Punjab Weather Update: ਪੰਜਾਬ 'ਚ ਮੁੜ ਆਸਮਾਨੋਂ ਅੱਗ ਵਰ੍ਹਨ ਲੱਗੀ ਹੈ। ਲੋਕਾਂ ਨੂੰ ਅਗਲੇ ਚਾਰ ਦਿਨਾਂ ਤੱਕ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਅੱਜ ਮੌਸਮ ਵਿਭਾਗ ਨੇ 12 ਜ਼ਿਲ੍ਹਿਆਂ ਲਈ ਯੈਲੋ ਅਲਰਟ ਤੇ ਅੱਠ ਜ਼ਿਲ੍ਹਿਆਂ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ।
ਮੌਸਮ ਵਿਭਾਗ ਵੱਲੋਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਮੋਗਾ, ਪਟਿਆਲਾ, ਮੋਹਾਲੀ, ਮਲੇਰਕੋਟਲਾ ਤੇ ਫਤਿਹਗੜ੍ਹ ਲਈ ਹੀਟ ਵੇਵ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਸੰਗਰੂਰ, ਮਾਨਸਾ, ਬਰਨਾਲਾ, ਲੁਧਿਆਣਾ, ਬਠਿੰਡਾ, ਮੁਕਤਸਰ, ਫਰੀਦਕੋਟ, ਫਾਜ਼ਿਲਕਾ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। 13 ਜੂਨ ਨੂੰ ਵੀ ਲਗਪਗ ਅਜਿਹਾ ਹੀ ਮੌਸਮ ਰਹੇਗਾ।
ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ 1.0 ਡਿਗਰੀ ਦਾ ਵਾਧਾ ਹੋਇਆ ਹੈ। ਅੱਜ ਤਾਪਮਾਨ ਵਿੱਚ ਹੋਰ ਵਾਧਾ ਹੋਣ ਦੀ ਸੰਭਾਵਨਾ ਹੈ। ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਹੁਣ 40 ਡਿਗਰੀ ਨੂੰ ਪਾਰ ਕਰ ਗਿਆ ਹੈ। ਮੰਗਲਵਾਰ ਨੂੰ ਪਠਾਨਕੋਟ ਸਭ ਤੋਂ ਗਰਮ ਰਿਹਾ। ਇੱਥੇ ਤਾਪਮਾਨ 46.9 ਡਿਗਰੀ ਦਰਜ ਕੀਤਾ ਗਿਆ।
ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਵਿੱਚ ਚਾਰ ਡਿਗਰੀ ਦਾ ਵਾਧਾ ਹੋ ਸਕਦਾ ਹੈ। ਇਸ ਮੌਸਮ 'ਚ ਹੀਟ ਸਟ੍ਰੋਕ ਦਾ ਖਤਰਾ ਵੱਧ ਜਾਂਦਾ ਹੈ। ਇਸ ਦੇ ਨਾਲ ਹੀ ਕਮਜ਼ੋਰ ਲੋਕਾਂ ਨੂੰ ਜ਼ਿਆਦਾ ਦੇਖਭਾਲ ਦੀ ਲੋੜ ਹੁੰਦੀ ਹੈ। ਸਿਹਤ ਮਾਹਿਰਾਂ ਮੁਤਾਬਕ ਜਿੰਨਾ ਹੋ ਸਕੇ ਘਰ ਦੇ ਅੰਦਰ ਹੀ ਰਹਿਣਾ ਚਾਹੀਦਾ ਹੈ।
ਮੌਸਮ ਵਿਭਾਗ ਮੁਤਾਬ ਮੰਗਲਵਾਰ ਨੂੰ ਪੰਜਾਬ ਵਿੱਚ ਪਠਾਨਕੋਟ ਸਭ ਤੋਂ ਗਰਮ ਰਿਹਾ। ਇੱਥੇ ਤਾਪਮਾਨ 46.9 ਡਿਗਰੀ ਦਰਜ ਕੀਤਾ ਗਿਆ। ਇਸ ਤੋਂ ਬਾਅਦ ਬਠਿੰਡਾ ਵਿੱਚ 45.9 ਡਿਗਰੀ ਤੇ ਅੰਮ੍ਰਿਤਸਰ ਵਿੱਚ 45.1 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਲੁਧਿਆਣਾ 44.3, ਪਟਿਆਲਾ 44.5, ਫਰੀਦਕੋਟ 43.0, ਗੁਰਦਾਸਪੁਰ 44.0, ਫਤਿਹਗੜ੍ਹ ਸਾਹਿਬ 43.0, ਫ਼ਿਰੋਜ਼ਪੁਰ 43.6, ਮੁਹਾਲੀ 43.2, ਰੋਪੜ 42.2 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਪਿਛਲੇ 24 ਘੰਟਿਆਂ ਵਿੱਚ ਔਸਤ ਤਾਪਮਾਨ ਵਿੱਚ 1.1 ਡਿਗਰੀ ਦਾ ਵਾਧਾ ਹੋਇਆ ਹੈ।
ਦੂਜੇ ਪਾਸੇ ਸੂਬੇ ਵਿੱਚ ਝੋਨੇ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ। ਵਿਭਾਗ ਨੇ ਕਿਸਾਨਾਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਅੱਠ ਘੰਟੇ ਬਿਜਲੀ ਦੇਣ ਦੀ ਤਿਆਰੀ ਕਰ ਲਈ ਹੈ। ਅਜਿਹੇ 'ਚ ਕੇਂਦਰ ਨੂੰ 1000 ਮੈਗਾਵਾਟ ਹੋਰ ਬਿਜਲੀ ਦੇਣ ਲਈ ਕਿਹਾ ਗਿਆ ਹੈ। ਰਾਜ ਦੀ ਕੁੱਲ ਬਿਜਲੀ ਉਤਪਾਦਨ ਸਮਰੱਥਾ 6500 ਮੈਗਾਵਾਟ ਹੈ, ਜਿਸ ਦੇ ਹੁਣ 15500 ਮੈਗਾਵਾਟ ਤੱਕ ਪਹੁੰਚਣ ਦੀ ਸੰਭਾਵਨਾ ਹੈ।