Punjab Weather: ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸੀਤ ਲਹਿਰ ਦੀ ਲਪੇਟ ਵਿੱਚ ਹਨ। ਚੰਡੀਗੜ੍ਹ ਦਾ ਤਾਪਮਾਨ ਸ਼ਿਮਲਾ ਨਾਲੋਂ ਘੱਟ ਦਰਜ ਕੀਤਾ ਗਿਆ ਹੈ। ਸੰਘਣੀ ਧੁੰਦ ਅਤੇ ਕੋਹਰੇ ਦਾ ਪ੍ਰਕੋਪ ਜਾਰੀ ਹੈ। ਚੰਡੀਗੜ੍ਹ ਵਿੱਚ ਬੁੱਧਵਾਰ ਦੁਪਹਿਰ ਨੂੰ ਵੱਧ ਤੋਂ ਵੱਧ ਤਾਪਮਾਨ 11.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 8.8 ਡਿਗਰੀ ਘੱਟ ਸੀ। ਜਦੋਂ ਕਿ ਸ਼ਿਮਲਾ ਦਾ ਵੱਧ ਤੋਂ ਵੱਧ ਤਾਪਮਾਨ 13.3 ਡਿਗਰੀ ਰਿਹਾ। ਸ਼ਿਮਲਾ ਅਤੇ ਪੰਜਾਬ ਦੇ ਕਈ ਸ਼ਹਿਰਾਂ ਦਾ ਘੱਟੋ-ਘੱਟ ਤਾਪਮਾਨ ਲਗਭਗ ਇੱਕੋ ਜਿਹਾ ਦਰਜ ਕੀਤਾ ਜਾ ਰਿਹਾ ਹੈ। ਸ਼ਿਮਲਾ ਦਾ ਘੱਟੋ-ਘੱਟ ਤਾਪਮਾਨ 2.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਪੰਜਾਬ ਦਾ ਗੁਰਦਾਸਪੁਰ 2.5 ਡਿਗਰੀ ਸੈਲਸੀਅਸ ਨਾਲ ਸਭ ਤੋਂ ਠੰਢਾ ਰਿਹਾ।
ਮੌਸਮ ਵਿਭਾਗ ਨੇ ਵੀਰਵਾਰ ਨੂੰ ਸੂਬੇ ਭਰ 'ਚ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਦਿਨ ਭਰ ਸੀਤ ਲਹਿਰ ਦੇ ਨਾਲ ਸੰਘਣੀ ਧੁੰਦ ਛਾਈ ਰਹੇਗੀ। ਇਸ ਦੇ ਨਾਲ ਹੀ ਦਿਨ ਵੇਲੇ ਵੀ ਵਿਜ਼ੀਬਿਲਟੀ ਬਹੁਤ ਘੱਟ ਰਹੇਗੀ। ਹਾਲਾਂਕਿ ਸ਼ੁੱਕਰਵਾਰ ਤੋਂ ਸੂਬੇ ਦੇ ਕਈ ਹਿੱਸਿਆਂ 'ਚ ਧੁੰਦ ਤੋਂ ਰਾਹਤ ਮਿਲਣ ਦੀ ਉਮੀਦ ਹੈ ਪਰ ਇਸ ਦੌਰਾਨ ਸਰਦੀ ਦਾ ਕਹਿਰ ਜਾਰੀ ਰਹੇਗਾ। ਦੂਜੇ ਪਾਸੇ ਹਰਿਆਣਾ ਵਿੱਚ ਵੀ ਕੜਾਕੇ ਦੀ ਸਰਦੀ ਜਾਰੀ ਹੈ। ਅਗਲੇ ਕੁਝ ਦਿਨਾਂ ਤੱਕ ਸੂਬੇ ਦੇ ਕਈ ਹਿੱਸਿਆਂ ਵਿੱਚ ਸਰਦੀ ਜਾਰੀ ਰਹੇਗੀ।
ਮੌਸਮ ਵਿਭਾਗ ਦੀ ਰਿਪੋਰਟ ਮੁਤਾਬਕ ਅਗਲੇ ਚਾਰ ਦਿਨਾਂ ਤੱਕ ਮੌਸਮ ਖੁਸ਼ਕ ਰਹੇਗਾ। ਇਸ ਦੌਰਾਨ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਵੀਰਵਾਰ ਨੂੰ ਠੰਡੀਆਂ ਹਵਾਵਾਂ ਦੇ ਨਾਲ ਧੁੰਦ ਅਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪੰਜਾਬ ਅਤੇ ਹਰਿਆਣਾ 'ਚ ਬੁੱਧਵਾਰ ਨੂੰ ਠੰਡ ਰਹੀ। ਕਈ ਥਾਵਾਂ 'ਤੇ ਘੱਟੋ-ਘੱਟ ਤਾਪਮਾਨ ਆਮ ਨਾਲੋਂ ਹੇਠਾਂ ਰਿਹਾ। ਸਵੇਰ ਨੂੰ ਸੰਘਣੀ ਧੁੰਦ ਨੇ ਘੇਰ ਲਿਆ, ਜਿਸ ਨਾਲ ਦਿੱਖ ਘਟ ਗਈ। ਮੌਸਮ ਵਿਭਾਗ ਚੰਡੀਗੜ੍ਹ ਦੇ ਡਾਇਰੈਕਟਰ ਡਾ: ਮਨਮੋਹਨ ਸ਼ਰਮਾ ਨੇ ਕਿਹਾ ਕਿ ਸੀਤ ਲਹਿਰ ਦਾ ਪ੍ਰਕੋਪ ਕੁਝ ਦਿਨ ਹੋਰ ਜਾਰੀ ਰਹੇਗਾ।
ਵਿਭਾਗ ਮੁਤਾਬਕ ਬੁੱਧਵਾਰ ਨੂੰ ਗੁਰਦਾਸਪੁਰ ਪੰਜਾਬ 'ਚ ਸਭ ਤੋਂ ਠੰਡਾ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 2.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜਦੋਂ ਕਿ ਬਠਿੰਡਾ ਦਾ ਘੱਟੋ-ਘੱਟ ਤਾਪਮਾਨ 4.6 ਡਿਗਰੀ, ਲੁਧਿਆਣਾ ਦਾ 5.8, ਪਟਿਆਲਾ ਦਾ 6 ਅਤੇ ਮੋਹਾਲੀ ਦਾ 6.8 ਡਿਗਰੀ ਸੈਲਸੀਅਸ ਜਦਕਿ ਅੰਮ੍ਰਿਤਸਰ ਦਾ ਤਾਪਮਾਨ 5.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।