Punjab Weather Update: ਪੰਜਾਬ ਦੇ ਕਿਸਾਨਾਂ ਲਈ ਚੇਤਾਵਨੀ ਹੈ। ਸੂਬੇ ਵਿੱਚ ਕੱਲ੍ਹ ਤੋਂ ਮੌਸਮ ਵਿਗੜ ਸਕਦਾ ਹੈ। ਇਸ ਨਾਲ ਝੋਨੇ ਦੀ ਕਟਾਈ ਪ੍ਰਭਾਵਿਤ ਹੋ ਸਕਦੀ ਹੈ। ਇਸ ਤੋਂ ਇਲਾਵਾ ਮੰਡੀਆਂ ਅੰਦਰ ਵੀ ਕਿਸਾਨਾਂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਮੌਸਮ ਵਿਭਾਗ ਦੇ ਅਲਰਟ ਮਗਰੋਂ ਕਿਸਾਨਾਂ ਦੇ ਸਾਹ ਸੂਤੇ ਗਏ ਹਨ।
ਦਰਅਸਲ ਮੌਸਮ ਵਿਭਾਗ ਨੇ 8 ਤੇ 9 ਅਕਤੂਬਰ ਨੂੰ ਪੰਜਾਬ ਤੇ ਹਰਿਆਣਾ ਵਿੱਚ ਕੁਝ ਥਾਵਾਂ ’ਤੇ ਹਲਕਾ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਮੌਸਮ ਵਿਗਿਆਨੀਆਂ ਅਨੁਸਾਰ ਸੂਬੇ ਦੇ ਦੱਖਣ-ਪੱਛਮ ਖੇਤਰ ਵਿੱਚ ਮੀਂਹ ਪੈ ਸਕਦਾ ਹੈ, ਜਦੋਂਕਿ ਹੋਰ ਖੇਤਰਾਂ ਵਿੱਚ ਮੌਸਮ ਖੁਸ਼ਕ ਰਹੇਗਾ। ਜੇ ਮੀਂਹ ਪਿਆ ਤਾਂ ਤਾਪਮਾਨ ਵਿੱਚ ਇੱਕ ਤੋਂ ਦੋ ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ।
ਉਧਰ, ਖ਼ਿੱਤੇ ’ਚ ਮੀਂਹ ਪੈਣ ਦੀ ਪੇਸ਼ੀਨਗੋਈ ਨਾਲ ਕਿਸਾਨ ਫਿਕਰਾਂ ਵਿੱਚ ਪੈ ਗਏ ਹਨ। ਪੰਜਾਬ ਤੇ ਹਰਿਆਣਾ ਵਿੱਚ ਝੋਨੇ ਸਮੇਤ ਸਾਉਣੀ ਦੀਆਂ ਹੋਰ ਫ਼ਸਲਾਂ ਪੱਕ ਕੇ ਤਿਆਰ ਹੋ ਚੁੱਕੀਆਂ ਹਨ। ਜ਼ਿਆਦਾਤਰ ਥਾਵਾਂ ’ਤੇ ਝੋਨੇ ਦੀ ਕਟਾਈ ਦੇ ਨਾਲ ਨਾਲ ਫ਼ਸਲ ਮੰਡੀਆਂ ’ਚ ਆਉਣੀ ਸ਼ੁਰੂ ਹੋ ਗਈ ਹੈ। ਜੇ ਮੀਂਹ ਪਿਆ ਤਾਂ ਝੋਨੇ ਦੀ ਫ਼ਸਲ ਪ੍ਰਭਾਵਿਤ ਹੋ ਸਕਦੀ ਹੈ। ਮੰਡੀਆਂ ਵਿੱਚ ਪਈ ਫ਼ਸਲ ਦਾ ਵੀ ਨੁਕਸਾਨ ਹੋ ਸਕਦਾ ਹੈ।
ਮੌਸਮ ਵਿਭਾਗ ਮੁਤਾਬਕ ਮੌਨਸੂਨ ਦੀ ਵਿਦਾਇਗੀ ਤੋਂ ਬਾਅਦ ਸੂਬੇ ਵਿੱਚ ਪਾਰਾ 38 ਡਿਗਰੀ ਸੈਲਸੀਅਸ ਦੇ ਕਰੀਬ ਪਹੁੰਚ ਗਿਆ ਹੈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਸ਼ਨੀਵਾਰ ਨੂੰ ਫਰੀਦਕੋਟ ਸ਼ਹਿਰ ਸਭ ਤੋਂ ਗਰਮ ਰਿਹਾ ਹੈ, ਜਿੱਥੇ ਵੱਧ ਤੋਂ ਵੱਧ ਤਾਪਮਾਨ 37.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸੇ ਤਰ੍ਹਾਂ ਸੂਬੇ ਦੀ ਰਾਜਧਾਨੀ ਚੰਡੀਗੜ੍ਹ ਦਾ ਤਾਪਮਾਨ 35.7 ਡਿਗਰੀ ਸੈਲਸੀਅਸ ਰਿਹਾ।
ਇਸ ਤੋਂ ਇਲਾਵਾ ਸ਼ਨੀਵਾਰ ਨੂੰ ਅੰਮ੍ਰਿਤਸਰ ਵਿੱਚ 35, ਲੁਧਿਆਣਾ ਵਿੱਚ 35.6, ਪਟਿਆਲਾ ਵਿੱਚ 35.7, ਪਠਾਨਕੋਟ ਵਿੱਚ 35.2, ਬਠਿੰਡਾ ਏਅਰਪੋਰਟ ’ਤੇ 37.2, ਗੁਰਦਾਸਪੁਰ ਵਿੱਚ 35, ਬੱਲੋਵਾਲ ਵਿੱਚ 34.3, ਬਰਨਾਲਾ ਵਿੱਚ 34.8, ਫਤਿਹਗੜ੍ਹ ਸਾਹਿਬ ਵਿੱਚ 34.7, ਫਿਰੋਜ਼ਪੁਰ ਵਿੱਚ 36.2, ਹੁਸ਼ਿਆਰਪੁਰ ਵਿੱਚ 34.7, ਮੁਹਾਲੀ ਤੇ ਰੂਪਨਗਰ ਵਿੱਚ 35.2 ਤੇ ਨਵਾਂਸ਼ਹਿਰ ਵਿੱਚ 33.2 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।