜ਼ਿਆਦਾ ਪ੍ਰਭਾਵ ਪਏਗਾ।
ਮੌਸਮ ਵਿਭਾਗ ਵੱਲੋਂ ਜਾਰੀ ਚੇਤਾਵਨੀ ਤੇ ਸੈਟੇਲਾਈਟ ਤਸਵੀਰਾਂ ਵਿੱਚ ਅੰਮ੍ਰਿਤਸਰ ਤੋਂ ਸਿਰਸਾ ਤੱਕ ਸੰਘਣੀ ਧੁੰਦ ਦਿਖਾਈ ਦੇ ਰਹੀ ਹੈ। ਇਸ ਨਾਲ ਸੜਕਾਂ 'ਤੇ ਚੱਲਣ ਵਾਲੇ ਵਾਹਨ ਤੇ ਗੱਡੀਆਂ ਦੇ ਨਾਲ-ਨਾਲ ਆਮ ਜਨ-ਜੀਵਨ ਪ੍ਰਭਾਵਿਤ ਹੋਵੇਗਾ।
ਉੱਤਰੀ ਭਾਰਤ ਵਿੱਚ ਠੰਢ ਦਾ ਕਹਿਰ
ਉੱਤਰੀ ਭਾਰਤ ਦੇ ਨਾਲ-ਨਾਲ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਵੀ ਸਰਦੀ ਦਾ ਕਹਿਰ ਵਧ ਗਿਆ ਹੈ। ਉੱਤਰੀ ਰਾਜਾਂ ਵਿੱਚ ਕੜਾਕੇ ਦੀ ਠੰਡ ਪੈ ਰਹੀ ਹੈ। ਮੌਸਮ ਵਿਭਾਗ ਅਨੁਸਾਰ ਠੰਢ ਹੋਰ ਵਧਣ ਦੀ ਸੰਭਾਵਨਾ ਹੈ। ਨਵੇਂ ਸਾਲ 'ਤੇ ਥੋੜੀ ਰਾਹਤ ਮਿਲਣ ਤੋਂ ਬਾਅਦ ਮੰਗਲਵਾਰ (3 ਜਨਵਰੀ) ਨੂੰ ਠੰਢ ਦੀ ਸਥਿਤੀ ਮੁੜ ਪਰਤ ਆਈ ਹੈ। ਭਾਰਤੀ ਮੌਸਮ ਵਿਭਾਗ ਦੇ ਅਨੁਸਾਰ, ਉੱਤਰੀ ਭਾਰਤ ਵਿੱਚ ਅਗਲੇ 4-5 ਦਿਨਾਂ ਤੱਕ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ, ਜਿਸ ਦੇ ਨਾਲ ਹੀ ਦਿਨ ਭਰ ਠੰਡ ਜਾਰੀ ਰਹਿਣ ਦੀ ਸੰਭਾਵਨਾ ਹੈ।
ਇਸ ਤੋਂ ਇਲਾਵਾ ਅਗਲੇ 3 ਦਿਨਾਂ ਤੱਕ ਉੱਤਰੀ ਭਾਰਤ 'ਚ ਸੀਤ ਲਹਿਰ ਦੀ ਸਥਿਤੀ ਬਣੀ ਰਹੇਗੀ ਅਤੇ ਇਸ ਤੋਂ ਬਾਅਦ ਇਸ ਦੀ ਤੀਬਰਤਾ ਹੌਲੀ-ਹੌਲੀ ਘੱਟ ਸਕਦੀ ਹੈ। ਉੱਤਰੀ ਭਾਰਤ ਸਮੇਤ ਮੱਧ ਪ੍ਰਦੇਸ਼ ਦੇ ਕਈ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਗਿਰਾਵਟ ਆ ਸਕਦੀ ਹੈ। ਰਾਜ ਦੇ ਕੁਝ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ 2-6 ਡਿਗਰੀ ਸੈਲਸੀਅਸ ਵਿਚਕਾਰ ਹੈ। ਪੰਜਾਬ ਦੇ ਕਈ ਇਲਾਕਿਆਂ 'ਚ ਸੰਘਣੀ ਧੁੰਦ ਛਾਈ ਰਹੇਗੀ। ਇਸ ਤੋਂ ਇਲਾਵਾ ਉੱਤਰਾਖੰਡ, ਹਰਿਆਣਾ, ਚੰਡੀਗੜ੍ਹ, ਦਿੱਲੀ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਵੱਖ-ਵੱਖ ਹਿੱਸਿਆਂ ਵਿੱਚ ਵੀ ਧੁੰਦ ਛਾਈ ਰਹੇਗੀ।