Punjab Weather Update: IMD ਵੱਲੋਂ 26 ਮਈ ਤੱਕ ਦੇ ਮੌਸਮ ਬਾਰੇ ਭਵਿੱਖਬਾਣੀ, ਇਸ ਤਰ੍ਹਾਂ ਰਹੇਗਾ ਮੌਸਮ
ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ ਵਿਚ ਗਰਮੀ ਅਤੇ ਲੂ ਦੀ ਲਹਿਰ ਲਗਾਤਾਰ ਕਹਿਰ ਮਚਾ ਰਹੀ ਹੈ। ਪੰਜਾਬ, ਰਾਜਸਥਾਨ, ਹਰਿਆਣਾ, ਦਿੱਲੀ ਐਨਸੀਆਰ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਲੋਕ ਗਰਮੀ ਤੋਂ ਪ੍ਰੇਸ਼ਾਨ ਹਨ।
Punjab Weather Update: ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ ਵਿਚ ਗਰਮੀ ਅਤੇ ਲੂ ਦੀ ਲਹਿਰ ਲਗਾਤਾਰ ਕਹਿਰ ਮਚਾ ਰਹੀ ਹੈ। ਪੰਜਾਬ, ਰਾਜਸਥਾਨ, ਹਰਿਆਣਾ, ਦਿੱਲੀ ਐਨਸੀਆਰ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਲੋਕ ਗਰਮੀ ਤੋਂ ਪ੍ਰੇਸ਼ਾਨ ਹਨ।
ਮੌਸਮ ਵਿਭਾਗ ਨੇ ਉੱਤਰੀ ਭਾਰਤ ਦੇ ਕਈ ਸੂਬਿਆਂ ਵਿਚ ਹੀਟ ਵੇਵ ਦਾ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਪੂਰਬੀ ਭਾਰਤ ਦੇ ਤੱਟੀ ਇਲਾਕਿਆਂ ਦੇ ਮੌਸਮ ਵਿੱਚ ਬਦਲਾਅ ਦੀ ਸੰਭਾਵਨਾ ਵਧ ਗਈ ਹੈ। ਪੰਜਾਬ ਵਿਚ ਗਰਮੀ ਦਾ ਕਹਿਰ ਆਉਂਦੇ ਦਿਨੀਂ ਵੀ ਜਾਰੀ ਰਹੇਗਾ। ਮੌਸਮ ਵਿਭਾਗ ਨੇ 23, 24, 25 ਤੇ 26 ਮਈ ਨੂੰ ਅਤਿ ਦੀ ਗਰਮੀ ਪੈਣ ਸਬੰਧੀ ‘ਰੈੱਡ ਅਲਰਟ’ ਜਾਰੀ ਕਰ ਦਿੱਤਾ ਹੈ।
ਜਾਣਕਾਰੀ ਅਨੁਸਾਰ ਪੰਜਾਬ ਦਾ ਲੁਧਿਆਣਾ ਸਭ ਤੋਂ ਗਰਮ ਸ਼ਹਿਰ ਰਿਹਾ ਜਿਥੇ ਵੱਧ ਤੋਂ ਵੱਧ ਤਾਪਮਾਨ 44.4 ਡਿਗਰੀ ਸੈਲਸੀਅਸ ਦਰਜ ਕੀਤਾ ਹੈ। ਪਿਛਲੇ ਕਈ ਦਿਨਾਂ ਤੋਂ ਲੂ ਚੱਲਣ ਕਾਰਨ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਵੀ ਔਖਾ ਹੋ ਗਿਆ ਹੈ।
ਸਿਖਰ ਉਤੇ ਪੁੱਜਾ ਪਾਰਾ
ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਚੰਡੀਗੜ੍ਹ ਵਿਚ ਵੱਧ ਤੋਂ ਵੱਧ ਤਾਪਮਾਨ 40.6 ਡਿਗਰੀ ਸੈਲਸੀਅਸ, ਅੰਮ੍ਰਿਤਸਰ ਵਿਚ 43.5, ਪਟਿਆਲਾ ਵਿੱਚ 40.8, ਪਠਾਨਕੋਟ ਵਿਚ 43.3, ਬਠਿੰਡਾ ਵਿਚ 44, ਫਰੀਦਕੋਟ ਵਿੱਚ 43.4, ਗੁਰਦਾਸਪੁਰ ਵਿਚ 42, ਨਵਾਂ ਸ਼ਹਿਰ ਵਿਚ 39.3, ਬਰਨਾਲਾ ਵਿਚ 42.5, ਫਤਹਿਗੜ੍ਹ ਸਾਹਿਬ ਵਿਚ 41.1, ਫਿਰੋਜ਼ਪੁਰ ਵਿਚ 43.8, ਜਲੰਧਰ ਵਿੱਚ 42.6 ਅਤੇ ਮੁਹਾਲੀ ਵਿੱਚ 40.4 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।
ਉਤਰ ਪ੍ਰਦੇਸ਼ ਦੇ ਝਾਂਸੀ ਵਿੱਚ ਤਾਪਮਾਨ
ਇਸ ਤੋਂ ਇਲਾਵਾ ਮੱਧ ਪ੍ਰਦੇਸ਼ ਦੇ ਰਤਲਾਮ ਅਤੇ ਉੱਤਰ ਪ੍ਰਦੇਸ਼ ਦੇ ਝਾਂਸੀ ਵਿੱਚ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਰਿਹਾ। ਕਹਿਰ ਦੀ ਗਰਮੀ ਦੇ ਮੱਦੇਨਜ਼ਰ ਮੌਸਮ ਵਿਭਾਗ, ਸਥਾਨਕ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਨੇ ਲੋਕਾਂ ਨੂੰ ਦੁਪਹਿਰ ਤੋਂ ਸ਼ਾਮ ਤੱਕ ਘਰਾਂ ਦੇ ਅੰਦਰ ਹੀ ਰਹਿਣ ਦੀ ਸਲਾਹ ਦਿੱਤੀ ਹੈ। ਨਾਲ ਹੀ ਸਰੀਰ ਵਿੱਚ ਪਾਣੀ ਦੀ ਮਾਤਰਾ ਨੂੰ ਬਰਕਰਾਰ ਰੱਖਣ ਲਈ ਪਾਣੀ ਦੇ ਨਾਲ-ਨਾਲ ਹੋਰ ਠੰਡੇ ਭੋਜਨਾਂ ਦਾ ਸੇਵਨ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।
ਆਈਐਮਡੀ ਮੁਤਾਬਕ ਬੰਗਾਲ ਦੀ ਖਾੜੀ ਵਿਚ ਗੜਬੜੀ ਵਧ ਗਈ ਹੈ। ਘੱਟ ਦਬਾਅ ਦਾ ਖੇਤਰ ਬਣਨ ਕਾਰਨ ਓਡੀਸ਼ਾ, ਪੱਛਮੀ ਬੰਗਾਲ, ਤੱਟਵਰਤੀ ਆਂਧਰਾ ਪ੍ਰਦੇਸ਼ ਵਿੱਚ ਮੀਂਹ ਪੈ ਸਕਦਾ ਹੈ। ਇਸ ਤੋਂ ਇਲਾਵਾ 70 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੂਫ਼ਾਨੀ ਹਵਾਵਾਂ ਚੱਲਣ ਦੀ ਸੰਭਾਵਨਾ ਵੀ ਪ੍ਰਗਟਾਈ ਗਈ ਹੈ। ਇਸ ਦਾ ਅਸਰ ਝਾਰਖੰਡ ਅਤੇ ਬਿਹਾਰ ਵਿੱਚ ਦੇਖਿਆ ਜਾ ਸਕਦਾ ਹੈ। ਦੂਜੇ ਪਾਸੇ ਦੱਖਣੀ ਭਾਰਤ ਦੇ ਕਈ ਰਾਜਾਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।