Punjab Weather Update: ਪੰਜਾਬ ਵਿੱਚ ਨਵੇਂ ਸਾਲ ਦੀ ਸ਼ੁਰੂਆਤ ਸੰਘਣੀ ਧੁੰਦ ਤੇ ਕੜਾਕੇ ਦੀ ਠੰਢ ਨਾਲ ਹੋਈ ਹੈ। ਸੂਬੇ 'ਚ 100 ਦੇ ਕਰੀਬ ਥਾਵਾਂ 'ਤੇ ਸੰਘਣੀ ਧੁੰਦ ਤੇ ਸੀਤ ਲਹਿਰ ਦਾ ਕਹਿਰ ਹੈ। ਪੰਜਾਬ ਦੇ ਕਈ ਹਿੱਸੇ ਧੁੰਦ ਦੀ ਚਿੱਟੀ ਚਾਦਰ ਵਿੱਚ ਲਪੇਟੇ ਹੋਏ ਹਨ। ਮੌਸਮ ਵਿਭਾਗ ਨੇ ਲੋਕਾਂ ਨੂੰ ਚੌਕਸ ਰਹਿਣ ਦੀ ਸਲਾਹ ਦਿੱਤੀ ਹੈ। ਨਵੇਂ ਸਾਲ ਮੌਕੇ ਜ਼ਰੂਰੀ ਕੰਮ ਹੋਣ 'ਤੇ ਹੀ ਘਰਾਂ ਤੋਂ ਬਾਹਰ ਨਿਕਲਣ ਦੀ ਹਦਾਇਤ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ ਚੰਡੀਗੜ੍ਹ ਤੇ ਪੰਜਾਬ ਵਿੱਚ ਅੱਜ ਤੋਂ ਅਗਲੇ ਪੰਜ ਦਿਨਾਂ ਤੱਕ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਠੰਢ ਵਧੇਗੀ।
ਉੱਧਰ ਪੰਜਾਬ ਸਰਕਾਰ ਨੇ ਸੂਬੇ ਵਿੱਚ ਆਂਗਣਵਾੜੀ ਕੇਂਦਰਾਂ ਦਾ ਸਮਾਂ ਵੀ ਬਦਲ ਦਿੱਤਾ ਹੈ। ਹੁਣ ਕੇਂਦਰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਖੁੱਲ੍ਹਣਗੇ। ਇਹ ਹੁਕਮ 14 ਜਨਵਰੀ ਤੱਕ ਲਾਗੂ ਰਹੇਗਾ। ਇਸ ਦੇ ਨਾਲ ਹੀ ਅੱਜ ਤੋਂ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਤੇ ਸਹਾਇਤਾ ਪ੍ਰਾਪਤ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੱਕ ਵਧਾਉਣ ਦਾ ਫੈਸਲਾ ਕੀਤਾ ਹੈ। ਸੂਬੇ ਦੇ ਸਾਰੇ ਸਕੂਲ ਸਵੇਰੇ 10 ਵਜੇ ਖੁੱਲ੍ਹਣਗੇ ਤੇ ਬਾਅਦ ਦੁਪਹਿਰ 3 ਵਜੇ ਬੰਦ ਹੋਣਗੇ। ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਦਾ ਇਹ ਹੁਕਮ 14 ਜਨਵਰੀ ਤੱਕ ਲਾਗੂ ਰਹੇਗਾ।
ਦੱਸ ਦਈਏ ਕਿ ਪਿਛਲੇ ਕੁਝ ਸਮੇਂ ਤੋਂ ਪੰਜਾਬ ਦੇ ਸਾਰੇ ਖੇਤਰਾਂ ਵਿੱਚ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਐਤਵਾਰ ਨੂੰ ਪੂਰੇ ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਵਿੱਚ 14.3 ਡਿਗਰੀ ਰਿਹਾ। ਜਦਕਿ ਬਾਕੀ ਸਾਰੀਆਂ ਥਾਵਾਂ 'ਤੇ ਤਾਪਮਾਨ ਹੇਠਾਂ ਹੀ ਰਿਹਾ। ਇਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਮੌਸਮ ਵਿਭਾਗ ਦੇ ਮਾਹਿਰਾਂ ਮੁਤਾਬਕ ਚੱਕਰਵਾਤੀ ਪਰਿਵਰਤਨ ਹੁਣ ਉੱਤਰੀ ਹਰਿਆਣਾ ਤੇ ਆਸ-ਪਾਸ ਦੇ ਇਲਾਕਿਆਂ 'ਚ ਵੱਧ ਰਿਹਾ ਹੈ। ਅਜਿਹੇ 'ਚ ਅੱਜ ਤੇ ਮੰਗਲਵਾਰ ਨੂੰ ਪੰਜਾਬ 'ਚ ਮੌਸਮ ਖੁਸ਼ਕ ਰਹੇਗਾ। ਇਸ ਦੇ ਨਾਲ ਹੀ ਸੂਬੇ ਦੇ ਘੱਟੋ-ਘੱਟ ਤਾਪਮਾਨ 'ਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ। ਪੰਜਾਬ ਅੰਦਰ ਜ਼ਿਆਦਾਤਰ ਥਾਵਾਂ 'ਤੇ ਸੰਘਣੀ ਧੁੰਦ ਛਾਈ ਰਹੇਗੀ। ਇਨ੍ਹਾਂ ਥਾਵਾਂ ’ਤੇ ਪੰਜਾਬ ਦੀਆਂ ਜ਼ਿਆਦਾਤਰ ਤਹਿਸੀਲਾਂ ਅਧੀਨ ਆਉਂਦੇ ਇਲਾਕਿਆਂ ਵਿੱਚ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ।