Punjab Weather Update: ਪੰਜਾਬ ਵਿੱਚ ਅੱਜ ਸਵੇਰ ਤੋਂ ਹੀ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਇਸ ਕਰਕੇ ਸੂਬੇ 'ਚ ਸਵੇਰ ਦੇ ਤਾਪਮਾਨ 'ਚ ਔਸਤਨ 1 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲੀ। ਅਹਿਮ ਗੱਲ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੀ ਜਾਣਕਾਰੀ ਅਨੁਸਾਰ ਹੁਣ ਦਿਨ ਦੇ ਤਾਪਮਾਨ ਵਿੱਚ ਹੌਲੀ-ਹੌਲੀ ਗਿਰਾਵਟ ਆਵੇਗੀ ਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।



ਉਧਰ, ਮੌਸਮ ਵਿਭਾਗ ਨੇ ਅੱਜ ਅੰਮ੍ਰਿਤਸਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਅੱਜ ਮਾਝੇ ਦੇ ਪਠਾਨਕੋਟ, ਗੁਰਦਾਸਪੁਰ ਤੇ ਅੰਮ੍ਰਿਤਸਰ ਦੇ ਨਾਲ-ਨਾਲ ਹੁਸ਼ਿਆਰਪੁਰ 'ਚ ਵੀ ਮੀਂਹ ਪਿਆ। ਮੌਸਮ ਵਿਭਾਗ ਨੇ ਮਾਲਵੇ ਦੇ ਪਟਿਆਲਾ, ਮੁਹਾਲੀ ਤੇ ਲੁਧਿਆਣਾ ਦੇ ਆਸਪਾਸ ਦੇ ਇਲਾਕਿਆਂ ਵਿੱਚ ਵੀ ਬਾਰਸ਼ ਦਾ ਅਲਰਟ ਜਾਰੀ ਕੀਤਾ ਹੈ। ਇੱਥੇ ਆਉਣ ਵਾਲੇ ਕੁਝ ਘੰਟਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।


ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ 18 ਸਤੰਬਰ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ ਜਦੋਂਕਿ ਅੱਜ ਮੌਸਮ ਵਿਭਾਗ ਨੇ ਪੂਰੇ ਪੰਜਾਬ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਮਾਹਿਰਾਂ ਮੁਤਾਬਕ ਇਸ ਮੀਂਹ ਤੋਂ ਬਾਅਦ ਮੌਸਮ 'ਚ ਬਦਲਾਅ ਆਵੇਗਾ। ਰਾਤਾਂ ਠੰਢੀਆਂ ਹੋਣੀਆਂ ਸ਼ੁਰੂ ਹੋ ਜਾਣਗੀਆਂ, ਜਦੋਂਕਿ ਦਿਨ ਦਾ ਤਾਪਮਾਨ ਵੀ ਘੱਟ ਜਾਵੇਗਾ। ਦਿਨ ਦਾ ਵੱਧ ਤੋਂ ਵੱਧ ਤਾਪਮਾਨ, ਜੋ 37 ਡਿਗਰੀ ਤੱਕ ਪਹੁੰਚ ਗਿਆ ਸੀ, ਹੁਣ ਹੇਠਾਂ ਆ ਜਾਵੇਗਾ ਤੇ 34 ਡਿਗਰੀ ਦੇ ਆਸ-ਪਾਸ ਰਿਕਾਰਡ ਕੀਤਾ ਜਾਵੇਗਾ।


 


ਦੱਸ ਦਈਏ ਕਿ ਇਸ ਸਾਲ ਗਰਮੀ ਨੇ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਪੰਜਾਬ ਵਿੱਚ ਪਿਛਲੇ ਇੱਕ ਹਫ਼ਤੇ ਵਿੱਚ 83% ਘੱਟ ਮੀਂਹ ਦਰਜ ਕੀਤਾ ਗਿਆ। ਇਸ ਕਾਰਨ ਪੰਜਾਬ ਵਿੱਚ ਪਿਛਲੇ ਦੋ ਹਫਤਿਆਂ ਤੋਂ ਗਰਮੀ ਵਧ ਗਈ ਹੈ। ਪੰਜਾਬ ਦੇ ਸ਼ਹਿਰਾਂ ਵਿੱਚ ਔਸਤ ਤਾਪਮਾਨ ਆਮ ਨਾਲੋਂ 2.5 ਡਿਗਰੀ ਵੱਧ ਦਰਜ ਕੀਤਾ ਗਿਆ।


ਸਤੰਬਰ ਦੇ ਪਹਿਲੇ ਦੋ ਹਫ਼ਤਿਆਂ ਵਿੱਚ ਔਸਤ ਤਾਪਮਾਨ 34 ਡਿਗਰੀ ਦੇ ਆਸ-ਪਾਸ ਰਹਿੰਦਾ ਹੈ ਪਰ ਇਸ ਸਾਲ ਔਸਤ ਤਾਪਮਾਨ 38 ਡਿਗਰੀ ਦੇ ਆਸ-ਪਾਸ ਰਿਹਾ, ਜਦੋਂਕਿ ਕੁਝ ਸ਼ਹਿਰਾਂ ਵਿੱਚ ਤਾਪਮਾਨ 39 ਡਿਗਰੀ ਤੱਕ ਦਰਜ ਕੀਤਾ ਗਿਆ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।