Punjab Weather Update: ਪੰਜਾਬ ਵਿੱਚ ਨਵੇਂ ਸਾਲ ਦੀ ਸ਼ੁਰੂਆਤ ਕੜਾਕੇ ਦੀ ਠੰਢ ਨਾਲ ਹੋਈ ਹੈ। ਸਾਲ 2024 ਦੇ ਅੱਜ ਦੂਜੇ ਦਿਨ ਵੀ ਸੀਤ ਲਹਿਰ ਦਾ ਕਹਿਰ ਹੈ। ਪਿਛਲੇ ਦਿਨਾਂ ਤੋਂ ਲਗਾਤਾਰ ਡਿੱਗ ਰਹੇ ਤਾਪਮਾਨ ਨੇ ਲੋਕਾਂ ਨੂੰ ਕੰਬਣੀ ਛੇੜੀ ਰੱਖੀ ਹੈ। ਅੱਜ ਵੀ ਪੰਜਾਬ ਵਿੱਚ ਸੰਘਣੀ ਧੁੰਦ ਛਾਈ ਹੋਈ ਹੈ ਤੇ ਆਮ ਜੀਵਨ ਪ੍ਰਭਾਵਿਤ ਹੋ ਰਿਹਾ ਹੈ।  



ਮੌਸਮ ਵਿਗਿਆਨੀਆਂ ਨੇ ਪੰਜਾਬ ਤੇ ਹਰਿਆਣਾ ਵਿੱਚ ਅਗਲੇ ਚਾਰ ਦਿਨ 2 ਤੋਂ 5 ਜਨਵਰੀ ਤੱਕ ਸੰਘਣੀ ਧੁੰਦ ਤੇ ਕੜਾਕੇ ਦੀ ਠੰਢ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਦੌਰਾਨ ਤਾਪਮਾਨ ਵਿੱਚ 2 ਤੋਂ 4 ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ।


 


ਮੌਸਮ ਵਿਭਾਗ ਮੁਤਾਬਕ ਸਾਲ ਦੇ ਪਹਿਲੇ ਦਿਨ ਪੰਜਾਬ ਦਾ ਗੁਰਦਾਸਪੁਰ ਸਭ ਤੋਂ ਠੰਢਾ ਰਿਹਾ। ਗੁਰਦਾਸਪੁਰ ਵਿੱਚ ਘੱਟ ਤੋਂ ਘੱਟ ਤਾਪਮਾਨ 6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਗਿਆਨੀਆਂ ਅਨੁਸਾਰ ਸੋਮਵਾਰ ਨੂੰ ਗੁਰਦਾਸਪੁਰ ਸ਼ਹਿਰ ਵਿੱਚ ਸੀਤ ਲਹਿਰ ਦੇ ਨਾਲ-ਨਾਲ ਸੰਘਣੀ ਧੁੰਦ ਵੀ ਪਈ ਰਹੀ ਜਿਸ ਕਾਰਨ ਵਿਜੀਬਿਲੀਟੀ 50 ਤੋਂ 200 ਮੀਟਰ ਤੱਕ ਦਰਜ ਕੀਤੀ ਗਈ। ਇਸੇ ਤਰ੍ਹਾਂ ਪਟਿਆਲਾ, ਬਠਿੰਡਾ, ਅੰਮ੍ਰਿਤਸਰ, ਲੁਧਿਆਣਾ ਤੇ ਚੰਡੀਗੜ੍ਹ ਸ਼ਹਿਰ ’ਚ ਵੀ ਤਾਪਮਾਨ ਆਮ ਨਾਲੋਂ ਘੱਟ ਦਰਜ ਕੀਤਾ ਗਿਆ।



ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਸੋਮਵਾਰ ਨੂੰ ਚੰਡੀਗੜ੍ਹ ਵਿੱਚ ਘੱਟ ਤੋਂ ਘੱਟ ਤਾਪਮਾਨ 9.2 ਡਿਗਰੀ ਸੈਲਸੀਅਸ, ਅੰਮ੍ਰਿਤਸਰ ਵਿੱਚ 9.2, ਲੁਧਿਆਣਾ ਵਿੱਚ 8.2, ਪਟਿਆਲਾ ਵਿੱਚ 7, ਪਠਾਨਕੋਟ ਵਿੱਚ 11.6, ਫਰੀਦਕੋਟ ਵਿੱਚ 8.7, ਬਠਿੰਡਾ ਵਿੱਚ 7.4, ਬਰਨਾਲਾ ਵਿੱਚ 8.7, ਫਿਰੋਜ਼ਪੁਰ ਵਿੱਚ 9.4 ਤੇ ਮੋਗਾ ਵਿੱਚ ਘੱਟੋ-ਘੱਟ ਤਾਪਮਾਨ 8.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਇਹ ਤਾਪਮਾਨ ਆਮ ਨਾਲੋਂ 2 ਤੋਂ 5 ਡਿਗਰੀ ਸੈਲਸੀਅਸ ਤੱਕ ਘੱਟ ਹੈ।