Punjab Weather Update: ਸ਼ਿਮਲਾ ਤੋਂ ਵੀ ਠੰਢਾ ਹੋਇਆ ਪੰਜਾਬ! ਮੌਸਮ ਵਿਭਾਗ ਦਾ 18 ਜ਼ਿਲ੍ਹਿਆਂ ਲਈ ਅਲਰਟ
Punjab Weather: ਇਸ ਦੌਰਾਨ ਮੌਸਮ ਵਿਭਾਗ ਨੇ ਨਵਾਂ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ ਸੂਬੇ ਦੇ 18 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦੇ ਨਾਲ ਸੀਤ ਲਹਿਰ ਚੱਲ ਸਕਦੀ ਹੈ।
Punjab Weather Update: ਪੰਜਾਬ 'ਚ ਕੜਾਕੇ ਦੀ ਠੰਢ ਪੈ ਰਹੀ ਹੈ। ਕਈ ਜ਼ਿਲ੍ਹਿਆਂ ਦਾ ਤਾਪਮਾਨ ਸ਼ਿਮਲਾ ਤੋਂ ਵੀ ਹੇਠਾਂ ਪਹੁੰਚ ਗਿਆ ਹੈ। ਸੀਤ ਲਹਿਰ ਦੇ ਵਿਚਕਾਰ ਧੁੰਦ ਦਾ ਕਹਿਰ ਵੀ ਦੇਖਣ ਨੂੰ ਮਿਲ ਰਿਹਾ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਨਵਾਂ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ ਸੂਬੇ ਦੇ 18 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦੇ ਨਾਲ ਸੀਤ ਲਹਿਰ ਚੱਲ ਸਕਦੀ ਹੈ।
ਹਾਸਲ ਜਾਣਕਾਰੀ ਮੁਤਾਬਕ ਪੰਜਾਬ ਵਿੱਚ ਰਾਤ ਤੋਂ ਬਾਅਦ ਦਿਨ ਦਾ ਤਾਪਮਾਨ ਆਮ ਨਾਲੋਂ ਹੇਠਾਂ ਪਹੁੰਚ ਗਿਆ ਹੈ। ਮੰਗਲਵਾਰ ਨੂੰ ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 21.0 ਡਿਗਰੀ ਦਰਜ ਕੀਤਾ ਗਿਆ, ਜੋ ਆਮ ਨਾਲੋਂ 0.9 ਡਿਗਰੀ ਸੈਲਸੀਅਸ ਘੱਟ ਸੀ। ਇਸ ਦੇ ਨਾਲ ਹੀ ਪੰਜਾਬ ਦੇ ਨੌਂ ਜ਼ਿਲ੍ਹਿਆਂ ਦਾ ਘੱਟੋ-ਘੱਟ ਤਾਪਮਾਨ ਪਹਾੜੀ ਖੇਤਰਾਂ ਸ਼ਿਮਲਾ ਤੇ ਧਰਮਸ਼ਾਲਾ ਦੇ ਤਾਪਮਾਨ ਨਾਲੋਂ ਵੀ ਹੇਠਾਂ ਚਲਾ ਗਿਆ। ਸ਼ਿਮਲਾ 'ਚ 6.4 ਡਿਗਰੀ ਤਾਪਮਾਨ ਰਿਹਾ ਜਦੋਂਕਿ ਪੰਜਾਬ ਦੇ ਕਈ ਇਲਾਕਿਆਂ ਵਿੱਚ ਤਾਪਮਾਨ ਚਾਰ ਡਿਗਰੀ ਸੈਲਸੀਅਸ ਤੱਕ ਹੇਠਾਂ ਚਲਾ ਗਿਆ।
ਮੌਸਮ ਵਿਭਾਗ ਮੁਤਾਬਕ ਮੰਗਲਵਾਰ ਨੂੰ ਪੰਜਾਬ ਦੇ ਫਰੀਦਕੋਟ ਵਿੱਚ ਸਭ ਤੋਂ ਘੱਟ ਤਾਪਮਾਨ ਦਰਜ ਕੀਤਾ ਗਿਆ। ਇੱਥੇ ਰਾਤ ਦਾ ਤਾਪਮਾਨ ਚਾਰ ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਇਸ ਤੋਂ ਇਲਾਵਾ ਰੋਪੜ, ਫ਼ਿਰੋਜ਼ਪੁਰ, ਗੁਰਦਾਸਪੁਰ, ਅੰਮ੍ਰਿਤਸਰ, ਲੁਧਿਆਣਾ ਦਾ ਘੱਟੋ-ਘੱਟ ਤਾਪਮਾਨ ਪੰਜ ਡਿਗਰੀ ਤੋਂ ਹੇਠਾਂ ਦਰਜ ਕੀਤਾ ਗਿਆ।
ਦੂਜੇ ਪਾਸੇ ਮੌਸਮ ਵਿਭਾਗ ਅਨੁਸਾਰ ਅਗਲੇ ਤਿੰਨ ਦਿਨਾਂ ਤੱਕ ਪੰਜਾਬ ਦੇ 18 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦੇ ਨਾਲ ਸੀਤ ਲਹਿਰ ਜਾਰੀ ਰਹਿ ਸਕਦੀ ਹੈ। ਇਸ ਦੇ ਨਾਲ ਹੀ 23 ਦਸੰਬਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਸਕਦੀ ਹੈ, ਜਿਸ ਨਾਲ ਠੰਢ ਦੀ ਤੀਬਰਤਾ ਹੋਰ ਵਧ ਜਾਵੇਗੀ।
ਮੌਸਮ ਵਿਭਾਗ ਨੇ ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ ਲਈ ਧੁੰਦ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।
ਮੰਗਲਵਾਰ ਨੂੰ ਫਰੀਦਕੋਟ ਵਿੱਚ 4.0 ਡਿਗਰੀ, ਰੋਪੜ 'ਚ 4.3, ਫ਼ਿਰੋਜ਼ਪੁਰ 'ਚ 4.5, ਗੁਰਦਾਸਪੁਰ 'ਚ 4.7, ਅੰਮ੍ਰਿਤਸਰ 'ਚ 4.9, ਲੁਧਿਆਣਾ 'ਚ 4.9, ਪਠਾਨਕੋਟ 'ਚ 5.5, ਬਠਿੰਡਾ 'ਚ 5.6, ਮੋਗਾ 'ਚ 5.6, ਧਰਮਸ਼ਾਲਾ 'ਚ 6.2 ਤੇ ਸ਼ਿਮਲਾ 'ਚ 6.4 ਤਾਪਮਾਨ ਦਰਜ ਕੀਤਾ ਗਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।