Punjab Weather Report: ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਮਾਝਾ ਤੇ ਮਾਲਵਾ ਵਿੱਚ ਅੱਜ ਬੱਦਲਵਾਈ ਛਾਈ ਰਹੇਗੀ ਤੇ ਧੁੱਪ ਦੇ ਨਾਲ-ਨਾਲ ਹੁੰਮਸ ਵੀ ਪ੍ਰੇਸ਼ਾਨ ਰਹੇਗਾ। ਪੂਰਬੀ ਮਾਲਵੇ ਦੇ 10 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਦਾ ਯੈਲੋ ਤੇ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ ਮਾਨਸਾ, ਸੰਗਰੂਰ, ਬਰਨਾਲਾ, ਪਟਿਆਲਾ, ਮੋਹਾਲੀ, ਫਤਿਹਗੜ੍ਹ ਸਾਹਿਬ, ਲੁਧਿਆਣਾ, ਮੋਗਾ, ਜਲੰਧਰ ਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਨੇ ਪਿਛਲੇ 7 ਦਿਨਾਂ ਦੇ ਅੰਕੜੇ ਜਾਰੀ ਕੀਤੇ ਹਨ। ਪੰਜਾਬ ਵਿੱਚ ਪਿਛਲੇ ਹਫ਼ਤੇ ਆਮ ਮੀਂਹ ਦਰਜ ਕੀਤਾ ਗਿਆ ਹੈ ਪਰ 10 ਜ਼ਿਲ੍ਹੇ ਅਜਿਹੇ ਹਨ ਜਿੱਥੇ ਆਮ ਨਾਲੋਂ ਘੱਟ ਮੀਂਹ ਪਿਆ ਹੈ। ਦੂਜੇ ਪਾਸੇ ਫਰੀਦਕੋਟ, ਅੰਮ੍ਰਿਤਸਰ, ਮੋਹਾਲੀ ਤੇ ਤਰਨ ਤਾਰਨ ਅਜਿਹੇ ਜ਼ਿਲ੍ਹੇ ਹਨ ਜਿੱਥੇ ਆਮ ਨਾਲੋਂ ਜ਼ਿਆਦਾ ਬਾਰਸ਼ ਦਰਜ ਕੀਤੀ ਗਈ ਹੈ।
ਮੌਸਮ ਵਿਭਾਗ ਨੇ ਅਗਲੇ ਹਫ਼ਤੇ ਵੀ ਆਮ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਅਗਲੇ ਹਫਤੇ ਤਾਪਮਾਨ ਵੀ ਆਮ ਵਾਂਗ ਰਹੇਗਾ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ ਤੇ ਹੁਸ਼ਿਆਰਪੁਰ ਵਿੱਚ 3 ਅਗਸਤ ਤੱਕ ਔਸਤਨ 5 ਮਿਲੀਮੀਟਰ ਮੀਂਹ ਪੈਣ ਦੀ ਸੰਭਾਵਨਾ ਹੈ। ਬਾਕੀ ਪੰਜਾਬ ਵਿੱਚ ਮੌਸਮ ਵਿਭਾਗ ਨੇ ਔਸਤਨ 5 ਤੋਂ 10 ਮਿਲੀਮੀਟਰ ਮੀਂਹ ਪੈਣ ਦਾ ਅਨੁਮਾਨ ਲਾਇਆ ਹੈ।
ਇਸ ਦੇ ਨਾਲ ਹੀ ਪਹਾੜਾਂ 'ਤੇ ਲਗਾਤਾਰ ਹੋ ਰਹੀ ਬਾਰਸ਼ ਕਾਰਨ ਭਾਖੜਾ ਡੈਮ ਤੇ ਪੌਂਗ ਡੈਮ 'ਚ ਪਾਣੀ ਦਾ ਪੱਧਰ ਤੇਜ਼ੀ ਨਾਲ ਵਧ ਰਿਹਾ ਹੈ। ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਨੇ ਅਗਲੇ ਦਿਨਾਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਦੇ ਮੱਦੇਨਜ਼ਰ ਭਾਖੜਾ ਡੈਮ ਤੇ ਪੌਂਗ ਡੈਮ ਤੋਂ 98 ਹਜ਼ਾਰ ਕਿਊਸਿਕ ਪਾਣੀ ਛੱਡਣ ਦਾ ਫੈਸਲਾ ਕੀਤਾ ਹੈ। ਬੀਤੇ ਦਿਨ ਦੋਵਾਂ ਡੈਮਾਂ ਤੋਂ ਕੁੱਲ 79989 ਕਿਊਸਿਕ ਪਾਣੀ ਛੱਡਿਆ ਗਿਆ, ਜਿਸ ਵਿੱਚ ਭਾਖੜਾ ਡੈਮ ਤੋਂ 40387 ਕਿਊਸਿਕ ਤੇ ਪੌਂਗ ਡੈਮ ਤੋਂ 39602 ਕਿਊਸਿਕ ਪਾਣੀ ਛੱਡਿਆ ਗਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।