Punjab Weather Update: ਗਰਮੀ ਦੇ ਮੌਸਮ ਨੇ ਆਮ ਲੋਕਾਂ ਨੂੰ ਪਰੇਸ਼ਾਨ ਕਰ ਰੱਖਿਆ ਹੈ। ਇਸ ਦੌਰਾਨ ਉਨ੍ਹਾਂ ਦਾ ਘਰੋਂ ਬਾਹਰ ਨਿਕਲਣਾ ਕਾਫੀ ਮੁਸ਼ਕਿਲ ਹੋ ਗਿਆ ਹੈ। ਦੱਸ ਦੇਈਏ ਕਿ ਇਸ ਵਿਚਾਲੇ ਮੌਸਮ ਵਿਭਾਗ ਨੇ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ 18 ਮਈ ਤੱਕ ਹੀਟ ਵੇਵ ਦਾ ਅਲਰਟ ਜਾਰੀ ਕੀਤਾ ਹੈ, ਜਦਕਿ ਸੋਮਵਾਰ ਨੂੰ ਵੀ ਫਾਜ਼ਿਲਕਾ, ਅਬੋਹਰ, ਫਰੀਦਕੋਟ ਵਿੱਚ ਸਭ ਤੋਂ ਵੱਧ ਤਾਪਮਾਨ 43 ਡਿਗਰੀ ਤੋਂ ਉਪਰ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਐਡਵਾਈਜ਼ਰੀ ਜਾਰੀ ਕਰਦਿਆਂ ਕਿਹਾ ਹੈ ਕਿ ਅਗਲੇ 4-5 ਦਿਨਾਂ ਤੱਕ ਮੌਸਮ ਖੁਸ਼ਕ ਰਹਿ ਸਕਦਾ ਹੈ।


ਇਸ ਸਮੇਂ ਦੌਰਾਨ, ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਲਗਭਗ 4 ਡਿਗਰੀ ਦੇ ਵਾਧੇ ਦੀ ਸੰਭਾਵਨਾ ਹੈ। 16 ਤੋਂ 18 ਮਈ ਦਰਮਿਆਨ ਦੱਖਣੀ ਹਰਿਆਣਾ ਅਤੇ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਤਾਪਮਾਨ 44-46 ਡਿਗਰੀ ਤੱਕ ਪਹੁੰਚ ਸਕਦਾ ਹੈ।


ਚੰਡੀਗੜ੍ਹ ਸਮੇਤ ਹਰਿਆਣਾ ਅਤੇ ਪੰਜਾਬ ਦੇ ਉੱਤਰੀ ਹਿੱਸਿਆਂ ਵਿੱਚ ਤਾਪਮਾਨ 41-44 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਇਸ ਨਾਲ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ 16 ਤੋਂ 18 ਮਈ ਦੌਰਾਨ ਗਰਮੀ ਦੀ ਲਹਿਰ ਪੈਦਾ ਹੋ ਸਕਦੀ ਹੈ। ਲੋਕਾਂ ਨੂੰ ਸੂਰਜ ਦੀ ਰੌਸ਼ਨੀ ਦੇ ਲੰਬੇ ਸਮੇਂ ਤੱਕ ਸੰਪਰਕ ਤੋਂ ਬਚਣ ਅਤੇ ਪੀਕ ਘੰਟਿਆਂ ਦੌਰਾਨ ਹਲਕੇ ਕੱਪੜੇ ਪਾਉਣ ਲਈ ਕਿਹਾ ਗਿਆ ਹੈ।


ਸਿੱਧੀ ਧੁੱਪ ਵਿਚ ਰਹਿੰਦੇ ਹੋਏ ਸਿਰ ਨੂੰ ਢੱਕ ਕੇ ਰੱਖਣ ਲਈ ਕਿਹਾ ਗਿਆ ਹੈ। ਸਭ ਤੋਂ ਵੱਧ ਗਰਮੀ ਲੁਧਿਆਣਾ ਸਮੇਤ ਮਾਲਵੇ ਦੇ ਜ਼ਿਲ੍ਹਿਆਂ ਵਿੱਚ ਹੋਵੇਗੀ ਕਿਉਂਕਿ ਸੋਮਵਾਰ ਨੂੰ ਵੀ ਮਾਲਵੇ ਦੇ ਜ਼ਿਲ੍ਹਿਆਂ ਵਿੱਚ ਗਰਮੀ ਦਾ ਅਸਰ ਜ਼ਿਆਦਾ ਦੇਖਣ ਨੂੰ ਮਿਲਿਆ।