Punjab Weather Update: ਮੌਸਮ ਵਿਭਾਗ ਨੇ ਅੱਜ ਪੰਜਾਬ ਤੇ ਹਰਿਆਣਾ ਵਿੱਚ ਠੰਢ ਦਾ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਸਵੇਰੇ ਧੁੰਦ ਛਾਈ ਰਹੇਗੀ ਤੇ ਦਿਨ ਵੇਲੇ ਸ਼ੀਤ ਲਹਿਰ ਦਾ ਕਹਿਰ ਜਾਰੀ ਰਹੇਗਾ। ਮੌਸਮ ਵਿਭਾਗ ਦੀ ਰਿਪੋਰਟ ਮੁਤਾਬਕ ਆਉਣ ਵਾਲੇ ਚਾਰ ਦਿਨਾਂ ਵਿੱਚ ਵੀ ਠੰਢ ਤੋਂ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ।
ਇਸ ਦੇ ਨਾਲ ਹੀ ਠੰਢ ਤੇ ਧੁੰਦ ਨੇ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ ਜਨਵਰੀ 2024 ਦੇ ਦਿਨ ਪਿਛਲੇ 10 ਸਾਲਾਂ ਵਿੱਚ ਸਭ ਤੋਂ ਠੰਢੇ ਰਹੇ ਹਨ। ਪੂਰਾ ਜਨਵਰੀ ਮਹੀਨਾ ਧੁੰਦ ਛਾਈ ਰਹੀ ਹੈ। ਇਸ ਤੋਂ ਇਲਾਵਾ ਤਾਪਮਾਨ ਵਿੱਚ ਵੀ ਭਾਰੀ ਗਿਰਾਵਟ ਰਹੀ।
ਮੌਸਮ ਵਿਭਾਗ ਮੁਤਾਬਕ ਪੰਜਾਬ ਦੇ 5 ਜ਼ਿਲ੍ਹਿਆਂ 'ਚ ਅੱਜ ਵੀ ਮੌਸਮ ਬੇਹੱਦ ਖ਼ਰਾਬ ਰਹੇਗਾ। ਅੰਮ੍ਰਿਤਸਰ, ਤਰਨ ਤਾਰਨ, ਕਪੂਰਥਲਾ, ਜਲੰਧਰ ਤੇ ਲੁਧਿਆਣਾ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਬਾਕੀ ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਸਿਰਫ ਰੂਪਨਗਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਤਾਪਮਾਨ 9 ਤੋਂ 11 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਇਸੇ ਤਰ੍ਹਾਂ ਹਰਿਆਣਾ ਦੇ 6 ਜ਼ਿਲ੍ਹਿਆਂ ਅੰਬਾਲਾ, ਕੁਰੂਕਸ਼ੇਤਰ, ਕੈਥਲ, ਸੋਨੀਪਤ ਤੇ ਪਾਣੀਪਤ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂਕਿ ਜੀਂਦ, ਹਿਸਾਰ, ਫਤਿਹਾਬਾਦ, ਸਿਰਸਾ ਤੇ ਪੰਚਕੂਲਾ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਬਾਕੀ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। 29 ਜਨਵਰੀ ਤੋਂ ਬਾਅਦ ਠੰਢ ਤੋਂ ਕੁਝ ਰਾਹਤ ਮਿਲ ਸਕਦੀ ਹੈ।
ਉਧਰ, ਹਿਮਾਚਲ ਪ੍ਰਦੇਸ਼ ਵਿੱਚ ਸੀਤ ਲਹਿਰ ਜਾਰੀ ਹੈ। ਅੱਜ ਊਨਾ, ਬਿਲਾਸਪੁਰ, ਮੰਡੀ ਤੇ ਕਾਂਗੜਾ ਵਿੱਚ ਠੰਢੀਆਂ ਹਵਾਵਾਂ ਚੱਲਣਗੀਆਂ ਤੇ ਸਵੇਰ ਵੇਲੇ ਧੁੰਦ ਪੈ ਸਕਦੀ ਹੈ। 27 ਜਨਵਰੀ ਤੱਕ ਪਹਾੜਾਂ 'ਤੇ ਮੀਂਹ ਤੇ ਬਰਫਬਾਰੀ ਹੋਵੇਗੀ। 28 ਤੇ 29 ਜਨਵਰੀ ਨੂੰ ਉੱਚੀਆਂ ਚੋਟੀਆਂ ਦੇ ਨਾਲ-ਨਾਲ ਮੱਧ ਉਚਾਈ ਵਾਲੇ ਖੇਤਰਾਂ ਵਿੱਚ ਮੀਂਹ ਤੇ ਬਰਫ਼ਬਾਰੀ ਹੋਵੇਗੀ। ਜਦਕਿ 30 ਜਨਵਰੀ ਨੂੰ ਸੂਬੇ ਦੇ ਮੈਦਾਨੀ ਇਲਾਕਿਆਂ 'ਚ ਵੀ ਮੌਸਮ ਖਰਾਬ ਰਹੇਗਾ।
ਪੰਜਾਬ ਦੇ ਵੱਡੇ ਸ਼ਹਿਰਾਂ ਦਾ ਤਾਪਮਾਨ
ਮੌਸਮ ਵਿਭਾਗ ਮੁਤਾਬਕ ਅੱਜ ਚੰਡੀਗੜ੍ਹ ਵਿੱਚ ਸਵੇਰ ਤੋਂ ਹੀ ਧੁੰਦ ਤੇ ਠੰਢ ਦੀ ਚਿਤਾਵਨੀ ਜਾਰੀ ਹੈ। ਤਾਪਮਾਨ 7 ਤੋਂ 12 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਅੰਮ੍ਰਿਤਸਰ ਵਿੱਚ ਅੱਜ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਦਿਨ ਭਰ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਤਾਪਮਾਨ 7 ਤੋਂ 12 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਇਸੇ ਤਰ੍ਹਾਂ ਜਲੰਧਰ ਵਿੱਚ ਅੱਜ ਠੰਢੇ ਦਿਨ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਸਵੇਰੇ ਧੁੰਦ ਪੈਣ ਦੀ ਚਿਤਾਵਨੀ ਦਿੱਤੀ ਗਈ ਹੈ। ਤਾਪਮਾਨ 7 ਤੋਂ 12 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਲੁਧਿਆਣਾ ਸ਼ਹਿਰ 'ਚ ਅੱਜ ਠੰਢਾ ਦਿਨ ਰਹੇਗਾ। ਦਿਨ ਭਰ ਬੱਦਲ ਛਾਏ ਰਹਿਣਗੇ। ਤਾਪਮਾਨ 7 ਤੋਂ 13 ਡਿਗਰੀ ਦੇ ਵਿਚਕਾਰ ਰਹੇਗਾ। ਮੁਹਾਲੀ ਵਿੱਚ ਜ਼ਿਆਦਾ ਧੁੰਦ ਪੈਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਦਿਨ ਵੇਲੇ ਧੁੱਪ ਨਿਕਲਣ ਦੀ ਸੰਭਾਵਨਾ ਹੈ। ਤਾਪਮਾਨ 7 ਤੋਂ 12 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।